* ਔਰਤਾਂ ਪਾਣੀ ਦੀ ਕੀਮਤ ਚੰਗੀ ਤਰ੍ਹਾਂ ਜਾਣਦੀਆਂ ਹਨ
* ਜਿੰਨਾ ਮੀਂਹ ਦਾ ਪਾਣੀ ਸੰਭਾਲਿਆ ਜਾਵੇਗਾ, ਓਨੀ ਹੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ
ਨਵੀਂ ਦਿੱਲੀ, 22 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਣੀ ਦੀ ਸੰਭਾਲ ਲਈ ਅੱਜ ‘ਜਲ ਸ਼ਕਤੀ ਅਭਿਆਨ: ਕੈਚ ਦਿ ਰੇਨ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜ਼ੋਰ ਦਿੱਤਾ ਕਿ ਮਗਨਰੇਗਾ ਫੰਡਾਂ ਦਾ ਪੈਸਾ ਮੌਨਸੂਨ ਦੇ ਆਉਣ ਤੋਂ ਪਹਿਲਾਂ ਮੀਂਹ ਦੇ ਪਾਣੀ ਦੀ ਸੰਭਾਲ ਲਈ ਖ਼ਰਚਿਆ ਜਾਵੇ। ਵਿਸ਼ਵ ਜਲ ਦਿਵਸ ’ਤੇ ਮੁਹਿੰਮ ਦਾ ਵਰਚੁਅਲੀ ਆਗਾਜ਼ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਦੇਸ਼ ’ਚ ਮੀਂਹ ਦਾ ਬਹੁਤਾ ਪਾਣੀ ਬੇਕਾਰ ਚਲਾ ਜਾਂਦਾ ਹੈ। ਉਨ੍ਹਾਂ ਕਿਹਾ,‘‘ਜਿੰਨਾ ਮੀਂਹ ਦਾ ਪਾਣੀ ਸੰਭਾਲਿਆ ਜਾਵੇਗਾ, ਓਨੀ ਹੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ।’’ ਉਨ੍ਹਾਂ ਜਲ ਸੰਭਾਲ ਬਾਰੇ ਵਧੇਰੇ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ’ਚ ਲੋਕਾਂ ਦੀ ਭਾਈਵਾਲੀ ਵਧਾਈ ਜਾਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਜਲ ਸੰਭਾਲ ਦੀਆਂ ਕੋਸ਼ਿਸ਼ਾਂ ’ਚ ਔਰਤਾਂ ਨੂੰ ਸ਼ਾਮਲ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਜਲ ਦੀ ਕੀਮਤ ਨੂੰ ਚੰਗੀ ਤਰ੍ਹਾਂ ਨਾਲ ਸਮਝਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਦੀ ਸਫ਼ਲਤਾ ਬਹੁਤ ਅਹਿਮ ਹੈ ਅਤੇ ਜਲ ਸ਼ਕਤੀ ਅਭਿਆਨ ’ਚ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਂਦੇ 100 ਦਿਨ ਅਹਿਮ ਹਨ ਅਤੇ ਹਰੇਕ ਪਿੰਡ ’ਚ ਬਰਸਾਤੀ ਪਾਣੀ ਦੀ ਸੰਭਾਲ ਲਈ ਤਿਆਰੀਆਂ ਕਰਨੀਆਂ ਚਾਹੀਦੀਆਂ ਹਨ। ‘ਕੈਚ ਦਿ ਰੇਨ’ ਮੁਹਿੰਮ ਦੇਸ਼ ਭਰ ’ਚ 30 ਨਵੰਬਰ ਤੱਕ ਚਲਾਈ ਜਾਵੇਗੀ। ਸ੍ਰੀ ਮੋਦੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਹਰ ਖੇਤ ਕੋ ਪਾਨੀ, ਨਮਾਮੀ ਗੰਗੇ ਮਿਸ਼ਨ, ਜਲ ਜੀਵਨ ਮਿਸ਼ਨ ਜਾਂ ਅਟਲ ਭੂਜਲ ਯੋਜਨਾ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ। ਉਨ੍ਹਾਂ ਰਾਜਸਥਾਨ, ਉੱਤਰਾਖੰਡ, ਕਰਨਾਟਕ, ਮਹਾਰਾਸ਼ਟਰ ਅਤੇ ਗੁਜਰਾਤ ਦੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ। -ਪੀਟੀਆਈ