ਮੁੰਬਈ, 5 ਸਤੰਬਰ
ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਇੱਕ ‘ਚੌਲ’ ਦੇ ਪੁਨਰ ਵਿਕਾਸ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਵ ਸੈਨਾ ਸੰਸਦ ਮੈਂਬਰ ਸੰਜੈ ਰਾਊਤ ਦੀ ਨਿਆਂਇਕ ਹਿਰਾਸਤ 14 ਦਿਨ ਹੋਰ ਵਧਾ ਦਿੱਤੀ ਹੈ। ਰਾਊਤ (60) ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 1 ਅਗਸਤ ਨੂੰ ਕਾਲਾ ਧਨ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਉਪਨਗਰ ਗੋਰੇਗਾਂਉ ਵਿੱਚ ਪਾਤਰਾ ਚੌਲ ਦੇ ਪੁਨਰ ਵਿਕਾਸ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅੱਜ ਨਿਆਂਇਕ ਰਿਮਾਂਡ ਖਤਮ ਹੋਣ ’ਤੇ ਉਸ ਨੂੰ ਵਿਸ਼ੇਸ਼ ਪੀਐਮਐਲਏ ਜੱਜ ਐੱਮ.ਜੀ. ਦੇਸ਼ਪਾਂਡੇ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿੱਚ ਹੋਰ 14 ਦਿਨਾਂ ਦਾ ਵਾਧਾ ਕਰ ਦਿੱਤਾ। ਦੱਸਣਯੋਗ ਹੈ ਕਿ ਈਡੀ ਦੀ ਜਾਂਚ ਪਾਤਰਾ ‘ਚੌਲ’ ਦੇ ਪੁਨਰ ਵਿਕਾਸ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਅਤੇ ਰਾਊਤ ਦੀ ਪਤਨੀ ਅਤੇ ਸਹਿਯੋਗੀਆਂ ਨਾਲ ਸਬੰਧਤ ਵਿੱਤੀ ਲੈਣ-ਦੇਣ ਨਾਲ ਸਬੰਧਤ ਹੈ। -ਏਜੰਸੀ