DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮਨੀ ਲਾਂਡਰਿੰਗ: ED ਤੇ Punjab Police ’ਚ ਖੜਕੀ

ਦਸਤਾਵੇਜ਼ ਨਹੀਂ ਲੈ ਰਹੀ ਹੈ ਪੁਲੀਸ: ਈ ਡੀ

  • fb
  • twitter
  • whatsapp
  • whatsapp
Advertisement

ਪੰਜਾਬ ਵਿਧਾਨ ਸਭਾ ਚੋਣਾਂ ਜਦੋਂ ਹੁਣ ਬਰੂਹਾਂ ’ਤੇ ਹਨ ਤਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਅਤੇ ਪੰਜਾਬ ਪੁਲੀਸ ਦਰਮਿਆਨ ਖਿੱਚੋਤਾਣ ਤੇ ਟਕਰਾਅ ਵਧ ਗਿਆ ਹੈ। ਉਂਜ ਕਰੀਬ ਇੱਕ ਦਹਾਕੇ ਤੋਂ ਕੇਂਦਰੀ ਏਜੰਸੀ ਨੂੰ ਪੰਜਾਬ ਪੁਲੀਸ ਨਾਲ ਕਿਸੇ ਨਾ ਕਿਸੇ ਮਾਮਲੇ ’ਚ ਸ਼ਿਕਾਇਤ ਰਹੀ ਹੈ ਪਰ ਹੁਣ ਮਾਮਲਾ ਹਾਈ ਪ੍ਰੋਫਾਈਲ ਹੋਣ ਕਰ ਕੇ ਮੁੜ ਖੜਕ ਗਈ ਹੈ। ਆਮ ਆਦਮੀ ਪਾਰਟੀ ਨੇ ਈ ਡੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।

ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਭਲਕੇ ਇੱਕ ਮਾਮਲੇ ਦੀ ਸੁਣਵਾਈ ਹੈ ਜਿਸ ਤੋਂ ਪਹਿਲਾਂ ਪੁਲੀਸ ਨੇ ਐੱਫ ਆਈ ਆਰ ਦਰਜ ਕਰਨ ਤੋਂ ਪਾਸਾ ਵੱਟ ਲਿਆ ਹੈ। ਮਾਮਲਾ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਤੋਂ ਇਲਾਵਾ ਜ਼ਮੀਨੀ ਸੌਦਿਆਂ ਨਾਲ ਜੁੜੇ ਕੇਸ ਦਾ ਹੈ ਜਿਸ ਬਾਰੇ ਈ ਡੀ ਨੇ ਅਦਾਲਤੀ ਕੇਸ ਦੇ ਹਵਾਲੇ ਨਾਲ ਪੰਜਾਬ ਪੁਲੀਸ ਨੂੰ 3 ਸਤੰਬਰ ਤੋਂ ਪਹਿਲਾਂ ਕੇਸ ਦਰਜ ਕਰਨ ਲਈ ਕਿਹਾ ਸੀ।

Advertisement

ਈ ਡੀ ਨੇ ਦੋਸ਼ ਲਾਇਆ ਹੈ ਕਿ ਪੰਜਾਬ ਪੁਲੀਸ ਪੁਖ਼ਤਾ ਅਤੇ ਵਿਸਥਾਰਤ ਸਬੂਤ ਸਾਂਝੇ ਕਰਨ ਦੇ ਬਾਵਜੂਦ ਇਸ ਮਾਮਲੇ ’ਚ ਐੱਫ ਆਈ ਆਰ ਦਰਜ ਕਰਨ ਤੋਂ ਕਿਨਾਰਾ ਕਰ ਰਹੀ ਹੈ। ਈ ਡੀ ਨੇ ਬਿਆਨ ਜਾਰੀ ਕਰ ਕੇ ਦੱਸਿਆ ਕਿ ਪ੍ਰੀਵੈਨਸ਼ਨ ਆਫ਼ ਮਨੀ ਲਾਂਡਰਿੰਗ ਐਕਟ ਦੀ ਧਾਰਾ 66(2) ਅਧੀਨ 30 ਜੁਲਾਈ ਅਤੇ 7 ਅਗਸਤ 2026 ਨੂੰ ਪੰਜਾਬ ਦੇ ਡੀ ਜੀ ਪੀ ਨਾਲ ਅਧਿਕਾਰਤ ਤੌਰ ’ਤੇ ਸਾਰੇ ਸਬੂਤ ਸਾਂਝੇ ਕੀਤੇ ਜਾ ਚੁੱਕੇ ਹਨ।

Advertisement

ਏਜੰਸੀ ਮੁਤਾਬਕ ਇਕੱਤਰ ਜਾਣਕਾਰੀ ਤੋਂ ਪਤਾ ਲੱਗਦਾ ਹੈ ਕਿ ਕਿਵੇਂ ਵਿਚੋਲੇ ਨਿਤਿਨ ਗੋਹਲ ਨੇ ਪੁਲੀਸ ਬਦਲੀਆਂ ਦੀਆਂ ਅਰਜ਼ੀਆਂ ਇਕੱਠੀਆਂ ਕੀਤੀਆਂ, ਪਹਿਲਾਂ ਤੋਂ ਦਸਤਖ਼ਤ ਕੀਤੇ ਟਰਾਂਸਫ਼ਰ ਆਰਡਰ ਲੀਕ ਕੀਤੇ, ਹਵਾਲਾ ਰਕਮ ਦਾ ਵਟਾਂਦਰਾ ਕਰਵਾਇਆ, ਜ਼ਮੀਨੀ ਸੌਦੇ ਕੀਤੇ, ਯਾਤਰਾਵਾਂ ਅਤੇ ਹੋਟਲਾਂ ਦੇ ਖ਼ਰਚਿਆਂ ਲਈ ਨਕਦ ਭੁਗਤਾਨ ਦਾ ਪ੍ਰਬੰਧ ਕੀਤਾ।

ਸੰਘੀ ਏਜੰਸੀ ਨੇ ਕਿਹਾ ਕਿ ਵਾਰ-ਵਾਰ ਲਿਖਤੀ ਸੁਨੇਹੇ ਭੇਜਣ ਦੇ ਬਾਵਜੂਦ ਪੰਜਾਬ ਪੁਲੀਸ ਵੱਲੋਂ ਕੇਸ ਦਰਜ ਨਾ ਕਰਨਾ ਜ਼ਰੂਰੀ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਹੈ। ਈ ਡੀ ਨੇ ਇਹ ਗੰਭੀਰ ਦੋਸ਼ ਵੀ ਲਾਇਆ ਕਿ ਏਜੰਸੀ ਦਾ ਅਧਿਕਾਰੀ ਪਹਿਲੀ ਸਤੰਬਰ ਨੂੰ ਜਦੋਂ ਜਾਂਚ ਰਿਪੋਰਟਾਂ ਦਸਤੀ ਸੌਂਪਣ ਗਿਆ ਤਾਂ ਪੁਲੀਸ ਅਧਿਕਾਰੀਆਂ ਨੇ ਉਸ ਦੀ ਰਸੀਦ ਤੱਕ ਦੇਣ ਤੋਂ ਇਨਕਾਰ ਕਰ ਦਿੱਤਾ।

ਏਜੰਸੀ ਨੇ ਦੋਸ਼ ਲਗਾਏ ਹਨ ਕਿ ਉਨ੍ਹਾਂ ਦੇ ਅਧਿਕਾਰੀ ਨੂੰ ਸ਼ਾਮ ਪੰਜ ਵਜੇ ਤੱਕ ਪੁਲੀਸ ਨੇ ਦਫ਼ਤਰ ’ਚੋਂ ਜਾਣ ਨਾ ਦਿੱਤਾ ਜਿਸ ਮਗਰੋਂ ਈ ਡੀ ਨੂੰ ਇਹ ਸਾਰੇ ਦਸਤਾਵੇਜ਼ ਈਮੇਲ ਰਾਹੀਂ ਅਧਿਕਾਰਤ ਤੌਰ ’ਤੇ ਭੇਜਣੇ ਪਏ। ਚੇਤੇ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲੈ ਕੇ ਚੁੱਕੇ ਹਨ ਕਿ ‘ਈ ਡੀ ਪਾਰਟੀ’ ਸਾਜ਼ਿਸ਼ ਤਹਿਤ ਅਜਿਹਾ ਕਰ ਰਹੀ ਹੈ।

ਪਿਛਾਂਹ ਝਾਤ ਮਾਰੀਏ ਤਾਂ ਪਹਿਲਾਂ ਵੀ ਈ ਡੀ ਅਤੇ ਪੰਜਾਬ ਪੁਲੀਸ ਵਿਚਾਲੇ ਖੜਕਦੀ ਰਹੀ ਹੈ। ਸਾਲ 2013-14 ’ਚ ਜਗਦੀਸ਼ ਭੋਲਾ ਡਰੱਗ ਮਾਮਲੇ ’ਚ ਈ ਡੀ ਨੇ ਜਦੋਂ ਮਨੀ ਲਾਂਡਰਿੰਗ ਕੇਸ ’ਚ ਜਾਂਚ ਸ਼ੁਰੂ ਕੀਤੀ ਸੀ ਤਾਂ ਉਸ ਵਕਤ ਈ ਡੀ ਨੇ ਅਦਾਲਤਾਂ ’ਚ ਸ਼ਿਕਾਇਤ ਰੱਖੀ ਸੀ ਕਿ ਪੰਜਾਬ ਪੁਲੀਸ ਵੱਲੋਂ ਚਾਰਜਸ਼ੀਟ ਸਾਂਝੀ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਇਸੇ ਤਰ੍ਹਾਂ ਈ ਡੀ ਨੇ ਰੋਪੜ ਤੇ ਮੁਹਾਲੀ ’ਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ’ਚ ਜ਼ਮੀਨਾਂ ਜ਼ਬਤ ਕੀਤੀਆਂ ਸਨ ਅਤੇ ਉਨ੍ਹਾਂ ਜ਼ਮੀਨਾਂ ’ਤੇ ਮੁੜ ਗ਼ੈਰ-ਕਾਨੂੰਨੀ ਮਾਈਨਿੰਗ ਹੋਣ ਦੀ ਸ਼ਿਕਾਇਤ ਵੀ ਈ ਡੀ ਕਰ ਚੁੱਕੀ ਹੈ।

ਈ ਡੀ ਅਧਿਕਾਰੀਆਂ ਨੂੰ ਅੱਜ ਪੇਸ਼ ਹੋਣ ਲਈ ਕਿਹਾ

ਪੰਜਾਬ ਪੁਲੀਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਈ ਡੀ ਦੇ ਜਲੰਧਰ ਜ਼ੋਨਲ ਦਫ਼ਤਰ ਨੂੰ ਤਾਜ਼ਾ ਯਾਦ ਪੱਤਰ ਭੇਜ ਕੇ ਮਨੀ ਲਾਂਡਰਿੰਗ ਮਾਮਲੇ ’ਚ ਪੂਰੀ ਅਤੇ ਪੜ੍ਹਨਯੋਗ ਸਮੱਗਰੀ ਤੁਰੰਤ ਮੁਹੱਈਆ ਕਰਵਾਉਣ ਲਈ ਕਿਹਾ ਹੈ। ਈ ਡੀ ਦੇ ਅਧਿਕਾਰੀਆਂ ਨੂੰ 3 ਸਤੰਬਰ ਦੁਪਹਿਰ ਤਿੰਨ ਵਜੇ ਤੱਕ ਪੰਜਾਬ ਪੁਲੀਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਪੂਰੇ ਰਿਕਾਰਡ ਸਮੇਤ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲੀਸ ਮੁਤਾਬਕ ਈ ਡੀ ਵੱਲੋਂ ਭੇਜੀ ਗਈ ਜਾਣਕਾਰੀ ਅਧੂਰੀ ਅਤੇ ਅਸਪੱਸ਼ਟ ਸੀ, ਜਿਸ ਦੇ ਆਧਾਰ ’ਤੇ ਐੱਫ ਆਈ ਆਰ ਦਰਜ ਕਰਨ ਜਾਂ ਅੱਗੇ ਦੀ ਕਾਨੂੰਨੀ ਕਾਰਵਾਈ ਕਰਨਾ ਸੰਭਵ ਨਹੀਂ ਹੈ। ਪੁਲੀਸ ਨੇ ਇਹ ਵੀ ਦਾਅਵਾ ਕੀਤਾ ਕਿ ਪਹਿਲੀ ਸਤੰਬਰ ਨੂੰ ਈ ਡੀ ਦੇ ਕਿਸੇ ਵੀ ਜ਼ਿੰਮੇਵਾਰ ਅਧਿਕਾਰੀ ਨੇ ਨਿਰਧਾਰਤ ਸਮੇਂ ’ਤੇ ਹੈੱਡਕੁਆਰਟਰ ਪਹੁੰਚ ਕੇ ਕੇਸ ਦੇ ਤੱਥ ਸਾਂਝੇ ਨਹੀਂ ਕੀਤੇ ਅਤੇ ਦਫ਼ਤਰ ਆਇਆ ਇੱਕ ਕਰਮਚਾਰੀ ਕੇਸ ਦੇ ਤੱਥਾਂ ਤੋਂ ਅਣਜਾਣ ਸੀ ਅਤੇ ਬਾਅਦ ਵਿੱਚ ਉਹ ਬਿਨਾਂ ਦੱਸੇ ਚਲਾ ਗਿਆ।

Advertisement
×