ਮਨੀ ਲਾਂਡਰਿੰਗ: ਹਾਈ ਕੋਰਟ ਵੱਲੋਂ ਜੈਕਲੀਨ ਖ਼ਿਲਾਫ਼ ਐੱਫਆਈਆਰ ਰੱਦ ਕਰਨ ਤੋਂ ਇਨਕਾਰ
ਨਵੀਂ ਦਿੱਲੀ, 3 ਜੁਲਾਈ
ਦਿੱਲੀ ਹਾਈ ਕੋਰਟ ਨੇ ਅੱਜ ਬੌਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੇਜ਼ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿੱਚ ਉਸ ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੇ ਖ਼ਿਲਾਫ਼ ਦਰਜ ਐੱਫਆਈਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਜਸਟਿਸ ਅਨੀਸ਼ ਦਿਆਲ ਨੇ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਵਿੱਚ ਮਾਮਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਅਤੇ ਦਿੱਲੀ ਦੀ ਇਕ ਹੇਠਲੀ ਅਦਾਲਤ ਵਿੱਚ ਪੈਂਡਿੰਗ ਕਾਰਵਾਈ ਨੂੰ ਵੀ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ। ਈਡੀ ਦੇ ਵਕੀਲ ਨੇ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਇਕ ਵਿਸ਼ੇਸ਼ ਅਦਾਲਤ ਨੇ ਸਰਕਾਰੀ ਧਿਰ ਦੀ ਸ਼ਿਕਾਇਤ (ਦੋਸ਼ ਪੱਤਰ) ਦਾ ਨੋਟਿਸ ਲਿਆ ਹੈ। ਵਕੀਲ ਨੇ ਕਿਹਾ ਕਿ ਨੋਟਿਸ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਫਰਨਾਂਡੇਜ਼ ਚੰਦਰਸ਼ੇਖਰ ਖ਼ਿਲਾਫ਼ ਦਰਜ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਹੈ ਅਤੇ ਜਾਂਚ ਦੇ ਸਿਲਸਿਲੇ ਵਿੱਚ ਪੁੱਛ-ਪੜਤਾਲ ਲਈ ਈਡੀ ਦੇ ਸਾਹਮਣੇ ਪੇਸ਼ ਹੋਈ ਸੀ। -ਪੀਟੀਆਈ