ਮੌਨਸੂਨ ਇਜਲਾਸ: ਰਾਜ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ, ਲੋਕ ਸਭਾ ਦੀ ਕਾਰਵਾਈ ਜਾਰੀ
ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਖਿਲਾਫ਼ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਐਲਾਨ ਦਿੱਤੀ ਹੈ। ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਕਾਨੂੰਨਦਾਨ ਬੀ.ਵੀ. ਆਚਾਰੀਆ ਜਸਟਿਸ ਵਰਮਾ ਵਿਰੁੱਧ ਦੋਸ਼ਾਂ ਦੀ ਜਾਂਚ ਕਰਨਗੇ। ਸਪੀਕਰ ਓਮ ਬਿਰਲਾ ਨੇ ਮੰਗਲਵਾਰ ਨੂੰ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਖਿਲਾਫ ਮਹਾਦੋਸ਼ ਲਈ 146 ਸੰਸਦ ਮੈਂਬਰਾਂ ਵੱਲੋਂ ਦਸਤਖਤ ਕੀਤੇ ਗਏ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ।
ਦੂਜੇ ਪਾਸੇ ਵਿਰੋਧੀ ਧਿਰ ਦੇ ਵਿਰੋਧ ਦੇ ਚੱਲਦਿਆਂ ਰਾਜ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਸੰਸਦ ਦੇ ਉਪਰਲੇ ਸਦਨ ਨੂੰ ਦੁਪਹਿਰ 12 ਵਜੇ ਤੱਕ ਉਠਾ ਦਿੱਤਾ ਗਿਆ ਸੀ।
ਹੇਠਲਾ ਸਦਨ ਇਕ ਵਾਰ ਕਾਰਵਾਈ ਮੁਲਤਵੀ ਕੀਤੇ ਜਾਣ ਮਗਰੋਂ ਦੁਪਹਿਰ 12 ਵਜੇ ਮੁੜ ਜੁੜਿਆ ਤਾਂ ਸਪੀਕਰ ਓਮ ਬਿਰਲਾ ਨੇ ਸਦਨ ਨੂੰ ਸੰਬੋਧਨ ਕਰਦੇ ਹੋਏ ਜਸਟਿਸ ਵਰਮਾ ਖਿਲਾਫ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਐਲਾਨ ਕੀਤਾ। ਸਪੀਕਰ ਨੇ ਸਦਨ ਨੂੰ ਦੱਸਿਆ ਕਿ ਮਹਾਦੋਸ਼ ਦੀ ਤਜਵੀਜ਼ ਨੂੰ ਉਦੋਂ ਤੱਕ ਮੁਲਤਵੀ ਰੱਖਿਆ ਜਾਵੇਗਾ ਜਦੋਂ ਤੱਕ ਕਮੇਟੀ ਆਪਣੀ ਰਿਪੋਰਟ ਪੇਸ਼ ਨਹੀਂ ਕਰ ਦਿੰਦੀ। ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ਼੍ਰੀਵਾਸਤਵ ਅਤੇ ਕਰਨਾਟਕ ਹਾਈ ਕੋਰਟ ਦੇ ਕਾਨੂੰਨਦਾਨ ਬੀ.ਵੀ. ਆਚਾਰੀਆ ਜਸਟਿਸ ਵਰਮਾ ਵਿਰੁੱਧ ਦੋਸ਼ਾਂ ਦੀ ਜਾਂਚ ਕਰਨਗੇ। ਮੌਨਸੂਨ ਇਜਲਾਸ ਦੇ ਪਹਿਲੇ ਦਿਨ 21 ਜੁਲਾਈ ਨੂੰ ਕਈ ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ ਜਸਟਿਸ ਯਸ਼ਵੰਤ ਵਰਮਾ ਨੂੰ ਹਟਾਉਣ ਦੀ ਮੰਗ ਕੀਤੀ ਗਈ ਸੀ।
ਇਸ ਤੋਂ ਪਹਿਲਾਂ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (SIR) ਅਤੇ ਵੋਟਰ ਸੂਚੀਆਂ ਵਿੱਚ ਕਥਿਤ ਹੇਰਾਫੇਰੀ ਦੇ ਮੁੱਦੇ ’ਤੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਮੁੜ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਮੈਂਬਰਾਂ ਦੇ ਜ਼ੋਰਦਾਰ ਵਿਰੋਧ ਅਤੇ ਨਾਅਰੇਬਾਜ਼ੀ ਕਾਰਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਕਰੀਬ 8 ਮਿੰਟਾਂ ਬਾਅਦ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ (SIR) ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਕੀਤੇ ਗਏ ਹੰਗਾਮੇ ਕਾਰਨ ਪ੍ਰਸ਼ਨ ਕਾਲ ਨਹੀਂ ਹੋ ਸਕਿਆ ਅਤੇ ਕਾਰਵਾਈ ਸ਼ੁਰੂ ਹੋਣ ਤੋਂ ਅੱਠ ਮਿੰਟ ਬਾਅਦ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਦਨ ਵਿੱਚ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਹੀ, ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਮੈਂਬਰ ਬਿਹਾਰ ਵਿੱਚ SIR ਦੇ ਮੁੱਦੇ ’ਤੇ ਚਰਚਾ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕਰ ਰਹੇ ਹਨ। ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਦਨ ਵਿੱਚ ਕੰਮ ਕਰਨ ਦੇ ਨਿਯਮਾਂ ਅਤੇ ਰਵਾਇਤਾਂ ਤਹਿਤ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਦੇ ਅਧਿਕਾਰ ਖੇਤਰ ਨਾਲ ਸਬੰਧਤ ਵਿਸ਼ੇ ’ਤੇ ਲੋਕ ਸਭਾ ਵਿੱਚ ਚਰਚਾ ਨਹੀਂ ਕੀਤੀ ਜਾ ਸਕਦੀ।
ਵਿਰੋਧੀ ਧਿਰ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਸਰਕਾਰ ਨੂੰ ਚੋਣਾਂ ਵਿੱਚ ਧਾਂਦਲੀ ਦੇ ਵਿਆਪਕ ਮੁੱਦੇ ’ਤੇ ਚਰਚਾ ਕਰਨੀ ਚਾਹੀਦੀ ਹੈ ਕਿਉਂਕਿ ਇਸ ਵਿਸ਼ੇ ’ਤੇ ਪਹਿਲਾਂ ਵੀ ਸੰਸਦ ਵਿੱਚ ਚਰਚਾ ਹੋ ਚੁੱਕੀ ਹੈ। ਮੰਗਲਵਾਰ ਨੂੰ ਜਿਵੇਂ ਹੀ ਕਾਰਵਾਈ ਸ਼ੁਰੂ ਹੋਈ, ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਪ੍ਰਸ਼ਨ ਕਾਲ ਸ਼ੁਰੂ ਕੀਤਾ, ਜਦੋਂ ਕਿ ਵਿਰੋਧੀ ਧਿਰ ਦੇ ਸੰਸਦ ਮੈਂਬਰ ਆਪਣੀਆਂ ਥਾਵਾਂ ’ਤੇ ਖੜ੍ਹੇ ਹੋ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਨੇ ਰੌਲੇ-ਰੱਪੇ ਵਿਚਕਾਰ ਪ੍ਰਸ਼ਨ ਕਾਲ ਚਲਾਉਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਵਿਰੋਧੀ ਮੈਂਬਰਾਂ ਦੀ ਨਾਅਰੇਬਾਜ਼ੀ ਜਾਰੀ ਰਹੀ, ਤਾਂ ਉਨ੍ਹਾਂ ਨੇ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ।