Monsoon Session: ਲੋਕ ਸਭਾ ਪੂਰੇ ਦਿਨ ਲਈ ਮੁਲਤਵੀ, ਵਿਰੋਧੀ ਧਿਰਾਂ ਵੱਲੋਂ SIR ’ਤੇ ਹੰਗਾਮਾ ਵਿਰੋਧੀ ਧਿਰ SIR ਤੇ ਹੋਰਨਾਂ ਮੁੱਦਿਆਂ ’ਤੇ ਚਰਚਾ ਲਈ ਬਜ਼ਿੱਦ
ਬਿਹਾਰ ਵਿੱਚ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (SIR) ਅਤੇ ਹੋਰ ਮੁੱਦਿਆਂ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਗਏ ਸ਼ੋਰ-ਸ਼ਰਾਬੇ ਕਾਰਨ ਲੋਕ ਸਭਾ ਅੱਜ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਜਦੋਂ ਸਦਨ ਸਵੇਰੇ 11 ਵਜੇ ਸ਼ੁਰੂ ਹੋਇਆ, ਤਾਂ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰ ਆਪਣੀਆਂ ਸੀਟਾਂ ’ਤੇ ਖੜ੍ਹੇ ਹੋ ਗਏ ਤੇ ਨਾਅਰੇਬਾਜ਼ੀ ਕਰਨ ਲੱਗੇ। ਉਨ੍ਹਾਂ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ। ਵਿਰੋਧੀ ਧਿਰ ਬਿਹਾਰ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ SIR ਅਭਿਆਸ ’ਤੇ ਚਰਚਾ ਦੀ ਮੰਗ ਕਰ ਰਹੀ ਸੀ।
ਸਪੀਕਰ ਓਮ ਬਿਰਲਾ ਨੇ ਕਿਹਾ ਕਿ ਉਹ ਹਰ ਰੋਜ਼ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਵਿਰੋਧ ਕਰਨ ਵਾਲੇ ਮੈਂਬਰ ਯੋਜਨਾਬੱਧ ਢੰਗ ਨਾਲ ਸਦਨ ਦੀ ਕਾਰਵਾਈ ਵਿੱਚ ਅੜਿੱਕੇ ਪਾ ਰਹੇ ਹਨ। ਉਨ੍ਹਾਂ ਕਿਹਾ, ‘‘ਤੁਹਾਨੂੰ ਲੱਖਾਂ ਲੋਕਾਂ ਨੇ ਆਪਣੀਆਂ ਉਮੀਦਾਂ ਅਤੇ ਇੱਛਾਵਾਂ ਦੀ ਨੁਮਾਇੰਦਗੀ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਚੁਣਿਆ ਹੈ। ਪਰ ਤੁਹਾਨੂੰ ਸਦਨ ਨੂੰ ਸੁਚਾਰੂ ਢੰਗ ਨਾਲ ਚੱਲਣ ਦੇਣ ਵਿੱਚ ਕੋਈ ਦਿਲਚਸਪੀ ਨਹੀਂ ਹੈ। ਤੁਸੀਂ ਯੋਜਨਾਬੱਧ ਢੰਗ ਨਾਲ ਕਾਰਵਾਈ ਵਿੱਚ ਰੁਕਾਵਟ ਪਾ ਕੇ ਅਤੇ ਤਖ਼ਤੀਆਂ ਦਿਖਾ ਕੇ ਸਦਨ ਦੀ ਸ਼ਾਨ ਨੂੰ ਘਟਾ ਰਹੇ ਹੋ।’’
ਬਿਰਲਾ ਨੇ ਕਿਹਾ ਕਿ ਜੇਕਰ ਮੈਂਬਰਾਂ ਕੋਲ ਕੋਈ ਮੁੱਦਾ ਹੈ ਤਾਂ ਉਨ੍ਹਾਂ ਨੂੰ ਚਰਚਾ ਲਈ ਉਨ੍ਹਾਂ ਕੋਲ ਆਉਣਾ ਚਾਹੀਦਾ ਹੈ ਪਰ ਪ੍ਰਸ਼ਨ ਕਾਲ ਨੂੰ ਸੁਚਾਰੂ ਢੰਗ ਨਾਲ ਚੱਲਣ ਦੇਣਾ ਚਾਹੀਦਾ ਹੈ ਕਿਉਂਕਿ ਇਸ ਦੌਰਾਨ ਬਹੁਤ ਸਾਰੇ ਮਹੱਤਵਪੂਰਨ ਮੁੱਦੇ ਉਠਾਏ ਜਾਂਦੇ ਹਨ ਅਤੇ ਸਰਕਾਰ ਉਨ੍ਹਾਂ ਦਾ ਜਵਾਬ ਦਿੰਦੀ ਹੈ। ਉਨ੍ਹਾਂ ਕਿਹਾ, ‘‘ਮੈਂ ਤੁਹਾਨੂੰ ਸਾਰਿਆਂ ਨੂੰ ਆਪਣੇ ਮੁੱਦੇ ਉਠਾਉਣ ਲਈ ਕਾਫ਼ੀ ਸਮਾਂ ਦੇਵਾਂਗਾ ਜਿਵੇਂ ਮੈਂ ਪਹਿਲਾਂ ਕੀਤਾ ਸੀ, ਪਰ ਕ੍ਰਿਪਾ ਕਰਕੇ ਸਦਨ ਨੂੰ ਚੱਲਣ ਦਿਓ।’’ਵਿਰੋਧੀ ਧਿਰ ਨੇ ਸਪੀਕਰ ਦੀਆਂ ਬੇਨਤੀਆਂ ਨੂੰ ਅਣਡਿੱਠ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਸਦਨ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰਨ ਲਈ ਮਜਬੂਰ ਹੋਣਾ ਪਿਆ।
ਜਦੋਂ ਸਦਨ ਦੁਪਹਿਰ 2 ਵਜੇ ਸ਼ੁਰੂ ਹੋਇਆ ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰ, ਜਿਨ੍ਹਾਂ ਵਿੱਚ ਕਾਂਗਰਸ ਦੇ ਮੈਂਬਰ ਵੀ ਸ਼ਾਮਲ ਸਨ, ਤਖ਼ਤੀਆਂ ਫੜ੍ਹ ਕੇ ਨਾਅਰੇਬਾਜ਼ੀ ਕਰ ਰਹੇ ਸਨ। ਵਿਰੋਧੀ ਧਿਰ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਰਾਜ ਚੋਣਾਂ ਤੋਂ ਪਹਿਲਾਂ ਬਿਹਾਰ ਵਿੱਚ ਚੋਣ ਕਮਿਸ਼ਨ ਦੁਆਰਾ ਸ਼ੁਰੂ ਕੀਤੇ ਗਏ SIR ਅਭਿਆਸ 'ਤੇ ਚਰਚਾ ਦੀ ਮੰਗ ਕਰ ਰਹੀ ਹੈ। ਕਾਰਵਾਈ ਦੀ ਪ੍ਰਧਾਨਗੀ ਕਰ ਰਹੇ ਜਗਦੰਬਿਕਾ ਪਾਲ ਨੇ ਕਿਹਾ ਕਿ ਦੋ ਮੁੱਖ ਖੇਡ ਬਿੱਲ ਸੋਮਵਾਰ ਨੂੰ ਚਰਚਾ ਲਈ ਸੂਚੀਬੱਧ ਕੀਤੇ ਗਏ ਹਨ ਅਤੇ ਜੇਕਰ ਬਿੱਲਾਂ 'ਤੇ ਬਹਿਸ ਨਹੀਂ ਕੀਤੀ ਜਾਂਦੀ ਅਤੇ ਪਾਸ ਨਹੀਂ ਕੀਤਾ ਜਾਂਦਾ ਤਾਂ ਸਦਨ ਖਿਡਾਰੀਆਂ ਨਾਲ ਇਨਸਾਫ਼ ਨਹੀਂ ਕਰੇਗਾ।
ਮੁਲਤਵੀ ਹੋਣ ਤੋਂ ਪਹਿਲਾਂ ਚੇਅਰਮੈਨ ਨੇ ਵਿਰੋਧੀ ਮੈਂਬਰਾਂ ਨੂੰ ਯਾਦ ਦਿਵਾਇਆ ਕਿ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ, ਵਾਰ-ਵਾਰ ਵਿਘਨ ਪੈਣ ਕਾਰਨ ਸਦਨ ਵੱਲੋਂ ਇੱਕ ਵੀ ਬਿੱਲ ਪਾਸ ਨਹੀਂ ਕੀਤਾ ਗਿਆ ਹੈ।