ਨਵੀਂ ਦਿੱਲੀ, 25 ਜੁਲਾਈ
ਕਾਂਗਰਸ ਦੇ ਚਾਰ ਲੋਕ ਸਭਾ ਮੈਂਬਰਾਂ ਮਨੀਕਮ ਟੈਗੋਰ, ਜਿਓਤੀ ਮਣੀ, ਪੀਐੱਨ ਪ੍ਰਤਾਪ ਤੇ ਰਮਿਆ ਹਰੀਦਾਸ ਨੂੰ ਸਪੀਕਰ ਓਮ ਬਿਰਲਾ ਵੱਲੋਂ ਦਿੱਤੀ ਚਿਤਾਵਨੀ ਦੇ ਬਾਵਜੂਦ ਸਦਨ ਦੀ ਕਾਰਵਾਈ ਵਿੱਚ ਅੜਿੱਕਾ ਪਾਉਣ ਅਤੇ ਸਦਨ ਦੇ ਐਨ ਵਿਚਾਲੇ ਆ ਕੇ ਤਖਤੀਆਂ ਵਿਖਾਉਣ ਦੇ ਦੋਸ਼ ਵਿੱਚ ਮੌਨਸੂਨ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਚਾਰ ਕਾਂਗਰਸੀ ਮੈਂਬਰਾਂ ਨੂੰ ਮੁਅੱਤਲ ਕਰਨ ਲਈ ਮਤਾ ਪੇਸ਼ ਕੀਤਾ, ਜਿਸ ਨੂੰ ਸਦਨ ਨੇ ਧੁਨੀ ਵੋਟ ਨਾਲ ਪਾਸ ਕਰ ਦਿੱਤਾ। ਉਸ ਮੌਕੇ ਸਦਨ ਦੀ ਕਾਰਵਾਈ ਚਲਾ ਰਹੇ ਰਾਜੇਂਦਰ ਅਗਰਵਾਲ ਨੇ ਉਨ੍ਹਾਂ ਦੀ ਮੁਅੱਤਲੀ ਦਾ ਐਲਾਨ ਕੀਤਾ। ਮਗਰੋਂ ਉਨ੍ਹਾਂ ਸਦਨ ਦੀ ਕਾਰਵਾਈ ਨੂੰ ਦਿਨ ਭਰ ਲਈ ਮੁਲਤਵੀ ਕਰ ਦਿੱਤਾ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਹਲਫ਼ਦਾਰੀ ਸਮਾਗਮ ਕਰਕੇ ਅੱਜ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਲੋਕ ਸਭਾ ਜਿਵੇਂ ਹੀ 2 ਵਜੇ ਜੁੜੀ ਤਾਂ ਵਿਰੋਧੀ ਧਿਰਾਂ ਨੇ ਮਹਿੰਗਾਈ ਤੇ ਹੋਰਨਾਂ ਮੁੱਦਿਆਂ ’ਤੇ ਸਰਕਾਰ ਨੂੰ ਘੇਰਦਿਆਂ ਨਾਅਰੇਬਾਜ਼ੀ ਕੀਤੀ। ਰੌਲਾ-ਰੱਪਾ ਪੈਂਦਾ ਵੇਖ ਸਦਨ ਦੀ ਕਾਰਵਾਈ ਨੂੰ 3 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਜਦੋਂ ਮੁੜ ਜੁੜਿਆ ਤਾਂ ਵਿਰੋਧੀ ਧਿਰਾਂ ਮਹਿੰਗਾਈ ਤੇ ਹੋਰ ਮੁੱਦਿਆਂ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਬਜ਼ਿੱਦ ਰਹੀਆਂ। ਉਧਰ ਰਾਜ ਸਭਾ ਵਿੱਚ ਵੀ ਵਿਰੋਧੀ ਧਿਰਾਂ ਨੇ ਮਹਿੰਗਾਈ ਦੇ ਮੁੱਦੇ ’ਤੇ ਚਰਚਾ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਰੌਲਾ-ਰੱਪਾ ਨਾ ਰੁਕਿਆ ਤਾਂ ਸਦਨ ਦੇ ਚੇਅਰਮੈਨ ਨੇ ਕਾਰਵਾਈ ਸ਼ਾਮ 4 ਵਜੇ ਤੱਕ ਮੁਲਤਵੀ ਕਰ ਦਿੱਤੀ।