ਮੌਨਸੂਨ ਇਜਲਾਸ: ਲੋਕ ਸਭਾ ਪੰਜ ਵਜੇ ਤੱਕ ਮੁਲਤਵੀ; ਵਿਰੋਧੀ ਧਿਰਾਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ
SIR ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ’ਚ ਹੰਗਾਮਾ; ਰਾਜ ਸਭਾ ਵਿਚ ਆਈਆਈਐੱਮ (ਸੋਧ) ਬਿੱਲ ਪਾਸ
ਮੌਨਸੂਨ ਇਜਲਾਸ ਦੌਰਾਨ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (SIR) ਤੇ ਹੋਰਨਾਂ ਮੁੱਦਿਆਂ ’ਤੇ ਸੰਸਦ ਦੇ ਦੋਵਾਂ ਸਦਨਾਂ ਵਿਚ ਅੱਜ ਮੁੜ ਹੰਗਾਮਾ ਹੋਇਆ ਤੇ ਵਿਰੋਧੀ ਧਿਰਾਂ ਨੇ ਜਮ ਕੇ ਨਾਅਰੇਬਾਜ਼ੀ ਕੀਤੀ। ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਮਿੰਟਾਂ ਬਾਅਦ ਹੀ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ 12 ਵਜੇ ਮੁੜ ਜੁੜੀ ਤਾਂ ਵਿਰੋਧੀ ਧਿਰਾਂ ਵੱਲੋਂ ਹੰਗਾਮਾ ਜਾਰੀ ਰਿਹਾ, ਜਿਸ ਕਰਕੇ ਉਪਰਲੇ ਸਦਨ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਉਧਰ ਲੋਕ ਸਭਾ ਦੀ ਕਾਰਵਾਈ ਵੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਦੁਪਹਿਰ 2 ਵਜੇ ਰਾਜ ਸਭਾ ਮੁੜ ਜੁੜੀ ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰ ਇੱਕ ਵਾਰ ਫਿਰ ਸਦਨ ਦੇ ਐਨ ਵਿਚਕਾਰ ਆ ਗਏ। ਉਨ੍ਹਾਂ SIR ’ਤੇ ਬਹਿਸ ਦੀ ਮੰਗ ਕੀਤੀ ਕੇਂਦਰ ਸਰਕਾਰ ’ਤੇ ‘ਵੋਟ ਚੋਰੀ’ ਦਾ ਦੋਸ਼ ਲਾਇਆ। ਹਾਲਾਂਕਿ ਰੌਲੇ ਰੱਪੇ ਦਰਮਿਆਨ ਹੀ ਸਦਨ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਸੋਧ) ਬਿੱਲ, 2025 ਨੂੰ ਚੁੱਕਿਆ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰ ਵਾਕਆਊਟ ਕਰ ਗਏ ਹਾਲਾਂਕਿ ਸਦਨ ਦੀ ਕਾਰਵਾਈ ਜਾਰੀ ਰਹੀ।
ਰਾਜ ਸਭਾ ਨੇ ਗੁਹਾਟੀ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (IIM) ਸਥਾਪਤ ਕਰਨ ਲਈ ਬਿੱਲ ਪਾਸ ਕਰ ਦਿੱਤਾ, ਜਿਸ ਲਈ ਕੇਂਦਰ ਸਰਕਾਰ ਨੇ 550 ਕਰੋੜ ਰੁਪਏ ਦੀ ਪੂੰਜੀ ਸਹਾਇਤਾ ਪ੍ਰਦਾਨ ਕੀਤੀ। ਲੋਕ ਸਭਾ ਨੇ ਮੰਗਲਵਾਰ ਨੂੰ ਇਹ ਬਿੱਲ ਪਾਸ ਕਰ ਦਿੱਤਾ ਸੀ। ਰਾਜ ਸਭਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਸੋਧ) ਬਿੱਲ, 2025 ਪੇਸ਼ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਨੇ ਵਾਕਆਊਟ ਕੀਤਾ। ਬਿੱਲ 'ਤੇ ਚਰਚਾ ਦਾ ਜਵਾਬ ਦਿੰਦੇ ਹੋਏ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਇਹ ਪਿਛਲੇ 10 ਸਾਲਾਂ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਅਧੀਨ ਸਥਾਪਿਤ ਹੋਣ ਵਾਲਾ 9ਵਾਂ IIM ਹੋਵੇਗਾ। ਮੰਤਰੀ ਨੇ ਕਿਹਾ, ‘‘ਦੇਸ਼ ਦਾ 21ਵਾਂ IIM ਗੁਹਾਟੀ ਵਿੱਚ 550 ਕਰੋੜ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾਵੇਗਾ।’’
ਉਧਰ ਲੋਕ ਸਭਾ ਦੁਪਹਿਰ 2 ਵਜੇ ਮੁੜ ਜੁੜੀ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ, ਮੁੱਖ ਮੰਤਰੀ ਅਤੇ ਰਾਜ ਮੰਤਰੀਆਂ ਨੂੰ ਗੰਭੀਰ ਅਪਰਾਧਿਕ ਅਪਰਾਧਾਂ ਲਈ ਲਗਾਤਾਰ 30 ਦਿਨਾਂ ਲਈ ਗ੍ਰਿਫ਼ਤਾਰ ਅਤੇ ਹਿਰਾਸਤ ਵਿੱਚ ਰੱਖਣ ਦੀ ਸੂਰਤ ਵਿੱਚ ਅਹੁਦੇ ਤੋਂ ਹਟਾਉਣ ਲਈ ਇੱਕ ਕਾਨੂੰਨੀ ਢਾਂਚਾ ਬਣਾਉਣ ਸਬੰਧੀ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਹੈ। ਸ਼ਾਹ ਜਿਵੇਂ ਹੀ ਸੰਵਿਧਾਨ 130ਵਾਂ ਸੋਧ ਬਿੱਲ ਪੇਸ਼ ਕਰਨ ਲਈ ਉੱਠੇ ਤਾਂ ਹੇਠਲੇ ਸਦਨ ਵਿੱਚ ਬੇਮਿਸਾਲ ਹੰਗਾਮਾ ਦੇਖਣ ਨੂੰ ਮਿਲਿਆ। ਜਿਵੇਂ ਹੀ ਸ਼ਾਹ ਬਿੱਲ ਪੇਸ਼ ਕਰਨ ਲਈ ਉੱਠੇ, ਤ੍ਰਿਣਮੂਲ ਕਾਂਗਰਸ ਪਾਰਟੀ ਦੇ ਨੇਤਾ ਕਲਿਆਣ ਬੈਨਰਜੀ ਦੀ ਅਗਵਾਈ ਹੇਠ ਵਿਰੋਧੀ ਸੰਸਦ ਮੈਂਬਰ ਸਦਨ ਦੇ ਐਨ ਵਿਚਾਲੇ ਆ ਗਏ, ਉਨ੍ਹਾਂ ਬਿੱਲਾਂ ਨੂੰ ਪਾੜ ਦਿੱਤਾ ਅਤੇ ਬਿੱਲ ਦੀਆਂ ਕਾਪੀਆਂ ਸ਼ਾਹ ਦੇ ਮੂੰਹ ’ਤੇ ਸੁੱਟ ਦਿੱਤੀਆਂ। ਚੇਅਰਪਰਸਨ ਅਤੇ ਪ੍ਰੀਜ਼ਾਈਡਿੰਗ ਅਫਸਰ ਨੇ ਤੁਰੰਤ ਸਦਨ ਨੂੰ ਦੁਪਹਿਰ 3 ਵਜੇ ਤੱਕ ਮੁਲਤਵੀ ਕਰ ਦਿੱਤਾ। ਤਿੰਨ ਵਜੇ ਸਦਨ ਮੁੜ ਜੁੜਿਆ ਤਾਂ ਵਿਰੋਧੀ ਧਿਰਾਂ ਦਾ ਹੰਗਾਮਾ ਜਾਰੀ ਰਿਹਾ ਤੇ ਸਦਨ ਦੀ ਕਾਰਵਾਈ 5 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਇਸ ਤੋਂ ਪਹਿਲਾਂ ਬਿਹਾਰ ਵਿੱਚ SIR ਦੇ ਮੁੱਦੇ ’ਤੇ ਬੁੱਧਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਕਾਫ਼ੀ ਹੰਗਾਮਾ ਹੋਇਆ। ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਕਰਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਮੈਂਬਰ ਆਪਣੀਆਂ ਥਾਵਾਂ ’ਤੇ ਖੜ੍ਹੇ ਹੋ ਗਏ ਅਤੇ ਰੌਲਾ ਪਾਉਣ ਲੱਗ ਪਏ। ਵਧਦੇ ਹੰਗਾਮੇ ਨੂੰ ਦੇਖਦੇ ਹੋਏ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਪਲ ਬਾਅਦ ਹੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰਨੀ ਪਈ।
ਰਾਜ ਸਭਾ ਵਿੱਚ ਵੀ ਸਥਿਤੀ ਵੱਖਰੀ ਨਹੀਂ ਸੀ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਕਰੀਬ ਦਸ ਮਿੰਟ ਬਾਅਦ, ਵਿਰੋਧੀ ਧਿਰ ਦੇ ਮੈਂਬਰਾਂ ਨੇ ਵੋਟਰ ਸੂਚੀ ਸੋਧ ਅਤੇ ਹੋਰ ਮੁੱਦਿਆਂ ’ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਚੇਅਰਮੈਨ ਨੇ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ। ਸੰਸਦ ਵਿੱਚ ਬਣੇ ਜਮੂਦ ਕਰਕੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਨਹੀਂ ਹੋ ਸਕੀ।