ਮੌਨਸੂਨ ਇਜਲਾਸ: ਲੋਕ ਸਭਾ ਤੇ ਰਾਜ ਸਭਾ 2 ਵਜੇ ਤੱਕ ਮੁਲਤਵੀ
ਮੌਨਸੂਨ ਇਜਲਾਸ ਦੌਰਾਨ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ (SIR) ਤੇ ਹੋਰਨਾਂ ਮੁੱਦਿਆਂ ’ਤੇ ਸੰਸਦ ਦੇ ਦੋਵਾਂ ਸਦਨਾਂ ਵਿਚ ਅੱਜ ਮੁੜ ਹੰਗਾਮਾ ਹੋਇਆ ਤੇ ਵਿਰੋਧੀ ਧਿਰਾਂ ਨੇ ਜਮ ਕੇ ਨਾਅਰੇਬਾਜ਼ੀ ਕੀਤੀ। ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਮਿੰਟਾਂ ਬਾਅਦ ਹੀ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ 12 ਵਜੇ ਮੁੜ ਜੁੜੀ ਤਾਂ ਵਿਰੋਧੀ ਧਿਰਾਂ ਵੱਲੋਂ ਹੰਗਾਮਾ ਜਾਰੀ ਰਿਹਾ, ਜਿਸ ਕਰਕੇ ਉਪਰਲੇ ਸਦਨ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਉਧਰ ਲੋਕ ਸਭਾ ਦੀ ਕਾਰਵਾਈ ਵੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬਿਹਾਰ ਵਿੱਚ SIR ਦੇ ਮੁੱਦੇ ’ਤੇ ਬੁੱਧਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਕਾਫ਼ੀ ਹੰਗਾਮਾ ਹੋਇਆ। ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਨਾਅਰੇਬਾਜ਼ੀ ਕਰਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ।
ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਮੈਂਬਰ ਆਪਣੀਆਂ ਥਾਵਾਂ ’ਤੇ ਖੜ੍ਹੇ ਹੋ ਗਏ ਅਤੇ ਰੌਲਾ ਪਾਉਣ ਲੱਗ ਪਏ। ਵਧਦੇ ਹੰਗਾਮੇ ਨੂੰ ਦੇਖਦੇ ਹੋਏ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਪਲ ਬਾਅਦ ਹੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰਨੀ ਪਈ।
ਰਾਜ ਸਭਾ ਵਿੱਚ ਵੀ ਸਥਿਤੀ ਵੱਖਰੀ ਨਹੀਂ ਸੀ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਕਰੀਬ ਦਸ ਮਿੰਟ ਬਾਅਦ, ਵਿਰੋਧੀ ਧਿਰ ਦੇ ਮੈਂਬਰਾਂ ਨੇ ਵੋਟਰ ਸੂਚੀ ਸੋਧ ਅਤੇ ਹੋਰ ਮੁੱਦਿਆਂ ’ਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਚੇਅਰਮੈਨ ਨੇ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ। ਸੰਸਦ ਵਿੱਚ ਬਣੇ ਜਮੂਦ ਕਰਕੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਨਹੀਂ ਹੋ ਸਕੀ।