ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 5 ਸਤੰਬਰ
ਖੇਤੀ ਖੇਤਰ ਨੂੰ ਕਾਰਪੋਰੇਟਾਂ ਤੋਂ ਬਚਾਉਣ ਦੇ ਅਹਿਦ ਨਾਲ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਵਿੱਚ ਕਿਸਾਨ ਮਹਾਂਪੰਚਾਇਤ ਕੀਤੀ ਗਈ। ਮਹਾਪੰਚਾਇਤ ਵਿੱਚ 15 ਰਾਜਾਂ ਦੀਆਂ 300 ਤੋਂ ਵੱਧ ਕਿਸਾਨ ਯੂਨੀਅਨਾਂ ਨੇ ਸ਼ਮੂਲੀਅਤ ਕੀਤੀ। ਕਿਸਾਨਾਂ ਨੇ ਅਹਿਦ ਲਿਆ ਕਿ ਉਹ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਅੰਦੋਲਨ ਜਾਰੀ ਰੱਖਣਗੇ। ਕਿਸਾਨ ਆਗੂਆਂ ਨੇ ਮੰਚ ਤੋਂ ਯੂਪੀ ਦੀ ਯੋਗੀ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਪਿਛਲੇ ਨੌਂ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਖੇਤੀ ਕਾਨੂੰਨਾਂ ਦੀ ਵਾਪਸੀ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਬੈਠੇ ਕਿਸਾਨਾਂ ਨੂੰ ਜੇਕਰ ਨਿਆਂ ਨਾ ਮਿਲਿਆ ਤਾਂ ਉਹ ਪੱਛਮੀ ਬੰਗਾਲ ਦੀ ਤਰਜ਼ ’ਤੇ ਅਗਾਮੀ ਯੂਪੀ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ‘ਵੋਟ ਦੀ ਚੋਟ’ ਦੇਣਗੇ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਮਹਾਪੰਚਾਇਤ ’ਚ ਕਿਹਾ, ‘‘ਦਿੱਲੀ ਬਾਰਡਰਾਂ ’ਤੇ ਮੋਰਚਾ ਉੱਦੋਂ ਤੱਕ ਚਲੇਗਾ ਜਦੋਂ ਤੱਕ ਕਿ ਕੇਂਦਰ ਸਰਕਾਰ ਮੰਗਾਂ ਨਹੀਂ ਮੰਨ ਲੈਂਦੀ, ਚਾਹੇ ਫਿਰ ਕਿਸਾਨਾਂ ਦੇ ਉੱਥੇ ਹੀ ਸ਼ਮਸ਼ਾਨਘਾਟ ਬਣ ਜਾਣ। ਆਪਣੀਆਂ ਜਾਨਾਂ ਦੇ ਦਿਆਂਗੇ, ਪਰ ਜਿੱਤਣ ਤੋਂ ਬਿਨਾਂ ਪ੍ਰਦਰਸ਼ਨਾਂ ਵਾਲੀਆਂ ਥਾਵਾਂ ਨਹੀਂ ਛੱਡਾਂਗੇ।’’