DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ਿਆਂ ਖ਼ਿਲਾਫ਼ ਲੜਨ ਵਾਲੇ Parvinder Singh Jhotta ਦੀ ਹੱਤਿਆ

ਮੈਡੀਕਲ ਸਟੋਰ ਮਾਲਕ ਨੇ ਸ਼ਰੇਆਮ ਗੋਲੀਆਂ ਚਲਾਈਆਂ; ਪਰਵਿੰਦਰ ਦੇ ਚਾਰ ਸਾਥੀ ਵੀ ਜ਼ਖ਼ਮੀ

  • fb
  • twitter
  • whatsapp
  • whatsapp
Advertisement

ਇੱਥੇ ਨਸ਼ਿਆਂ ਖ਼ਿਲਾਫ਼ ਲੜਨ ਵਾਲੀ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨੇ ਅੱਜ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਹਮਲੇ ਵਿੱਚ ਝੋਟੇ ਦੇ ਚਾਰ ਸਾਥੀ ਵੀ ਜ਼ਖ਼ਮੀ ਹੋ ਗਏ। ਘਟਨਾ ਮਗਰੋਂ ਸ਼ਹਿਰ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਅਤੇ ਰੋਹ ਵਿੱਚ ਆਏ ਲੋਕਾਂ ਨੇ ਮੁਲਜ਼ਮ ਦੀ ਦੁਕਾਨ ਦੀ ਭੰਨ-ਤੋੜ ਕਰ ਕੇ ਬਾਜ਼ਾਰ ਬੰਦ ਕਰਵਾ ਦਿੱਤਾ। ਪੁਲੀਸ ਨੇ ਮੁਲਜ਼ਮ ਅਸ਼ਵਨੀ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਪਰਵਿੰਦਰ ਝੋਟਾ ਲੰਮੇ ਸਮੇਂ ਤੋਂ ਸ਼ਹਿਰ ਵਿੱਚ ਨਸ਼ਾ ਵਿਕਣ ਦਾ ਵਿਰੋਧ ਕਰ ਰਿਹਾ ਸੀ। ਅੱਜ ਸਵੇਰੇ ਉਹ ਆਪਣੇ ਸਾਥੀਆਂ ਨਾਲ ਰੇਲਵੇ ਫਾਟਕ ਕੋਲ ਸਥਿਤ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ’ਤੇ ਪਹੁੰਚਿਆ। ਉੱਥੇ ਉਸ ਨੇ ਅਸ਼ਵਨੀ ’ਤੇ ਨਸ਼ੇ ਦੀਆਂ ਗੋਲੀਆਂ ਵੇਚਣ ਦੇ ਦੋਸ਼ ਲਾਏ, ਜਿਸ ਮਗਰੋਂ ਉਨ੍ਹਾਂ ਵਿਚਾਲੇ ਬਹਿਸ ਹੋ ਗਈ। ਇਸ ਦੌਰਾਨ ਅਸ਼ਵਨੀ ਨੇ ਪਹਿਲਾਂ ਉਸ ’ਤੇ ਪਿਸਤੌਲ ਤਾਣੀ ਅਤੇ ਫਿਰ ਗੋਲੀਆਂ ਚਲਾ ਦਿੱਤੀਆਂ। ਪਰਵਿੰਦਰ ਉੱਥੋਂ ਭੱਜਿਆ ਤਾਂ ਮੁਲਜ਼ਮ ਨੇ ਪਿੱਛਾ ਕਰਦਿਆਂ ਮੁੜ ਗੋਲੀਆਂ ਚਲਾਈਆਂ। ਮਗਰੋਂ ਉਹ ਬੂਟਾਂ ਦੀ ਦੁਕਾਨ ’ਚ ਖ਼ੂਨ ਨਾਲ ਲੱਥਪੱਥ ਹੋ ਕੇ ਡਿੱਗ ਪਿਆ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।

Advertisement

ਵਾਰਦਾਤ ਵਿੱਚ ਉਸ ਦੇ ਸਾਥੀ ਬਲਤੇਜ ਸਿੰਘ (65), ਕੁਲਵਿੰਦਰ ਸਿੰਘ (42), ਹੈਪੀ ਸਿੰਘ (24) ਅਤੇ ਗੋਬਿੰਦ ਸਿੰਘ (30) ਵੀ ਜ਼ਖ਼ਮੀ ਹੋਏ, ਜਿਨ੍ਹਾਂ ’ਚੋਂ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਥਾਣਾ ਸਿਟੀ-2 ਦੀ ਪੁਲੀਸ ਨੇ ਅਸ਼ਵਨੀ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਭਜਾਉਣ ਵਾਲੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਮੁਲਜ਼ਮ ਦੇ ਪਰਿਵਾਰ ਨੂੰ ਵੀ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Advertisement

ਇਸ ਕਤਲ ਦੀ ਖ਼ਬਰ ਫੈਲਦਿਆਂ ਹੀ ਮਾਨਸਾ ਮੁਕੰਮਲ ਤੌਰ ’ਤੇ ਬੰਦ ਹੋ ਗਿਆ ਅਤੇ ਸਕੂਲਾਂ ਵਿੱਚ ਵੀ ਸਮੇਂ ਤੋਂ ਪਹਿਲਾਂ ਛੁੱਟੀ ਕਰ ਦਿੱਤੀ ਗਈ। ਸਿੱਧੂ ਮੂਸੇਵਾਲਾ ਦੀ ਹੱਤਿਆ ਮਗਰੋਂ ਇਹ ਦੂਜੀ ਵਾਰ ਹੈ ਜਦੋਂ ਸ਼ਹਿਰ ਵਿੱਚ ਇੰਨਾ ਵੱਡਾ ਰੋਸ ਦੇਖਣ ਨੂੰ ਮਿਲਿਆ। ਗੁੱਸੇ ਵਿੱਚ ਆਏ ਲੋਕਾਂ ਨੇ ਡੀ ਸੀ ਰਿਹਾਇਸ਼ ਕੋਲ ਸਿਰਸਾ-ਲੁਧਿਆਣਾ ਮੁੱਖ ਮਾਰਗ ’ਤੇ ਜਾਮ ਲਾ ਦਿੱਤਾ, ਮੁੱਖ ਮੰਤਰੀ ਦੇ ਬੋਰਡ ਪਾੜ ਦਿੱਤੇ ਅਤੇ ਮੌਕੇ ’ਤੇ ਪੁੱਜੀ ਫਾਇਰ ਬ੍ਰਿਗੇਡ ਦੀ ਗੱਡੀ ਦਾ ਵੀ ਨੁਕਸਾਨ ਕੀਤਾ। ਹਸਪਤਾਲ ਦੇ ਮੁਰਦਾਘਰ ਬਾਹਰ ਡੀ ਆਈ ਜੀ ਹਰਜੀਤ ਸਿੰਘ ਅਤੇ ਐੱਸ ਐੱਸ ਪੀ ਵੈਭਵ ਚੌਧਰੀ ਸਮੇਤ ਹੋਰ ਪੁਲੀਸ ਅਧਿਕਾਰੀਆਂ ਦੀ ਲੋਕਾਂ ਨਾਲ ਧੱਕਾ-ਮੁੱਕੀ ਹੋਈ। ਇਸ ਦੌਰਾਨ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਵੀ ਹਸਪਤਾਲ ਦੇ ਬਾਹਰ ਪੁਲੀਸ ਨਾਲ ਬਹਿਸ ਹੋਈ। ਪੁਲੀਸ ਨੇ ਜਦੋਂ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਤਾਂ ਉਹ ਮੁੱਖ ਗੇਟ ਟੱਪ ਕੇ ਅੰਦਰ ਦਾਖ਼ਲ ਹੋਏ ਅਤੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਘੇਰਦਿਆਂ ਸਵਾਲ ਕੀਤਾ ਕਿ ਮੁੱਖ ਮੰਤਰੀ ਕੋਲ ਗ੍ਰਹਿ ਮੰਤਰਾਲਾ ਹੋਣ ਦੇ ਬਾਵਜੂਦ ਪੰਜਾਬ ਸੁਰੱਖਿਅਤ ਕਿਉਂ ਨਹੀਂ ਹੈ।

ਇਸ ਮੌਕੇ ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਲੱਖਾ ਸਿਧਾਣਾ ਅਤੇ ਭਾਨਾ ਸਿੱਧੂ ਸਮੇਤ ਕਈ ਆਗੂਆਂ ਨੇ ਪੰਜਾਬ ਦੇ ਵਿਗੜੇ ਹਾਲਾਤ ਲਈ ਮੁੱਖ ਮੰਤਰੀ ਦੇ ਅਸਤੀਫ਼ੇ ਅਤੇ ਡੀ ਜੀ ਪੀ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ। ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵੀ ਇਸ ਹੱਤਿਆ ਦੀ ਸਖ਼ਤ ਨਿਖੇਧੀ ਕਰਦਿਆਂ ਪਰਵਿੰਦਰ ਨੂੰ ਨਸ਼ਾ ਵਿਰੋਧੀ ਲਹਿਰ ਦਾ ਸ਼ਹੀਦ ਕਰਾਰ ਦਿੱਤਾ।

ਮੁਜ਼ਾਹਰਾਕਾਰੀਆਂ ਦੇ ਰੋਹ ਵਿਚਾਲੇ ਪਰਵਿੰਦਰ ਝੋਟੇ ਦੇ ਪਿਤਾ ਫ਼ੌਜੀ ਭੀਮ ਸਿੰਘ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ ਇਨਸਾਫ਼ ਮਿਲਣ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਮੁਸਲਿਮ ਫਰੰਟ ਪੰਜਾਬ ਦੇ ਸਟੇਟ ਚੇਅਰਮੈਨ ਡਾ. ਫ਼ਕੀਰ ਮੁਹੰਮਦ, ਸਟੇਟ ਪ੍ਰਧਾਨ ਐੱਚ ਆਰ ਮੋਫ਼ਰ, ਚਮਕੌਰ ਸਿੰਘ ਸਿੱਧੂ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਤੇ ਹੋਰ ਵੀ ਹਾਜ਼ਰ ਸਨ।

ਐਕਸ਼ਨ ਕਮੇਟੀ ਵੱਲੋਂ ਭਲਕੇ ਪੰਜਾਬ ਬੰਦ ਦਾ ਸੱਦਾ

ਹੱਤਿਆ ਦੇ ਮਾਮਲੇ ਵਿੱਚ ਬਣਾਈ ਗਈ ਐਕਸ਼ਨ ਕਮੇਟੀ ਨੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਮੇਟੀ ਨੇ ਦੋਸ਼ ਲਾਇਆ ਕਿ ਇਹ ਵਾਰਦਾਤ ਨਸ਼ਾ ਤਸਕਰਾਂ ਅਤੇ ਪੁਲੀਸ ਦੇ ਗੱਠਜੋੜ ਦਾ ਨਤੀਜਾ ਹੈ, ਇਸ ਲਈ ਮਾਮਲੇ ਦੀ ਸੀ ਬੀ ਆਈ ਤੋਂ ਜਾਂਚ ਕਰਵਾਈ ਜਾਵੇ। ਆਗੂਆਂ ਨੇ ਲਾਸ਼ ਦਾ ਪੋਸਟਮਾਰਟਮ ਪੀ ਜੀ ਆਈ ਤੋਂ ਕਰਵਾਉਣ, ਜ਼ਿਲ੍ਹੇ ਦੇ ਪੁਲੀਸ ਤੇ ਸਿਹਤ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਵਾਰਦਾਤ ਵੇਲੇ ਮੁਲਜ਼ਮ ਵੱਲੋਂ ਫੋਨ ’ਤੇ ਕੀਤੀ ਜਾ ਰਹੀ ਗੱਲਬਾਤ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਮੰਚ ਤੋਂ ਲੱਖਾ ਸਿਧਾਣਾ ਨੇ ਐਲਾਨ ਕੀਤਾ ਕਿ ਮੰਗਾਂ ਪੂਰੀਆਂ ਹੋਣ ਤੱਕ ਸਿਰਸਾ-ਲੁਧਿਆਣਾ ਮੁੱਖ ਮਾਰਗ ’ਤੇ ਦਿਨ-ਰਾਤ ਦਾ ਪੱਕਾ ਮੋਰਚਾ ਜਾਰੀ ਰਹੇਗਾ ਅਤੇ ਸਸਕਾਰ ਨਹੀਂ ਕੀਤਾ ਜਾਵੇਗਾ।

ਪੁਲੀਸ ਵੱਲੋਂ ਹੱਤਿਆ ਪਿੱਛੇ ਨਿੱਜੀ ਰੰਜਿਸ਼ ਦਾ ਦਾਅਵਾ

ਬਠਿੰਡਾ ਰੇਂਜ ਦੇ ਡੀ ਆਈ ਜੀ ਹਰਜੀਤ ਸਿੰਘ ਨੇ ਮੁੱਢਲੀ ਜਾਂਚ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਪਰਵਿੰਦਰ ਝੋਟੇ ਦੀ ਹੱਤਿਆ ਪਿੱਛੇ ਨਿੱਜੀ ਰੰਜਿਸ਼ ਹੋ ਸਕਦੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਪੁਲੀਸ ਦੇ ਇਨ੍ਹਾਂ ਮੁੱਢਲੇ ਤੱਥਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਿੱਜੀ ਵਿਵਾਦ ਭਾਵੇਂ ਕੁਝ ਵੀ ਹੋਵੇ, ਪਰ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦਾ ਹੱਕ ਨਹੀਂ ਹੈ।

ਜਥੇਦਾਰ ਅਤੇ ਧਾਮੀ ਨੇ ਚਿੰਤਾ ਜਤਾਈ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ’ਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਧਾਮੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਨੌਜਵਾਨ ਦੀ ਸ਼ਰੇਆਮ ਹੱਤਿਆ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਬਾਰੇ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਜਥੇਦਾਰ ਗੜਗੱਜ ਨੇ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਮਾਮਲਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਉਹ ਜਲਦੀ ਹੀ ਮਾਨਸਾ ਜਾ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ।

ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਮਹਿਜ਼ ਦਿਖਾਵਾ: ਚੰਨੀ

ਮੋਰਿੰਡਾ (ਸੰਜੀਵ ਤੇਜਪਾਲ): ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਨਿਖੇਧੀ ਕਰਦਿਆਂ ‘ਆਪ’ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਮਹਿਜ਼ ਦਿਖਾਵਾ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਨਜਿੱਠਣ ਵਿੱਚ ਨਾਕਾਮ ਰਹੀ ਹੈ। ਝੋਟੇ ਦੀ ਹੱਤਿਆ ਨੇ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪਰਿਵਾਰ ਵੱਲੋਂ ਇਨਸਾਫ਼ ਮਿਲਣ ਤੱਕ ਸਸਕਾਰ ਨਾ ਕਰਨ ਦੇ ਫ਼ੈਸਲੇ ਦਾ ਸਮਰਥਨ ਕਰਦਿਆਂ ਚੰਨੀ ਨੇ ਭਲਕੇ ਪੀੜਤ ਪਰਿਵਾਰ ਨੂੰ ਮਿਲਣ ਅਤੇ ਇਨਸਾਫ਼ ਤੱਕ ਨਾਲ ਖੜ੍ਹਨ ਦਾ ਐਲਾਨ ਕੀਤਾ।

ਬਸਪਾ ਵੱਲੋਂ ਪੁਲੀਸ ਅਧਿਕਾਰੀ ਮੁਅੱਤਲ ਕਰਨ ਦੀ ਮੰਗ

ਲਾਲੜੂ (ਸਰਬਜੀਤ ਸਿੰਘ ਭੱਟੀ): ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਪਰਵਿੰਦਰ ਝੋਟੇ ਦੀ ਹੱਤਿਆ ’ਤੇ ਦੁੱਖ ਪ੍ਰਗਟਾਉਂਦਿਆਂ ਪੰਜਾਬ ਸਰਕਾਰ ਅਤੇ ਪੁਲੀਸ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪਰਵਿੰਦਰ ਨਸ਼ਾ ਤਸਕਰਾਂ ਖ਼ਿਲਾਫ਼ ਲੜਦਿਆਂ ਆਪਣੀ ਸੁਰੱਖਿਆ ਦਾ ਮੁੱਦਾ ਵੀ ਉਠਾ ਚੁੱਕਿਆ ਸੀ। ਉਨ੍ਹਾਂ ‘ਆਪ’ ਸਰਕਾਰ ਨੂੰ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਫੇਲ੍ਹ ਦੱਸਦਿਆਂ ਮੰਗ ਕੀਤੀ ਕਿ ਮਾਨਸਾ ਦੇ ਐੱਸ ਐੱਸ ਪੀ ਅਤੇ ਸਬੰਧਤ ਐੱਸ ਐੱਚ ਓ ਦੀ ਭੂਮਿਕਾ ਦੀ ਜਾਂਚ ਕਰ ਕੇ ਉਨ੍ਹਾਂ ਨੂੰ ਮੁਅੱਤਲ ਕੀਤਾ ਜਾਵੇ।

ਵਿਰੋਧੀ ਧਿਰਾਂ ਨੇ ਸਰਕਾਰ ਘੇਰੀ

ਚੰਡੀਗੜ੍ਹ (ਆਤਿਸ਼ ਗੁਪਤਾ): ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਮਗਰੋਂ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਹੱਤਿਆ ਦੀ ਸੀ ਬੀ ਆਈ ਜਾਂਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਸੂਬਾ ਪੱਧਰੀ ਰੋਸ ਵਿਖਾਵਿਆਂ ਦਾ ਐਲਾਨ ਕੀਤਾ। ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਮਾਫ਼ੀਆ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋ ਚੁੱਕਾ ਹੈ ਅਤੇ ਸਰਕਾਰ ਸਿਰਫ਼ ਉਗਰਾਹੀ ਤੱਕ ਸੀਮਤ ਰਹਿ ਗਈ ਹੈ। ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆਉਂਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ ਅਤੇ ਮੁੱਖ ਮੰਤਰੀ ਹਾਲਾਤ ਸੰਭਾਲਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੇ ਹਨ। ਅਕਾਲੀ ਦਲ (ਵਾਰਿਸ ਪੰਜਾਬ) ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੀੜਤ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਜੇ ਪੁਲੀਸ ਵੇਲੇ ਸਿਰ ਕਾਰਵਾਈ ਕਰਦੀ ਤਾਂ ਦਲੇਰ ਨੌਜਵਾਨ ਦੀ ਜਾਨ ਨਾ ਜਾਂਦੀ।

Advertisement
×