ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੌਮੀ ਮਾਰਗਾਂ ਦਾ ਵਿਦੇਸ਼ੀ ਤਰਜ਼ ’ਤੇ ਕੀਤਾ ਜਾਵੇਗਾ ਸੁੰਦਰੀਕਰਨ

ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਲਗਾਏ ਜਾਣਗੇ ਰੰਗ-ਬਿਰੰਗੇ ਫੁੱਲਾਂ ਦੇ ਬੂਟੇ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ।
Advertisement

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਕੌਮੀ ਮਾਰਗਾਂ ਦਾ ਵਿਦੇਸ਼ਾਂ ਦੀ ਤਰਜ਼ ’ਤੇ ਸੁੰਦਰੀਕਰਨ ਕੀਤਾ ਜਾਵੇਗਾ। ਇਸ ਲਈ ਸੂਬਾ ਸਰਕਾਰ ਵੱਲੋਂ ਕੌਮੀ ਮਾਰਗਾਂ ਦੇ ਆਲੇ-ਦੁਆਲੇ ਰੰਗ-ਬਿਰੰਗੇ ਫੁੱਲਾਂ ਦੇ ਬੂਟੇ ਲਗਾਏ ਜਾਣਗੇ। ਇਸ ਦਾ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੀਤਾ। ਉਨ੍ਹਾਂ ਕਿਹਾ ਕਿ ਕੌਮੀ ਮਾਰਗਾਂ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਗਾਉਣ ਵਾਲੇ ਪਾਇਲਟ ਪ੍ਰਾਜੈਕਟ ਦੀ ਸ਼ੁਰੂਆਤ ਪੰਜਾਬ ਦੇ ਪੰਜ ਸ਼ਹਿਰਾਂ ਤੋਂ ਕੀਤੀ ਜਾਵੇਗੀ। ਇਸ ਵਿੱਚ ਸ੍ਰੀ ਆਨੰਦਪੁਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ ’ਚ ਪਿੰਡ ਖਟਕੜ ਕਲਾਂ ਦੇ ਆਲੇ-ਦੁਆਲੇ ਦਾ ਖੇਤਰ, ਸੰਗਰੂਰ, ਪਠਾਨਕੋਟ ਅਤੇ ਅੰਮ੍ਰਿਤਸਰ ਸ਼ਾਮਲ ਹਨ। ਇਸ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਢੁੱਕਵੀਂ ਨਜ਼ਰਸਾਨੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅੱਜ ਦੀ ਪੀੜ੍ਹੀ ਨੂੰ ਰੁੱਖਾਂ ਤੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸੰਵੇਦਨਸ਼ੀਲ ਬਣਾਉਣ ਲਈ ਭਾਸ਼ਣ ਅਤੇ ਕਵਿਤਾ ਮੁਕਾਬਲੇ 23 ਜੁਲਾਈ ਤੋਂ ਬਟਾਲਾ ਵਿਖੇ ਪ੍ਰਸਿੱਧ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮਦਿਨ ਮੌਕੇ ਸ਼ੁਰੂ ਕਰਵਾਏ ਜਾਣਗੇ। ਇਹ ਮੁਕਾਬਲੇ ਇੱਕ ਮਹੀਨੇ ਤੱਕ ਚੱਲਣਗੇ, ਜਿਸ ਵਿੱਚ ਚਾਰ ਸ਼੍ਰੇਣੀਆਂ ਪਹਿਲੀ ਤੋਂ ਪੰਜਵੀਂ ਜਮਾਤ, ਛੇਵੀਂ ਤੋਂ ਦਸਵੀਂ ਜਮਾਤ, ਗਿਆਰਵੀਂ ਤੇ ਬਾਰ੍ਹਵੀਂ ਅਤੇ ਕਾਲਜ ਪੱਧਰ ਉੱਤੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਰਹਿਣ ਵਾਲਿਆਂ ਨੂੰ ਕ੍ਰਮਵਾਰ 51,000, 31,000 ਤੇ 21,000 ਰੁਪਏ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਜੰਗਲਾਤ ਅਧੀਨ ਰਕਬੇ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ 2021 ਵਿੱਚ ਜੰਗਲਾਤ ਅਧੀਨ ਖੇਤਰ 3144.47 ਵਰਗ ਕਿਲੋਮੀਟਰ ਸੀ ਜਦੋਂ ਕਿ 2023 ਵਿੱਚ ਇਹ ਵੱਧ ਕੇ 3321.24 ਵਰਗ ਕਿਲੋਮੀਟਰ ਹੋ ਗਿਆ ਹੈ।

Advertisement
Advertisement