ਨਵੀਂ ਦਿੱਲੀ, 9 ਦਸੰਬਰ
ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਕੌਮਾਂਤਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ ਮੌਕੇ ਬੁੱਧਵਾਰ ਨੂੰ ਬਿਹਤਰੀਨ ਸੇਵਾਵਾਂ ਬਦਲੇ 34 ਸੀਬੀਆਈ ਅਫਸਰਾਂ ਨੂੰ ਰਾਸ਼ਟਰਪਤੀ ਮੈਡਲ ਦੇ ਕੇ ਸਨਮਾਨਤ ਕੀਤਾ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸੀਬੀਆਈ ਅਧਿਕਾਰੀਆਂ ਲਈ ਇਨ੍ਹਾਂ ਮੈਡਲਾਂ ਦਾ ਐਲਾਨ ਗਣਤੰਤਰ ਦਿਵਸ ਤੇ ਆਜ਼ਾਦੀ ਦਿਵਸ ਮੌਕੇ ਕੀਤਾ ਗਿਆ ਸੀ। ਇਸ ਮੌਕੇ ਡੋਵਾਲ ਨੇ ਭ੍ਰਿਸ਼ਟਾਚਾਰ ਖਤਮ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਇਸ ਮੌਕੇ ਮੁਲਕ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਭ੍ਰਿਸ਼ਟਾਚਾਰ ਰੋਕੂ ਏਜੰਸੀਆਂ ਵੱਲੋਂ ਨਿਭਾਈ ਜਾ ਰਹੀ ਸੇਵਾ ਦਾ ਜ਼ਿਕਰ ਕਰਦਿਆਂ ਇਨ੍ਹਾਂ ਏਜੰਸੀਆਂ ਦੀ ਸ਼ਲਾਘਾ ਕੀਤੀ। -ਪੀਟੀਆਈ