ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਸੰਯੁਕਤ ਕਿਸਾਨ ਮੋਰਚਾ ਨੇ ਭਲਕੇ ਸਵੇਰੇ 11 ਤੋਂ ਦੁਪਹਿਰ 2 ਵਜੇ ਤੱਕ ਤਹਿਸੀਲ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਦੇਸ਼ ਪੱਧਰੀ ਰੋਸ ਮੁਜ਼ਾਹਰਿਆਂ ਦਾ ਸੱਦਾ ਦਿੱਤਾ ਹੈ। ਇਹ ਸੱਦਾ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਗ੍ਰਿਫ਼ਤਾਰੀ ਤੇ ਕੇਂਦਰੀ ਮੰਤਰੀ ਪ੍ਰੀਸ਼ਦ ਤੋਂ ਉਸ ਦੀ ਬਰਖਾਸਤਗੀ ਲਈ ਦਬਾਅ ਬਣਾਉਣ ਲਈ ਹੈ। ਇਸ ਮੌਕੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇ ਜਾਣਗੇ। ਮੋਰਚੇ ਨੇ ਕਿਹਾ ਕਿ ਭਾਰਤ ਸਰਕਾਰ ਨੇ ਕਿਸਾਨ ਅੰਦੋਲਨ ਦੇ ਮਜ਼ਬੂਤ ਹਮਾਇਤੀ ਪਰਵਾਸੀ ਭਾਰਤੀ ਦਰਸ਼ਨ ਸਿੰਘ ਧਾਲੀਵਾਲ ਨੂੰ ਸ਼ਿਕਾਗੋ ਤੋਂ ਆਉਣ ਤੋਂ ਬਾਅਦ ਭਾਰਤ ਵਿੱਚ ਦਾਖਲ ਨਹੀਂ ਹੋਣ ਦਿੱਤਾ। ਉਸ ਨੂੰ ਦੇਸ਼ ’ਚ ਦਾਖਲ ਹੋਣ ਦੀ ਇਜਾਜ਼ਤ ਦਿੱਤੇ ਬਿਨਾਂ ਵਾਪਸ ਦੇਸ਼ ਨਿਕਾਲਾ ਦੇ ਦਿੱਤਾ ਗਿਆ। ਮੋਰਚੇ ਨੇ ਕਿਹਾ ਕਿ ਭਾਰਤ ਸਰਕਾਰ ਦਾ ਗ਼ੈਰ-ਜਮਹੂਰੀ ਤੇ ਤਾਨਾਸ਼ਾਹੀ ਵਾਲਾ ਰਵੱਈਆ ਸਵੀਕਾਰ ਨਹੀਂ ਹੈ ਅਤੇ ਇਹ ਕਿਸਾਨ ਅੰਦੋਲਨ ਦੀ ਵਧ ਰਹੀ ਤਾਕਤ ਤੇ ਹਮਾਇਤ ਦੇ ਸਬੰਧ ਵਿੱਚ ਭਾਜਪਾ ਸਰਕਾਰ ਦੀ ਘਬਰਾਹਟ ਨੂੰ ਦਰਸਾਉਂਦਾ ਹੈ। ਕਿਸਾਨ ਮੋਰਚੇ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦਾ ਇਹ ਦਾਅਵਾ ਗਲਤ ਹੈ ਕਿ ਭਾਰਤ ਦੀਆਂ ਜ਼ਿਆਦਾਤਰ ਕਿਸਾਨ ਜਥੇਬੰਦੀਆਂ ਕਾਰਪੋਰੇਟ ਪੱਖੀ, ਕਿਸਾਨ ਵਿਰੋਧੀ ਕਾਨੂੰਨਾਂ ਦੀ ਹਮਾਇਤ ਕਰਦੀਆਂ ਹਨ। ਮੋਰਚੇ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਇਸ ਸਬੰਧੀ ਆਪਣੇ ਸਬੂਤ ਪੇਸ਼ ਕਰਨ ਦੀ ਚੁਣੌਤੀ ਦਿੱਤੀ ਹੈ, ਜਿਸ ਨਾਲ ਇਹ ਸਪੱਸ਼ਟ ਹੋ ਜਾਵੇਗਾ ਕਿ ਭਾਰਤ ਦੀਆਂ ਮੁੱਠੀ ਭਰ ਜਥੇਬੰਦੀਆਂ ਜੋ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਦੀ ਹਮਾਇਤ ਵਿੱਚ ਹੋ ਸਕਦੀਆਂ ਹਨ, ਖੇਤੀ-ਵਪਾਰੀਆਂ ਜਾਂ ਭਾਜਪਾ-ਆਰਐੱਸਐੱਸ ਨਾਲ ਸਬੰਧਤ ਹਨ।
ਜੈ ਕਿਸਾਨ ਅੰਦੋਲਨ ਵੱਲੋਂ ਕਿਸਾਨ ਧਰਨੇ ਨੂੰ ਹਮਾਇਤ
ਨਵੀਂ ਦਿੱਲੀ: ‘ਜੈ ਕਿਸਾਨ ਅੰਦੋਲਨ’ ਨੇ 26 ਅਕਤੂਬਰ ਨੂੰ ਯੂਨਾਈਟਿਡ ਕਿਸਾਨ ਮੋਰਚਾ ਦੇ ਕਿਸਾਨਾਂ ਦੇ ਧਰਨੇ ਦੇ ਸੱਦੇ ਨੂੰ ਆਪਣਾ ਸਮਰਥਨ ਦਿੱਤਾ। 26 ਅਕਤੂਬਰ ਨੂੰ ਵੀ ਇਤਿਹਾਸਕ ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋ ਜਾਣਗੇ। ਇਸ ਦੇਸ਼ ਵਿਆਪੀ ਮੁਜ਼ਾਹਰੇ ਦਾ ਮੁੱਖ ਏਜੰਡਾ ਲਖੀਮਪੁਰ ਖੇੜੀ ਕਤਲੇਆਮ ਲਈ ਇਨਸਾਫ਼ ਦੀ ਮੰਗ ਹੈ, ਜਿੱਥੇ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਦੀ ਹੱਤਿਆ ਕਰ ਦਿੱਤੀ ਗਈ ਸੀ।