ਮੁੰਬਈ: ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੂੰ ਬੁਖਾਰ ਅਤੇ ਦਸਤ ਦੀ ਸ਼ਿਕਾਇਤ ਮਗਰੋਂ ਅੱਜ ਹਸਪਤਾਲ ਭਰਤੀ ਕਰਵਾਇਆ ਗਿਆ। ਇੱਥੇ ਇੱਕ ਵਿਸ਼ੇਸ਼ ਅਦਾਲਤ ’ਚ ਉਨ੍ਹਾਂ ਦੇ ਵਕੀਲ ਨੇ ਦਾਅਵਾ ਕੀਤਾ ਕਿ ਮਲਿਕ ਦੀ ਸਿਹਤ ਵਿਗੜ ਗਈ ਸੀ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਹੈ। ਪਿਛਲੇ ਹਫ਼ਤੇ ਇੱਥੋਂ ਦੀ ਆਰਥਰ ਰੋਡ ਜੇਲ੍ਹ ਵਿੱਚ ਬੰਦ ਮਲਿਕ (62) ਨੇ ਵਿਸ਼ੇਸ਼ ਅਦਾਲਤ ਤੋਂ ਮੈਡੀਕਲ ਆਧਾਰ ’ਤੇ ਜ਼ਮਾਨਤ ਦੀ ਮੰਗ ਕੀਤੀ ਸੀ। ਅੱਜ ਜਦੋਂ ਇਹ ਮਾਮਲਾ ਸੁਣਵਾਈ ਲਈ ਆਇਆ ਤਾਂ ਮਲਿਕ ਦੇ ਵਕੀਲ ਕੁਸ਼ਲ ਮੋਰ ਨੇ ਅਦਾਲਤ ਨੂੰ ਦੱਸਿਆ ਕਿ ਜਦੋਂ ਐੱਨਸੀਪੀ ਨੇਤਾ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਘਰ ਦਾ ਖਾਣਾ ਦੇਣ ਗਏ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਮਲਿਕ ਨੂੰ ਸਰਕਾਰੀ ਜੇਜੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਵਕੀਲ ਨੇ ਦੱਸਿਆ ਕਿ ਮਲਿਕ ਪਿਛਲੇ ਤਿੰਨ ਦਿਨਾਂ ਤੋਂ ਬਿਮਾਰ ਹਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਹੈ। ਵਕੀਲ ਨੇ ਮਲਿਕ ਨੂੰ ਨਿੱਜੀ ਹਸਪਤਾਲ ਵਿੱਚ ਤਬਦੀਲ ਕਰਨ ਦੀ ਬੇਨਤੀ ਕਰਦਿਆਂ ਕਿਹਾ ਕਿ ਜੇਜੇ ਹਸਪਤਾਲ ਵਿੱਚ ਕਈ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਉਪਲਬਧ ਨਹੀਂ ਹਨ। ਵਿਸ਼ੇਸ਼ ਜੱਜ ਆਰ ਐਨ ਰੋਕੜੇ ਨੇ ਜੇਲ੍ਹ ਅਧਿਕਾਰੀਆਂ ਵੱਲੋਂ ਮਲਿਕ ਦੀ ਹਾਲਤ ਬਾਰੇ ਅਦਾਲਤ ਨੂੰ ਜਾਣਕਾਰੀ ਨਾ ਦੇਣ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਣ ’ਤੇ ਚਿੰਤਾ ਪ੍ਰਗਟਾਈ ਹੈ। ਜੱਜ ਨੇ ਹਸਪਤਾਲ ਤੋਂ ਰਿਪੋਰਟ ਮੰਗੀ। ਮਾਮਲੇ ਦੀ ਅਗਲੀ ਸੁਣਵਾਈ 5 ਮਈ ’ਤੇ ਪਾ ਦਿੱਤੀ ਗਈ ਹੈ। ਮਲਿਕ ਨੇ ਗੁਰਦਿਆਂ ਅਤੇ ਲੱਤਾਂ ਵਿੱਚ ਸੋਜ ਸਮੇਤ ਕਈ ਬਿਮਾਰੀਆਂ ਦਾ ਹਵਾਲਾ ਦਿੰਦਿਆਂ ਮੈਡੀਕਲ ਆਧਾਰ ’ਤੇ ਛੇ ਹਫ਼ਤਿਆਂ ਲਈ ਜ਼ਮਾਨਤ ਦੀ ਮੰਗ ਕੀਤੀ ਸੀ। ਮੰਤਰੀ ਨੂੰ 23 ਫਰਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਭਗੌੜੇ ਗੈਂਗਸਟਰ ਦਾਊਦ ਇਬਰਾਹਿਮ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਸਬੰਧੀ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਹਨ। -ਪੀਟੀਆਈ