ਨਵੀਂ ਦਿੱਲੀ, 13 ਸਤੰਬਰ
ਬਾਲ ਅਧਿਕਾਰਾਂ ਦੀ ਸਿਖਰਲੀ ਸੰਸਥਾ ਐਨਸੀਪੀਸੀਆਰ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਉਹ ਕਾਂਗਰਸ ਅਤੇ ਰਾਹੁਲ ਗਾਂਧੀ ਖਿਲਾਫ਼ ਭਾਰਤ ਜੋੜੋ ਯਾਤਰਾ ਵਿੱਚ ਕਥਿਤ ਤੌਰ ‘ਤੇ ਸਿਆਸੀ ਲਾਹਾ ਲੈਣ ਲਈ ਬੱਚਿਆਂ ਨੂੰ ਸ਼ਾਮਲ ਕਰਨ ’ਤੇ ਉਨ੍ਹਾਂ ਖਿਲਾਫ਼ ਲੋੜੀਂਦੀ ਕਾਰਵਾਈ ਕਰੇ ਅਤੇ ਸ਼ਿਕਾਇਤ ਦੀ ਜਾਂਚ ਕਰੇ। ਬਾਲ ਅਧਿਕਾਰਾਂ ਦੀ ਰੱਖਿਆ ਬਾਰੇ ਕੌਮੀ ਕਮਿਸ਼ਨ ਨੇ ਕਿਹਾ ਹੈ ਕਿ ਉਸ ਨੂੰ ਇਕ ਸ਼ਿਕਾਇਤ ਮਿਲੀ ਹੈ, ਜਿਸ ਵਿਚ ਦੋਸ਼ ਲਗਾਇਆ ਗਿਆ ਹੈ ਕਿ ਗਾਂਧੀ ਅਤੇ ਜਵਾਹਰ ਬਾਲ ਮੰਚ ਸਿਆਸੀ ਲਾਹੇ ਲਈ ਬੱਚਿਆਂ ਨੂੰ ਵਰਤ ਰਹੇ ਹਨ ਤੇ ਉਨ੍ਹਾਂ ਨੂੰ ਸਿਆਸੀ ਗਤੀਵਿਧੀਆਂ ਵਿਚ ਸ਼ਾਮਲ ਕਰ ਰਹੇ ਹਨ। ਕਮਿਸ਼ਨ ਅਨੁਸਾਰ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਸੋਸ਼ਲ ਮੀਡੀਆ ’ਤੇ ਬਹੁਤ ਸਾਰੀਆਂ ਪਰੇਸ਼ਾਨ ਕਰਨ ਵਾਲੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹਨ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬੱਚਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ‘ਭਾਰਤ ਜੋੜੋ, ਬੱਚੇ ਜੋੜੋ’ ਦੇ ਨਾਅਰੇ ਹੇਠ ਸਿਆਸੀ ਏਜੰਡੇ ਤਹਿਤ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਐਨਸੀਪੀਸੀਆਰ ਦਾ ਕਹਿਣਾ ਹੈ ਕਿ ਇਹ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਹੈ। ਨਿਯਮਾਂ ਅਨੁਸਾਰ ਸਿਰਫ਼ ਬਾਲਗ ਵਿਅਕਤੀ ਹੀ ਸਿਆਸੀ ਪਾਰਟੀ ਦਾ ਹਿੱਸਾ ਹੋ ਸਕਦੇ ਹਨ। -ਏਜੰਸੀ