ਐੱਨਡੀਏ ਦੇ ਬਿਹਾਰ ਬੰਦ ਦੇ ਸੱਦੇ ਨੂੰ ਰਲਿਆ-ਮਿਲਿਆ ਹੁੰਗਾਰਾ
ਪ੍ਰਦਰਸ਼ਨਕਾਰੀਆਂ ਵੱਲੋਂ ਕਾਂਗਰਸ ਤੇ ਆਰਜੇਡੀ ਵਿਰੁੱਧ ਨਾਅਰੇਬਾਜ਼ੀ
ਕਾਂਗਰਸ ਦੀ ਹਾਲ ਹੀ ਵਿੱਚ ਸਮਾਪਤ ਹੋਈ ‘ਵੋਟਰ ਅਧਿਕਾਰ ਯਾਤਰਾ’ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਵਿਰੋਧ ਵਿੱਚ ਸੱਤਾਧਾਰੀ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਅੱਜ ਸੂਬੇ ਵਿੱਚ ਰਲਿਆ-ਮਿਲਿਆ ਹੁੰਗਾਰਾ ਮਿਲਿਆ।
ਸੂਬੇ ਦੀ ਰਾਜਧਾਨੀ ਪਟਨਾ ਵਿੱਚ ਸੜਕਾਂ ’ਤੇ ਕਾਫੀ ਘੱਟ ਵਾਹਨ ਉਤਰੇ ਅਤੇ ਕੁਝ ਨਿੱਜੀ ਸਕੂਲਾਂ ਨੇ ਤਾਂ ਛੁੱਟੀ ਐਲਾਨੀ ਹੋਈ ਸੀ। ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤੇ ਗਏ ਇਸ ਬੰਦ ਦੌਰਾਨ ਕੁਝ ਦੁਕਾਨਦਾਰਾਂ ਨੇ ਆਪਣੇ ਕਾਰੋਬਾਰ ਬੰਦ ਰੱਖੇ, ਹਾਲਾਂਕਿ ਕੁਝ ਨੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਸਨ। ਇਸ ਦੌਰਾਨ ਭਾਜਪਾ ਅਤੇ ਐੱਨਡੀਏ ਦੀਆਂ ਹੋਰ ਭਾਈਵਾਲ ਪਾਰਟੀਆਂ ਦੇ ਵਰਕਰਾਂ ਨੇ ਸੂਬੇ ਭਰ ਵਿੱਚ ਸੜਕਾਂ ਜਾਮ ਕੀਤੀਆਂ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵਿੱਚ ਵੱਡੀ ਗਿਣਤੀ ਮਹਿਲਾ ਵਰਕਰਾਂ ਵੀ ਸ਼ਾਮਲ ਸਨ। ਭਾਜਪਾ ਦੀਆਂ ਭਾਈਵਾਲ ਪਾਰਟੀਆਂ ਦੇ ਆਗੂਆਂ ਮੁੱਖ ਮੰਤਰੀ ਨਿਤੀਸ਼ ਕੁਮਾਰ (ਜੇਡੀ-ਯੂ), ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਅਤੇ ਮਾਂਝੀ ਹਿੰਦੁਸਤਾਨੀ ਆਵਾਮ ਮੋਰਚਾ (ਐੱਚਏਐੱਮ) ਦੇ ਆਗੂਆਂ ਕੇਂਦਰੀ ਮੰਤਰੀਆਂ ਚਿਰਾਗ ਪਾਸਵਾਨ ਤੇ ਜੀਤਨ ਰਾਮ ਮਾਂਝੀ ਨੇ ਵੀ ਬੰਦ ਨੂੰ ਆਪਣਾ ਸਮਰਥਨ ਦਿੱਤਾ।
ਕਾਂਗਰਸ ਤੇ ਆਰਜੇਡੀ ਵੱਲੋਂ ਭਾਜਪਾ ਵਰਕਰਾਂ ’ਤੇ ਬਦਸਲੂਕੀ ਕਰਨ ਦੇ ਦੋਸ਼
ਰਾਸ਼ਟਰੀ ਜਨਤਾ ਦਲ ਅਤੇ ਕਾਂਗਰਸ ਨੇ ਆਪੋ-ਆਪਣੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਬੰਦ ਦੌਰਾਨ ਦੀਆਂ ਕਈ ਵੀਡੀਓ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਬੰਦ ਦੌਰਾਨ ਭਾਜਪਾ ਵਰਕਰਾਂ ਵੱਲੋਂ ਆਮ ਲੋਕਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਮਹਿਲਾਵਾਂ ਸਣੇ ਆਮ ਲੋਕਾਂ ਨੂੰ ਉਨ੍ਹਾਂ ਦੀਆਂ ਕੰਮ ਵਾਲੀਆਂ ਥਾਵਾਂ, ਰੇਲਵੇ ਸਟੇਸ਼ਨਾਂ ਅਤੇ ਕਿਸੇ ਮੈਡੀਕਲ ਐਮਰਜੈਂਸੀ ਲਈ ਹਸਪਤਾਲਾਂ ਵਿੱਚ ਜਾਣ ਤੋਂ ਵੀ ਰੋਕਿਆ ਗਿਆ।