ਦੇਸ਼ ਦੀ ਤਰੱਕੀ ਲਈ ਭਗਤ ਸਿੰਘ ਦੇ ਕਦਮਾਂ ’ਤੇ ਚੱਲਣ ਦੀ ਲੋੜ: ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਦੇਸ਼ ਦੀ ਤਰੱਕੀ ਲਈ ਸ਼ਹੀਦ-ਏ-ਆਜ਼ਮ ਦੇ ਨਕਸ਼ੇ-ਕਦਮਾਂ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਇਨਕਲਾਬੀ ਆਗੂਆਂ ਦੇ ਕਦਮਾਂ ’ਤੇ ਚੱਲਣ ਦਾ ਵੀ ਸੱਦਾ ਦਿੱਤਾ। ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ’ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਮਹੀਨਿਆਂ ’ਚ ਮਹਾਨ ਸ਼ਹੀਦ ਦੇ ਜੱਦੀ ਪਿੰਡ’ਚ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਸੂਬੇ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਅਜਾਇਬ ਘਰ ਵਿੱਚ ਸਥਾਪਤ ਕੀਤਾ ਗਿਆ 100 ਫੁੱਟ ਉੱਚਾ ਤਿਰੰਗਾ ਝੰਡਾ ਵੀ ਲੋਕਾਂ ਨੂੰ ਸਮਰਪਿਤ ਕੀਤਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ 51.70 ਕਰੋੜ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਕੰਪਲੈਕਸ ਸ਼ਹੀਦ-ਏ-ਆਜ਼ਮ ਨੂੰ ਨਿਮਰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਪਹਿਲ ਦਾ ਉਦੇਸ਼ ਸਾਡੀ ਮਿੱਟੀ ਦੇ ਮਹਾਨ ਸਪੂਤ ਦੀ ਬੇਮਿਸਾਲ ਵਿਰਾਸਤ ਨੂੰ ਸੰਭਾਲਣਾ ਅਤੇ ਵੱਧ ਤੋਂ ਵੱਧ ਪ੍ਰਫੁੱਲਤ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਭਾਰਤ ਨੂੰ ਵਿਦੇਸ਼ੀ ਸਾਮਰਾਜਵਾਦ ਦੀਆਂ ਗੁਲਾਮੀ ਦੀਆਂ ਬੇੜੀਆਂ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ ਸੀ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਯਾਦਗਾਰ ਵਿੱਚ ਇੱਕ ਗ੍ਰੈਂਡ ਥੀਮੈਟਿਕ ਗੇਟ ਅਤੇ ਸ਼ਹੀਦ ਭਗਤ ਸਿੰਘ ਅਜਾਇਬ ਘਰ ਨੂੰ ਉਨ੍ਹਾਂ ਦੇ ਜੱਦੀ ਘਰ ਨਾਲ ਜੋੜਦਾ 350 ਮੀਟਰ ਲੰਬਾ ਵਿਰਾਸਤੀ ਲਾਂਘਾ ਵੀ ਹੋਵੇਗਾ, ਜਿਸ ’ਚ ਸ਼ਹੀਦ-ਏ-ਆਜ਼ਮ ਦੇ ਜੀਵਨ ਅਤੇ ਆਜ਼ਾਦੀ ਸੰਘਰਸ਼ ਨੂੰ ਮੂਰਤੀ-ਕਲਾ ਅਤੇ 2ਡੀ/3ਡੀ ਕੰਧ ਕਲਾ ਰਾਹੀਂ ਬਿਆਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੰਪਲੈਕਸ ਵਿੱਚ 700 ਸੀਟਾਂ ਵਾਲਾ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਆਡੀਟੋਰੀਅਮ ਵੀ ਹੋਵੇਗਾ। ਇਸ ਦੇ ਨਾਲ ਸ਼ਹੀਦ ਭਗਤ ਸਿੰਘ ਦੇ ਲਾਇਲਪੁਰ (ਹੁਣ ਪਾਕਿਸਤਾਨ ਵਿੱਚ) ਵਿਚਲੇ ਜੱਦੀ ਘਰ ਦਾ ਇਕ ਮਾਡਲ ਵੀ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖਟਕੜ ਕਲਾਂ ’ਚ ਮਹਾਨ ਸ਼ਹੀਦ ਦੇ ਜੱਦੀ ਘਰ ਨੂੰ ਸੁਰੱਖਿਅਤ ਢੰਗ ਨਾਲ ਬਹਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਅਦਾਲਤੀ ਮੁਕੱਦਮੇ ਦੀ ਡਿਜੀਟਲ ਝਲਕ ਵੀ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਕੀਤੀ ਅਤੇ ਉਨ੍ਹਾਂ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਦੀ ਰੰਗੋਲੀ ਬਣਾਉਣ ਵਾਲੀ ਮਜਾਰਾ ਢੀਂਗਰੀਆਂ ਦੀ 11ਵੀਂ ਜਮਾਤ ਦੀ ਵਿਦਿਆਰਥਣ ਦੀਕਸ਼ਾ ਰਾਜੂ ਨੂੰ ਸ਼ਾਬਾਸ਼ੀ ਵੀ ਦਿੱਤੀ।