DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

NEET Students Help: ਵਿਧਾਇਕ ਨੇ ਹੋਣਹਾਰ ਧੀਆਂ-ਪੁੱਤਾਂ ਦੀ ਬਾਂਹ ਫੜੀ

ਸਿੱਧੇ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ ਫੀਸ

  • fb
  • twitter
  • whatsapp
  • whatsapp
Advertisement

NEET Students Funding: ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਉਨ੍ਹਾਂ ਗ਼ਰੀਬ ਮਾਪਿਆਂ ਦੇ ਤਿੰਨ ਹੋਣਹਾਰ ਧੀਆਂ-ਪੁੱਤਾਂ ਦੀ ਡਾਕਟਰੀ ਦੀ ਪੜ੍ਹਾਈ ਦਾ ਸਮੁੱਚਾ ਖ਼ਰਚਾ ਚੁੱਕਣਗੇ ਜਿਨ੍ਹਾਂ ਹਾਲ ’ਚ ਹੀ ਨੀਟ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇਨ੍ਹਾਂ ਤਿੰਨ ਬੱਚਿਆਂ ਦੀ ਪੰਜ ਸਾਲ ਦੀ ਮੈਡੀਕਲ ਦੀ ਪੜ੍ਹਾਈ, ਹੋਸਟਲ ਫੀਸ ਆਦਿ ਸਣੇ ਸਮੁੱਚਾ ਖ਼ਰਚਾ ਚੁੱਕਣ ਦੇ ਫ਼ੈਸਲੇ ਤੋਂ ਜਾਣੂ ਕਰਾਇਆ ਹੈ।

‘ਪੰਜਾਬੀ ਟ੍ਰਿਬਿਊਨ’ ਨੇ ਪਹਿਲੀ ਸਤੰਬਰ ਨੂੰ ‘ਫੀਸ ਅੱਗੇ ਢਹਿ-ਢੇਰੀ ਹੋਏ ਸੁਪਨੇ’ ਖ਼ਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਸੀ ਜਿਸ ਮਗਰੋਂ ਕਰੀਬ ਦੋ ਦਰਜਨ ਦਾਨੀ ਸੱਜਣਾਂ ਨੇ ਪਹਿਲਾਂ ਹੀ ਲੋੜਵੰਦ ਬੱਚਿਆਂ ਦੀ ਬਾਂਹ ਫੜ ਲਈ ਹੈ। ਅੱਜ ਵਿਧਾਇਕ ਕੁਲਵੰਤ ਸਿੰਘ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਸੰਪਰਕ ਕਰ ਕੇ ਆਪਣੇ ਫ਼ੈਸਲੇ ਤੋਂ ਜਾਣੂ ਕਰਾਇਆ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਬੱਚਿਆਂ ਦੀ ਪੜ੍ਹਾਈ ’ਤੇ ਆਉਣ ਵਾਲਾ ਕਰੀਬ 30.5 ਲੱਖ ਰੁਪਏ ਦਾ ਖ਼ਰਚਾ ਚੁੱਕਗੇ। ਹਰ ਸਮੈਸਟਰ ਦੀ ਬਣਦੀ ਫੀਸ ਸਿੱਧੀ ਇਨ੍ਹਾਂ ਬੱਚਿਆਂ ਦੇ ਬੈਂਕ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ।

Advertisement

ਇਹ ਤਿੰਨੋਂ ਵਿਦਿਆਰਥੀ ਮੈਰੀਟੋਰੀਅਸ ਸਕੂਲਾਂ ’ਚ ਪੜ੍ਹੇ ਹਨ ਅਤੇ ਇਨ੍ਹਾਂ ਦੇ ਅਧਿਆਪਕ ਮਨਜੀਤ ਸਿੰਘ ਨੇ ਖ਼ਰਚੇ ਦੇ ਵੇਰਵੇ ਸਾਂਝੇ ਕੀਤੇ ਹਨ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਆਲਮਵਾਲਾ ਦੇ ਮਹਿਕਦੀਪ ਸਿੰਘ ਦਾ ਦਾਖਲਾ ਗਿਆਨ ਸਾਗਰ ਮੈਡੀਕਲ ਕਾਲਜ ਵਿੱਚ ਹੋਇਆ ਹੈ। ਉਸ ਦੀ ਹੋਸਟਲ ਅਤੇ ਹੋਰ ਫੀਸ ਦਾ ਕੁੱਲ ਖ਼ਰਚਾ ਕਰੀਬ 32 ਲੱਖ ਰੁਪਏ ਹੈ। ਦਲਿਤ ਭਾਈਚਾਰੇ ਕਾਰਨ ਉਸ ਨੂੰ 11 ਲੱਖ ਦੀ ਸਕਾਲਰਸ਼ਿਪ ਮਿਲੇਗੀ ਅਤੇ 7.5 ਲੱਖ ਰੁਪਏ ਦਾ ਕਰਜ਼ਾ ਲਿਆ ਜਾਵੇਗਾ। ਬਾਕੀ ਬਚਦਾ 13.5 ਲੱਖ ਰੁਪਏ ਦਾ ਖ਼ਰਚਾ ਵਿਧਾਇਕ ਕੁਲਵੰਤ ਸਿੰਘ ਭਰਨਗੇ। ਇਸ ਬੱਚੇ ਦੇ ਮਾਪਿਆਂ ਨੂੰ ਫ਼ੀਸ ਦੇ ਇੰਤਜ਼ਾਮ ਲਈ ਆਪਣੀ ਗਾਂ ਵੇਚਣੀ ਪਈ ਸੀ।

Advertisement

ਇਸੇ ਤਰ੍ਹਾਂ ਮਲੋਟ ਦੇ ਅਮਨ ਸਿੰਘ ਦਾ ਦਾਖ਼ਲਾ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਹੋਇਆ ਹੈ। ਪੱਛੜੀ ਸ਼੍ਰੇਣੀ ਦੇ ਇਸ ਵਿਦਿਆਰਥੀ ਦੀ ਫੀਸ ਅਤੇ ਹੋਸਟਲ ਦਾ ਕਰੀਬ 14 ਲੱਖ ਰੁਪਏ ਖ਼ਰਚਾ ਹੁਣ ਵਿਧਾਇਕ ਵੱਲੋਂ ਤਾਰਿਆ ਜਾਵੇਗਾ। ਅਮਨ ਦਾ ਪਿਤਾ ਲੋਹੇ ਦੀ ਫੈਕਟਰੀ ਵਿੱਚ ਮਜ਼ਦੂਰੀ ਕਰਦਾ ਹੈ। ਫਾਜ਼ਿਲਕਾ ਦੇ ਪਿੰਡ ਹੌਜ ਗੰਧੜ ਦੀ ਸੁਮਨਦੀਪ ਕੌਰ ਨੂੰ ਦਲਿਤ ਵਰਗ ਕਾਰਨ ਸਕਾਲਰਸ਼ਿਪ ਮਿਲੇਗੀ ਅਤੇ ਉਸ ਦੀ 3 ਲੱਖ ਰੁਪਏ ਹੋਸਟਲ ਫੀਸ ਵਿਧਾਇਕ ਭਰਨਗੇ। ਸੁਮਨਦੀਪ ਆਪਣੀ ਦਾਖ਼ਲਾ ਫੀਸ ਪਹਿਲਾਂ ਹੀ ਭਰ ਚੁੱਕੀ ਹੈ।

ਮਾਪਿਆਂ ਵੱਲੋਂ ਵਿਧਾਇਕ ਦਾ ਧੰਨਵਾਦ

ਬੱਚਿਆਂ ਦੇ ਮਾਪਿਆਂ ਨੇ ਵਿਧਾਇਕ ਦਾ ਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਉਨ੍ਹਾਂ ਦੇ ਬੱਚਿਆਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਮਿਲੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਨੌਜਵਾਨ ਸਮਾਜ ਦਾ ਸਰਮਾਇਆ ਅਤੇ ਪੰਜਾਬ ਦਾ ਭਵਿੱਖ ਹਨ। ਅਜਿਹੇ ਮਿਹਨਤੀ ਤੇ ਸਿਰੜੀ ਬੱਚਿਆਂ ਦਾ ਮੈਡੀਕਲ ਕਿੱਤੇ ਵਿੱਚ ਆਉਣਾ ਸ਼ੁਭ ਸ਼ਗਨ ਹੈ। ਭਵਿੱਖ ’ਚ ਵੀ ਕਿਸੇ ਹੀਰੇ ਦੀ ਚਮਕ ਫਿੱਕੀ ਨਹੀਂ ਪੈਣ ਦਿਆਂਗੇ।

Advertisement
×