ਨੀਟ ਯੂੁਜੀ ਬਿਜਲੀ ਕੱਟ: ਸੁਪਰੀਮ ਕੋਰਟ ਵੱਲੋਂ ਦੋ ਉਮੀਦਵਾਰਾਂ ਨੂੰ ਕੌਂਸਲਿੰਗ ਲਈ ਮਨਜ਼ੂਰੀ ਦੇਣ ਤੋਂ ਨਾਂਹ
ਸੁਪਰੀਮ ਕੋਰਟ ਨੇ ਅੱਜ ਉਨ੍ਹਾਂ ਦੋ ਉਮੀਦਵਾਰਾਂ ਨੂੰ ਨੀਟੀ-ਯੂਜੀ-2025 ਦੀ ਕੌਂਸਲਿੰਗ ’ਚ ਸ਼ਾਮਲ ਹੋਣ ਦੀ ਆਰਜ਼ੀ ਮਨਜ਼ੂਰੀ ਦੇਣ ਤੋਂ ਨਾਂਹ ਕਰ ਦਿੱਤੀ ਜਿਨ੍ਹਾਂ ਨੂੰ ਮੱਧ ਪ੍ਰਦੇਸ਼ ਦੇ ਆਪਣੇ ਪ੍ਰੀਖਿਆ ਕੇਂਦਰਾਂ ’ਚ ਬਿਜਲੀ ਕੱਟ ਦਾ ਸਾਹਮਣਾ ਕਰਨਾ ਪਿਆ ਸੀ।
ਜਸਟਿਸ ਪੀ.ਐੱਸ. ਨਰਸਿਮ੍ਹਾ ਤੇ ਜਸਟਿਸ ਏ.ਐੱਸ. ਚੰਦੂਰਕਰ ਦੇ ਬੈਂਚ ਨੇ ਹਾਲਾਂਕਿ ਨਵਯਾ ਨਾਇਕ ਤੇ ਐੱਸ. ਸਾਈ ਪ੍ਰਿਆ ਦੀਆਂ ਪਟੀਸ਼ਨਾਂ 25 ਜੁਲਾਈ ਨੂੰ ਅਗਲੇਰੀ ਸੁਣਵਾਈ ਲਈ ਸੂਚੀਬੱਧ ਕੀਤੀਆਂ ਹਨ।
ਉਮੀਦਵਾਰਾਂ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ 14 ਜੁਲਾਈ ਦੇ ਹੁਕਮ ਜਿਸ ਵਿੱਚ ਉਨ੍ਹਾਂ ਲਈ ਮੁੜ ਪ੍ਰੀਖਿਆ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ, ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨਰਾਂ ਦੇ ਵਕੀਲ ਨੇ ਕਿਹਾ ਕਿ ਕੌਂਸਲਿੰਗ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਕੌਂਸਲਿੰਗ ’ਚ ਸ਼ਾਮਲ ਹੋਣ ਦੀ ਆਗਿਆ ਲੈਣ ਲਈ ਹੁਕਮ ਜਾਰੀ ਕਰਵਾਉਣ ਵਾਸਤੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ।
ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਦੋਵਾਂ ਪਟੀਸ਼ਨਾਂ ’ਚ ਮੁੜ ਪ੍ਰੀਖਿਆ ਕਰਵਾਉਣ ਦੀ ਅਪੀਲ ਕੀਤੀ ਗਈ ਹੈ, ਜਿਹੜੀ ਮਨਜ਼ੂਰ ਨਹੀਂ ਕੀਤੀ ਜਾ ਸਕਦੀ ਕਿਉਂਕਿ ਪ੍ਰੀਖਿਆ ਦੇਣ ਵਾਲੇ ਲੱਖਾਂ ਵਿਦਿਆਰਥੀ ਪ੍ਰਭਾਵਿਤ ਹੋਣਗੇ। ਬੈਂਚ ਨੇ ਅੰਤਰਿਮ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਸੁਣਵਾਈ ਮੁਲਤਵੀ ਕਰ ਦਿੱਤੀ।