ਜਸਟਿਸ ਵਰਮਾ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ ਨਵਾਂ ਬੈਂਚ
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਅਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੀ ਉਸ ਪਟੀਸ਼ਨ ’ਤੇ ਸੁਣਵਾਈ ਲਈ ਇਕ ਬੈਂਚ ਦਾ ਗਠਨ ਕਰੇਗਾ, ਜਿਸ ਵਿੱਚ ਉਨ੍ਹਾਂ ਨੇ ਅੰਦਰੂਨੀ ਜਾਂਚ ਕਮੇਟੀ ਦੀ ਰਿਪੋਰਟ ਨੂੰ ਅਯੋਗ ਠਹਿਰਾਉਣ ਦੀ ਅਪੀਲ ਕੀਤੀ ਹੈ। ਕਮੇਟੀ ਨੇ ਉਨ੍ਹਾਂ ਨੂੰ ਨਕਦੀ ਬਰਾਮਦਗੀ ਵਿਵਾਦ ਮਾਮਲੇ ਵਿੱਚ ਦੁਰਵਿਹਾਰ ਦਾ ਦੋਸ਼ੀ ਪਾਇਆ ਸੀ।
ਜਸਟਿਸ ਵਰਮਾ ਨੇ ਚੀਫ਼ ਜਸਟਿਸ ਸੰਜੀਵ ਖੰਨਾ ਵੱਲੋਂ 8 ਮਈ ਨੂੰ ਕੀਤੀ ਗਈ ਉਸ ਸਿਫ਼ਾਰਿਸ ਨੂੰ ਵੀ ਰੱਦ ਕਰਨ ਦੀ ਅਪੀਲ ਕੀਤੀ ਹੈ, ਜਿਸ ਵਿੱਚ ਸਾਬਕਾ ਜਸਟਿਸ ਖੰਨਾ ਨੇ ਸੰਸਦ ਨੂੰ ਉਨ੍ਹਾਂ ਖ਼ਿਲਾਫ਼ ਮਹਾਦੋਸ਼ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। ਚੀਫ਼ ਜਸਟਿਸ ਬੀਆਰ ਗਵਈ, ਜਸਟਿਸ ਕੇ ਵਿਨੋਦ ਚੰਦਰਨ ਅਤੇ ਜਸਟਿਸ ਜੇ ਬਾਗਚੀ ਦੇ ਬੈਂਚ ਕੋਲ ਮਾਮਲੇ ਨੂੰ ਤੁਰੰਤ ਸੁਣਵਾਈ ਲਈ ਸੂਚੀਬੱਧ ਕਰਨ ਦੀ ਅਪੀਲ ਕੀਤੀ ਗਈ ਸੀ। ਸੀਨੀਅਰ ਵਕੀਲ ਕਪਿਲ ਸਿੱਬਲ ਨੇ ਵਰਮਾ ਵੱਲੋਂ ਮਾਮਲੇ ਦਾ ਜ਼ਿਕਰ ਕੀਤਾ। ਸਿੱਬਲ ਨੇ ਕਿਹਾ ਕਿ ਪਟੀਸ਼ਨ ਜਸਟਿਸ ਵਰਮਾ ਨੂੰ ਹਟਾਉਣ ਲਈ ਤੁਰੰਤ ਚੀਫ਼ ਜਸਟਿਸ ਵੱਲੋਂ ਕੀਤੀ ਗਈ ਸਿਫ਼ਾਰਿਸ਼ ਦੇ ਸਬੰਧ ਵਿੱਚ ਸੀ। ਉਨ੍ਹਾਂ ਕਿਹਾ, ‘‘ਅਸੀਂ ਕੁਝ ਸੰਵਿਧਾਨਕ ਮੁੱਦੇ ਉਠਾਏ ਹਨ। ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਇਸ ਨੂੰ ਜਲਦੀ ਤੋਂ ਜਲਦੀ ਸੂਚੀਬੱਧ ਕੀਤਾ ਜਾਵੇ।’’ ਇਸ ’ਤੇ ਚੀਫ਼ ਜਸਟਿਸ ਨੇ ਕਿਹਾ, ‘‘ਮੈਨੂੰ ਇਕ ਬੈਂਚ ਦਾ ਗਠਨ ਕਰਨਾ ਹੋਵੇਗਾ।’’ ਚੀਫ਼ ਜਸਟਿਸ ਨੇ ਕਿਹਾ ਕਿ ਉਨ੍ਹਾਂ ਵਾਸਤੇ ਇਸ ਮਾਮਲੇ ਨੂੰ ਸੁਣਨਾ ਸ਼ਾਇਦ ਉਚਿਤ ਨਹੀਂ ਹੋਵੇਗਾ, ਕਿਉਂਕਿ ਉਹ ਵੀ ਇਸ ਪ੍ਰਕਿਰਿਆ ਦਾ ਹਿੱਸਾ ਹਨ। ਚੀਫ਼ ਜਸਟਿਸ ਨੇ ਸਿੱਬਲ ਨੂੰ ਕਿਹਾ, ‘‘ਅਸੀਂ ਇਸ ’ਤੇ ਵਿਚਾਰ ਕਰਾਂਗੇ ਅਤੇ ਇਕ ਬੈਂਚ ਦਾ ਗਠਨ ਕਰਾਂਗੇ।’’
ਘਟਨਾ ਦੀ ਜਾਂਚ ਕਰ ਰਹੀ ਕਮੇਟੀ ਦੀ ਇਕ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਜਸਟਿਸ ਵਰਮਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਦਾ ਉਸ ਸਟੋਰ ਰੂਮ ’ਤੇ ਗੁਪਤ ਜਾਂ ਸਿੱਧਾ ਕੰਟਰੋਲ ਸੀ ਜਿੱਥੇ ਅੱਧੀ ਸੜੀ ਹੋਈ ਨਕਦੀ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ ਸੀ। ਇਹ ਘਟਨਾ ਦੇ ਸੰਦਰਭ ’ਚ ਉਨ੍ਹਾਂ ਦਾ ਆਚਰਣ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਲਈ ਕਾਫੀ ਹੈ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਹੇਠਲੀ ਤਿੰਨ ਜੱਜਾਂ ਦੀ ਕਮੇਟੀ ਨੇ 10 ਦਿਨਾਂ ਤੱਕ ਜਾਂਚ ਕੀਤੀ, 55 ਗਵਾਹਾਂ ਕੋਲੋਂ ਪੁੱਛ-ਪੜਤਾਲ ਕੀਤੀ ਅਤੇ ਵਰਮਾ ਦੀ ਅਧਿਕਾਰਤ ਰਿਹਾਇਸ਼ ’ਤੇ ਉਸ ਘਟਨਾ ਸਥਾਨ ਦਾ ਦੌਰਾ ਕੀਤਾ ਜਿੱਥੇ 14 ਮਾਰਚ ਨੂੰ ਰਾਤ ਕਰੀਬ 11.35 ਵਜੇ ਅਚਾਨਕ ਅੱਗ ਲੱਗ ਗਈ ਸੀ। ਜਸਟਿਸ ਵਰਮਾ ਉਸ ਵੇਲੇ ਦਿੱਲੀ ਹਾਈ ਕੋਰਟ ਦੇ ਜੱਜ ਸਨ ਅਤੇ ਹੁਣ ਅਲਾਹਾਬਾਦ ਹਾਈ ਕੋਰਟ ਵਿੱਚ ਜੱਜ ਹਨ। ਰਿਪੋਰਟ ’ਤੇ ਕਾਰਵਾਈ ਕਰਦੇ ਹੋਏ ਤਤਕਾਲੀ ਚੀਫ਼ ਜਸਟਿਸ ਸੰਜੀਵ ਖੰਨਾ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਜੱਜ ਖ਼ਿਲਾਫ਼ ਮਹਾਦੋਸ਼ ਚਲਾਉਣ ਦੀ ਸਿਫ਼ਾਰਿਸ਼ ਕੀਤੀ ਸੀ। -ਪੀਟੀਆਈ
ਨਿਰਪੱਖ ਸੁਣਵਾਈ ਦਾ ਮੌਕਾ ਦਿੱਤੇ ਬਿਨਾਂ ਜਾਂਚ ਕਮੇਟੀ ਨੇ ਪ੍ਰਤੀਕੂਲ ਨਤੀਜਾ ਕੱਢਿਆ: ਜਸਟਿਸ ਵਰਮਾ
ਆਪਣੀ ਪਟੀਸ਼ਨ ਵਿੱਚ ਜਸਟਿਸ ਯਸ਼ਵੰਤ ਵਰਮਾ ਨੇ ਦਲੀਲ ਦਿੱਤੀ ਕਿ ਜਾਂਚ ਨੇ ‘ਸਬੂਤਾਂ ਨੂੰ ਪਲਟ ਦਿੱਤਾ’ ਜਿਸ ਕਰ ਕੇ ਉਹ ਮੁੜ ਤੋਂ ਜਾਂਚ ਦੀ ਅਪੀਲ ਕਰ ਰਹੇ ਹਨ ਅਤੇ ਆਪਣੇ ਖ਼ਿਲਾਫ਼ ਲਗਾਏ ਗਏ ਦੋਸ਼ਾਂ ਦਾ ਖੰਡਨ ਕਰ ਰਹੇ ਹਨ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਜਾਂਚ ਕਮੇਟੀ ਨੇ ਉਨ੍ਹਾਂ ਨੂੰ ਪੂਰੀ ਤੇ ਨਿਰਪੱਖ ਸੁਣਵਾਈ ਦਾ ਮੌਕਾ ਦਿੱਤੇ ਬਿਨਾਂ ਹੀ ਪ੍ਰਤੀਕੂਲ ਨਤੀਜਾ ਕੱਢ ਲਿਆ। ਜਸਟਿਸ ਵਰਮਾ ਨੇ ਦੋਸ਼ ਲਗਾਇਆ ਕਿ ਕਮੇਟੀ ਦੇ ਨਤੀਜੇ ਪਹਿਲਾਂ ਤੋਂ ਸੋਚੀ ਸਮਝੀ ਕਹਾਣੀ ’ਤੇ ਆਧਾਰਿਤ ਹਨ। ਉਨ੍ਹਾਂ ਕਿਹਾ ਕਿ ਜਾਂਚ ਦੀ ਸਮਾਂ ਸੀਮਾ ਸਿਰਫ਼ ‘ਪ੍ਰਕਿਰਿਆਤਮਕ ਨਿਰਪੱਖਤਾ’ ਦੀ ਕੀਮਤ ’ਤੇ, ਕਾਰਵਾਈ ਨੂੰ ਫੌਰੀ ਸਮਾਪਤ ਕਰਨ ਦੀ ਇੱਛਾ ਤੋਂ ਪ੍ਰੇਰਿਤ ਸੀ।