ਨਵੀਂ ਦਿੱਲੀ, 20 ਅਗਸਤ
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਮੂਰਥਲ ਵਿੱਚ ਵਾਤਾਵਰਨ ਸੰਭਾਲ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਰੈਸਤਰਾਂ ਅਤੇ ਸੜਕ ਕਿਨਾਰੇ ਖਾਣ-ਪੀਣ ਵਾਲੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਵਾਤਾਵਰਨ ਸੰਭਾਲ ਸਬੰਧੀ ਮੀਟਿੰਗ ਕਰਨ ਲਈ ਵੀ ਕਿਹਾ ਹੈ। ਐੱਨਜੀਟੀ ਦੇ ਚੇਅਰਪਰਸਨ ਜਸਟਿਸ ਏ.ਕੇ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਵਾਤਾਵਰਨ ਨੂੰ ਲਗਾਤਾਰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਵੱਲੋਂ ਇਸ ਸਬੰਧੀ ਜੁਰਮਾਨਾ ਨਹੀਂ ਭਰਿਆ ਜਾਂਦਾ, ਉਦੋਂ ਤੱਕ ਉਨ੍ਹਾਂ ਦੇ ਢਾਬੇ ਬੰਦ ਕਰ ਦਿੱਤੇ ਜਾਣ। ਉਨ੍ਹਾਂ ਕਿਹਾ, ‘‘ਅਸੀਂ ਹਰਿਆਣਾ ਦੇ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਵਾਤਾਵਰਨ ਤੇ ਲੋਕਾਂ ਦੀ ਸਿਹਤ ਸਬੰਧੀ ਤੁਰੰਤ ਲੋੜੀਂਦੇ ਕਦਮ ਚੁੱਕ ਕੇ ਸਥਿਤੀ ਸੁਧਾਰਨ ਦੇ ਨਿਰਦੇਸ਼ ਦਿੰਦੇ ਹਾਂ।’’ ਟ੍ਰਿਬਿਊਨਲ ਵੱਲੋਂ ਅਭੈ ਦਹੀਆ ਅਤੇ ਹੋਰਾਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਰਹੀ ਸੀ। -ਪੀਟੀਆਈ