* ਐਨਆਈਏ ਮੁਖੀ ਵੱਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਪੁਲੀਸ ਮੁਖੀਆਂ ਨਾਲ ਮੀਟਿੰਗ
* ਤਿੰਨ ਸੂਬਿਆਂ ਦੇ ਅਧਿਕਾਰੀਆਂ ਨਾਲ ਇੱਕ ਸਾਂਝੀ ਕਮੇਟੀ ਸਥਾਪਤ ਕਰਨ ਦਾ ਫ਼ੈਸਲਾ
ਦਵਿੰਦਰ ਪਾਲ
ਚੰਡੀਗੜਂ, 30 ਜੂਨ
ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਅਗਵਾਈ ਹੇਠ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸੂਬਿਆਂ ਦੇ ਪੁਲੀਸ ਮੁਖੀਆਂ ਦੀ ਮੀਟਿੰਗ ਦੌਰਾਨ ਉੱਤਰੀ ਭਾਰਤ ਵਿੱਚ ਅਪਰਾਧੀਆਂ, ਗੈਂਗਸਟਰਾਂ ਅਤੇ ਅਤਿਵਾਦੀਆਂ ਦਰਮਿਆਨ ਬਣੇ ਗੱਠਜੋੜ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਗੱਠਜੋੜ ਨੂੰ ਤੋੜਨ ਲਈ ਠੋਸ ਰਣਨੀਤੀ ਘੜਨ ’ਤੇ ਵਿਚਾਰ ਕੀਤਾ ਗਿਆ। ਤਿੰਨਾਂ ਸੂਬਿਆਂ ਦੇ ਪੁਲੀਸ ਮੁਖੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਸੰਗਠਿਤ ਅਪਰਾਧ ਨਾਲ ਨਜਿੱਠਣ ਲਈ ਸਹਿਯੋਗੀ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੱਤਾ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਉੱਤਰੀ ਖਿੱਤੇ ’ਚ ਸਰਗਰਮ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਆਦਾਨ-ਪ੍ਰਦਾਨ ਅਤੇ ਤਾਲਮੇਲ ਵਾਲੀ ਕਾਰਵਾਈ ਤੇ ਪੁਲੀਸ ਦੀਆਂ ਮੁਹਿੰਮਾਂ ਲਈ ਇੱਕ ਸਮੂਹਿਕ ਸੰਸਥਾਗਤ ਵਿਧੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਉੱਤਰੀ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਰਗਰਮ ਵੱਖ-ਵੱਖ ਅਪਰਾਧਿਕ ਗੱਠਜੋੜਾਂ ਦੇ ਸਮੁੱਚੇ ਨੈੱਟਵਰਕ ਦੀ ਸੂਚੀ ਅਤੇ ਨਕਸ਼ਾ ਤਿਆਰ ਕਰਨ ਲਈ ਐੱਨਆਈਏ ਤੇ ਤਿੰਨ ਸੂਬਿਆਂ ਦੇ ਅਧਿਕਾਰੀਆਂ ਨਾਲ ਇੱਕ ਸਾਂਝੀ ਕਮੇਟੀ ਸਥਾਪਤ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਇਨ੍ਹਾਂ ਖੇਤਰਾਂ ਵਿੱਚ ਸੰਗਠਿਤ ਅਪਰਾਧਾਂ ਤੇ ਅਪਰਾਧੀਆਂ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸਾਰੇ ਸੂਬਿਆਂ ਦੇ ਪੁਲੀਸ ਅਧਿਕਾਰੀਆਂ ਦੀਆਂ ਮਹੀਨਾਵਾਰ ਮੀਟਿੰਗਾਂ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਉੱਤਰੀ ਰਾਜਾਂ ਵਿੱਚ ਚੱਲ ਰਹੇ ਸੰਗਠਿਤ ਅਪਰਾਧਿਕ ਗਰੋਹਾਂ ਅਤੇ ਗਰੋਹਾਂ ਦੇ ਆਗੂਆਂ ਤੇ ਮੈਂਬਰਾਂ ਦੀਆਂ ਗਤੀਵਿਧੀਆਂ ਅਤੇ ਉਨ੍ਹਾਂ ਨਾਲ ਜੁੜੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਚੱਲ ਰਹੀ ਜਾਂਚ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਅਪਰਾਧੀਆਂ ਅਤੇ ਗੈਂਗਸਟਰਾਂ ਵਿਚਕਾਰ ਵਧਦਾ ਗਠਜੋੜ ਤੇ ਇਨ੍ਹਾਂ ਦੇ ਅੰਤਰਰਾਜੀ ਸਬੰਧ ਤੇ ਟਕਰਾਅ ਉੱਤਰੀ ਰਾਜਾਂ ਲਈ ਚਿੰਤਾ ਦਾ ਕਾਰਨ ਬਣ ਗਏ ਹਨ। ਮੀਟਿੰਗ ਦੌਰਾਨ ਐੱਨਆਈਏ ਨੇ ਅਪਰਾਧੀ-ਅਤਿਵਾਦੀ ਗੱਠਜੋੜਾਂ ਵਿਰੁੱਧ ਅਜਿਹੇ ਤਿੰਨ ਮਾਮਲਿਆਂ ਦੀ ਚੱਲ ਰਹੀ ਜਾਂਚ ਦੌਰਾਨ ਸਾਹਮਣੇ ਆਏ ਤੱਥ ਸਾਂਝੇ ਕੀਤੇ। ਮੀਟਿੰਗ ਦੌਰਾਨ ਗੈਂਗਸਟਰਾਂ ਵਿਰੁੱਧ ਫਾਸਟ-ਟਰੈਕ ਮੁਕੱਦਮੇ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਗਵਾਹਾਂ ਦੀ ਸੁਰੱਖਿਆ ਯੋਜਨਾ ’ਤੇ ਵੀ ਚਰਚਾ ਕੀਤੀ ਗਈ। ਸੰਗਠਿਤ ਅਪਰਾਧਿਕ-ਦਹਿਸ਼ਤਗਰਦੀ ਗੱਠਜੋੜ ਦੇ ਖਤਰੇ ਨਾਲ ਨਜਿੱਠਣ ਲਈ ਐਨਆਈਏ ਮੁਖੀ ਦੀ ਪ੍ਰਧਾਨਗੀ ਹੇਠ ਇਹ ਅਜਿਹੀ ਦੂਜੀ ਮੀਟਿੰਗ ਸੀ। ਹਰਿਆਣਾ ਦੇ ਡੀਜੀਪੀ ਪੀਕੇ ਅਗਰਵਾਲ ਨੇ ਇਨ੍ਹਾਂ ਅਪਰਾਧਿਕ ਗੱਠਜੋੜਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਤੇਜ਼ ਤੇ ਫ਼ੈਸਲਾਕੁਨ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲੀਸ ਸੰਗਠਿਤ ਅਪਰਾਧ ਨਾਲ ਨਜਿੱਠਣ ਦੇ ਤਾਲਮੇਲ ਯਤਨਾਂ ਵਿੱਚ ਸਹਿਯੋਗ ਅਤੇ ਸਰਗਰਮੀ ਨਾਲ ਭਾਗ ਲੈਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਸਰਗਰਮ ਅਪਰਾਧੀਆਂ ਤੇ ਗੈਂਗਸਟਰਾਂ ਦੀ ਹਵਾਲਗੀ ਲਈ ਵਿਦੇਸ਼ੀ ਏਜੰਸੀਆਂ ਨਾਲ ਅੰਤਰਰਾਸ਼ਟਰੀ ਤਾਲਮੇਲ ਤੇ ਸਹਿਯੋਗ ਜ਼ਰੂਰੀ ਹੈ। ਚੰਡੀਗੜ੍ਹ ਦੇ ਡੀਜੀਪੀ ਪ੍ਰਵੀਰ ਰੰਜਨ ਨੇ ਪ੍ਰਭਾਵਿਤ ਰਾਜਾਂ ਦੇ ਪੁਲੀਸ ਬਲਾਂ ਦਰਮਿਆਨ ਨਜ਼ਦੀਕੀ ਅੰਤਰਰਾਜੀ ਤਾਲਮੇਲ ਅਤੇ ਸਾਂਝੇ ਅਪਰੇਸ਼ਨਾਂ ਦੀ ਲੋੜ ’ਤੇ ਜ਼ੋਰ ਦਿੱਤਾ।