ਜੰਮੂ/ਡੋਡਾ, 8 ਅਗਸਤ
ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅਤਿਵਾਦੀ ਫੰਡਿੰਗ ਮਾਮਲੇ ’ਚ ਪਾਬੰਦੀਸ਼ੁਦਾ ਜਥੇਬੰਦੀ ਜਮਾਤ-ਏ-ਇਸਲਾਮੀ (ਜੇਈਆਈ) ਦੇ ਮੈਂਬਰਾਂ ਵਿਰੁੱਧ ਅੱਜ ਜੰਮੂ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਕਈ ਥਾਈਂ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਜ਼ਿਲ੍ਹਿਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਜਮਾਤ-ਏ-ਇਸਲਾਮੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਦਰਜਨ ਦੇ ਕਰੀਬ ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇ ਮਾਰੇ ਜਾ ਰਹੇ ਹਨ। ਐੱਨਆਈਏ ਵੱਲੋਂ ਪਿਛਲੇ ਸਾਲ ਪੰਜ ਫਰਵਰੀ ਨੂੰ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਏਜੰਸੀ ਨੂੰ ਜਾਣਕਾਰੀ ਮਿਲੀ ਸੀ ਕਿ ‘ਜ਼ਕਾਤ’ ਦੇ ਨਾਂ ’ਤੇ ਜੇਈਆਈ ਦੇ ਕੁੱਝ ਮੈਂਬਰਾਂ ਵੱਲੋਂ ਦੇਸ਼-ਵਿਦੇਸ਼ ਤੋਂ ਫੰਡ ਇਕੱਠਾ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਵਰਤੋਂ ਹਿੰਸਕ ਅਤੇ ਵੱਖਵਾਦੀ ਗਤੀਵਿਧੀਆਂ ਲਈ ਕੀਤੀ ਜਾ ਰਹੀ ਹੈ। -ਪੀਟੀਆਈ