ਕਿਸਾਨਾਂ ਦੀ ਕੀਮਤ ’ਤੇ ਅਮਰੀਕਾ ਨਾਲ ਕੋਈ ਸਮਝੌਤਾ ਨਹੀਂ: ਚੌਹਾਨ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਕਿਹਾ ਕਿ ਭਾਰਤੀ ਕਿਸਾਨਾਂ ਦੇ ਹਿੱਤਾਂ ਦੀ ਕੀਮਤ ’ਤੇ ਅਮਰੀਕਾ ਨਾਲ ਖੇਤੀਬਾੜੀ ਉਤਪਾਦਾਂ ਦੀ ਦਰਾਮਦ ਬਾਰੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਅਮਰੀਕਾ ਵੱਲੋਂ ਭਾਰਤੀ ਵਸਤੂਆਂ ’ਤੇ ਟੈਰਿਫ 50 ਫੀਸਦ ਤੱਕ ਵਧਾਉਣ ਤੋਂ ਬਾਅਦ ਨਵੀਂ ਦਿੱਲੀ ਅਤੇ ਵਾਸ਼ਿੰਗਟਨ ਵਿਚਾਲੇ ਸਬੰਧ ਤਣਾਅਪੂਰਨ ਹੋ ਗਏ ਹਨ। ਇਸ ਵਾਧੇ ਵਿੱਚ ਭਾਰਤ ਵੱਲੋਂ ਰੂਸੀ ਕੱਚੇ ਤੇਲ ਦੀ ਖਰੀਦ ’ਤੇ ਲਾਇਆ ਗਿਆ 25 ਫੀਸਦ ਵਾਧੂ ਟੈਰਿਫ ਵੀ ਸ਼ਾਮਲ ਹੈ।
ਪ੍ਰੈਸ ਕਾਨਫਰੰਸ ਵਿੱਚ ਜਦੋਂ ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਕੀ ਅਮਰੀਕੀ ਖੇਤੀਬਾੜੀ ਉਤਪਾਦਾਂ ’ਤੇ ਦਰਾਮਦ ਡਿਊਟੀ ਵਿੱਚ ਕੁਝ ਰਿਆਇਤ ਦੇ ਕੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਕੋਈ ਗੁੰਜਾਇਸ਼ ਹੈ, ਤਾਂ ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਕਿਸਾਨਾਂ ਦੇ ਹਿੱਤਾਂ ਦੀ ਕੀਮਤ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇਗੀ।’ ਵਿਰੋਧੀ ਧਿਰ ਦੇ ਇਸ ਦੋਸ਼ ’ਤੇ ਕਿ ਜੀ ਐੱਸ ਟੀ ਢਾਂਚੇ ਵਿੱਚ ਬਦਲਾਅ ਸਿਰਫ ਟਰੰਪ ਵੱਲੋਂ ਲਾਏ ਗਏ ਟੈਰਿਫ ਕਾਰਨ ਕੀਤੇ ਗਏ ਹਨ, ਉਨ੍ਹਾਂ ਕਿਹਾ, ‘ਭਾਰਤ ਵਿੱਚ ਹੋ ਰਹੇ ਹਰ ਚੰਗੇ ਕੰਮ ਪਿੱਛੇ ਉਨ੍ਹਾਂ ਨੂੰ ਟਰੰਪ ਨਜ਼ਰ ਆਉਂਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆ ਨੂੰ ਦਿਖਾਇਆ ਹੈ ਕਿ ਉਨ੍ਹਾਂ ਲਈ ਦੇਸ਼ ਦਾ ਹਿੱਤ ਸਭ ਤੋਂ ਉੱਪਰ ਹੈ ਅਤੇ ਇਸ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।’