ਲਖਨਊ, 24 ਅਕਤੂਬਰ
ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦਾ ਮਖੌਲ ਉਡਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਤੋਂ ਕੋਈ ਚੁਣੌਤੀ ਦਰਪੇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਕਾਂਗਰਸ ਚੋਣਾਂ ਦੌਰਾਨ ਆਪਣੀਆਂ ਸੱਤ ਸੀਟਾਂ ਬਰਕਰਾਰ ਰੱਖ ਲੈਂਦੀ ਹੈ ਤਾਂ ਇਹ ਉਸ ਦੀ ਵੱਡੀ ਪ੍ਰਾਪਤੀ ਹੋਵੇਗੀ। ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਸਮਾਜਵਾਦੀ ਪਾਰਟੀ (ਐੱਸਪੀ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਤੋਂ ਵੀ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਦੋਵੇਂ ਪਾਰਟੀਆਂ ਪਿਛਲੀਆਂ ਸੀਟਾਂ ਨੂੰ ਹੀ ਬਰਕਰਾਰ ਰੱਖ ਲੈਂਦੀਆਂ ਹਨ ਤਾਂ ਉਨ੍ਹਾਂ ਨੂੰ ਏਨੇ ਵਿੱਚ ਖ਼ੁਸ਼ ਹੋ ਜਾਣਾ ਚਾਹੀਦਾ ਹੈ। ਮੌਰਿਆ ਨੇ ਆਮ ਆਦਮੀ ਪਾਰਟੀ ਅਤੇ ਅਸਦੂਦੀਨ ਓਵਾਇਸੀ ਦੀ ਅਗਵਾਈ ਵਾਲੀ ਏਆਈਐੱਮਆਈਐੱਮ ਨੂੰ ਕੋਈ ਤਵੱਜੋ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਉਹ ‘ਵੋਟਾਂ ਕੱਟਣ’ ਵਾਲੀਆਂ ਪਾਰਟੀਆਂ ਹਨ। ਭਾਜਪਾ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ ਬਾਰੇ ਉਨ੍ਹਾਂ ਕਿਹਾ ਕਿ ਫ਼ੈਸਲਾ ਕੇਂਦਰੀ ਲੀਡਰਸ਼ਿਪ ਵਿਧਾਇਕਾਂ ਨਾਲ ਚਰਚਾ ਕਰਨ ਮਗਰੋਂ ਲਵੇਗੀ। -ਪੀਟੀਆਈ