ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੁਣ ਪੰਜਾਬ ਦੀ ਰਾਜਧਾਨੀ ’ਤੇ ਅੱਖ: ਪੰਜਾਬ ਦੇ ਹੱਕਾਂ ’ਤੇ ਇਕ ਹੋਰ ਡਾਕੇ ਦੀ ਤਿਆਰੀ

ਚੰਡੀਗਡ਼੍ਹ ਵਿੱਚ ਪ੍ਰਸ਼ਾਸਕ ਦੀ ਥਾਂ ਉਪ ਰਾਜਪਾਲ ਤਾੲਿਨਾਤ ਕੀਤੇ ਜਾਣ ਦੀ ਹੋਵੇਗੀ ਤਜਵੀਜ਼
Advertisement

ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਇਕ ਹੋਰ ਕਥਿਤ ਤਿਆਰੀ ਕਰ ਲਈ ਹੈ। ਕੇਂਦਰ ਸਰਕਾਰ ਵੱਲੋਂ ਸੰਸਦ ਦੇ ਆਉਂਦੇ ਸਰਤ ਰੁੱਤ ਇਜਲਾਸ ਲਈ ਅਜਿਹਾ ਬਿੱਲ ਸੂਚੀਬੱਧ ਕੀਤਾ ਗਿਆ ਹੈ ਜਿਸ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ’ਚ ਉਪ ਰਾਜਪਾਲ (ਲੈਫਟੀਨੈਂਟ ਗਵਰਨਰ) ਲਗਾਇਆ ਜਾ ਸਕੇਗਾ। ਇਸ ਨਾਲ ਪੰਜਾਬ ਦੇ ਰਾਜਪਾਲ ਨੂੰ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕਰਨ ਦੀ 41 ਸਾਲ ਪੁਰਾਣੀ ਰਵਾਇਤ ਖ਼ਤਮ ਹੋ ਸਕਦੀ ਹੈ। ਸੰਵਿਧਾਨ (131ਵੀਂ ਸੋਧ) ਬਿੱਲ ਸੂਚੀਬੱਧ ਕੀਤਾ ਗਿਆ ਹੈ, ਜਿਸ ਵਿੱਚ ਚੰਡੀਗੜ੍ਹ ਨੂੰ ਧਾਰਾ 240 ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਮਿਲਦੇ ਹੀ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਆਗੂਆਂ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਅਸਿੱਧੇ ਢੰਗ ਨਾਲ ਪੰਜਾਬ ਤੋਂ ਚੰਡੀਗੜ੍ਹ ਦਾ ਹੱਕ ਖੋਹਣ ਦੀ ਸਾਜ਼ਿਸ਼ ਹੈ।

ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਸੰਵਿਧਾਨ (131ਵੀਂ ਸੋਧ) ਬਿੱਲ ਪੇਸ਼ ਕਰਨ ਦੀ ਤਿਆਰੀ ਕੀਤੀ ਹੈ। ਵਿਧਾਨ ਸਭਾ ਨਾ ਹੋਣ ਕਾਰਨ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਜਿਸ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ (ਯੂਟੀ) ਦੀ ਦੇਖ-ਰੇਖ ਹੋਰ ਯੂਟੀਜ਼ ਵਾਂਗ ਸਿੱਧੇ ਰਾਸ਼ਟਰਪਤੀ ਦੇ ਅਧੀਨ ਆ ਜਾਵੇਗੀ। ਇਸ ਤੋਂ ਪਹਿਲਾਂ ਕੇਂਦਰ ਸ਼ਾਸਿਤ ਪ੍ਰਦੇਸ਼ ਅੰਡੇਮਾਨ ਤੇ ਨਿਕੋਬਾਰ ਟਾਪੂ, ਲਕਸ਼ਦੀਪ, ਦਾਦਰਾ ਤੇ ਨਗਰ ਹਵੇਲੀ, ਦਮਨ ਤੇ ਦੀਉ ਅਤੇ ਪੁੱਡੂਚੇਰੀ ਵਿੱਚ ਵਿਧਾਨ ਸਭਾ ਨਾ ਹੋਣ ਕਰਕੇ ਉੱਥੇ ਉਪ ਰਾਜਪਾਲ ਲਗਾਏ ਹੋਏ ਹਨ। ਹਾਲਾਂਕਿ ਮੌਜੂਦਾ ਸਮੇਂ ’ਚ ਚੰਡੀਗੜ੍ਹ ਪ੍ਰਸ਼ਾਸਨ ਪੰਜਾਬ ਦੇ ਰਾਜਪਾਲ ਅਧੀਨ ਆਉਂਦਾ ਹੈ ਅਤੇ ਉਹ ਪ੍ਰਸ਼ਾਸਕ ਵਜੋਂ ਇਸ ਦੀ ਦੇਖ-ਰੇਖ ਕਰਦੇ ਹਨ। ਦੋਵੇਂ ਸੂਬਿਆਂ ਦੀ ਰਾਜਧਾਨੀ ਹੋਣ ਕਾਰਨ ਚੰਡੀਗੜ੍ਹ ਵਿੱਚ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਪੰਜਾਬ ਅਤੇ ਹਰਿਆਣਾ ਵਿੱਚੋਂ 60:40 ਅਨੁਪਾਤ ਅਨੁਸਾਰ ਲਗਾਏ ਜਾਂਦੇ ਹਨ। ਇਸ ਨਿਯਮ ਤਹਿਤ ਚੰਡੀਗੜ੍ਹ ਦਾ ਵਿੱਤ ਸਕੱਤਰ ਪੰਜਾਬ ਅਤੇ ਗ੍ਰਹਿ ਸਕੱਤਰ ਹਰਿਆਣਾ ਤੋਂ ਲਗਾਇਆ ਜਾਂਦਾ ਹੈ, ਜਦੋਂ ਕਿ ਐੱਸ ਐੱਸ ਪੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਹਰਿਆਣਾ ਕਾਡਰ ਦਾ ਹੁੰਦਾ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਪੰਜਾਬ ਦੇ ਅਧਿਕਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਸਹਿਣ ਨਹੀਂ ਕੀਤਾ ਜਾਵੇਗਾ। ਦੋਵੇਂ ਸੰਸਦ ਮੈਂਬਰਾਂ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਹੈ ਅਤੇ ਉਸ ਉਪਰ ਪੰਜਾਬ ਦਾ ਹੱਕ ਹੈ ਜੋ ਬਰਕਰਾਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪਹਿਲਾਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਕੇ ਆਪਣੇ ਅਧੀਨ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹੁਣ ਚੰਡੀਗੜ੍ਹ ’ਤੇ ਕਬਜ਼ੇ ਦੀ ਤਿਆਰ ਹੈ।

Advertisement

 

ਪੰਜਾਬ ਵਿਰੁੱਧ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦਿਆਂਗੇ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲੋਂ ਸੰਸਦ ਦੇ ਸਰਦ ਰੁੱਤ ਇਜਲਾਸ ਵਿੱਚ ਲਿਆਂਦੇ ਜਾ ਰਹੇ ਪ੍ਰਸਤਾਵਿਤ ਸੰਵਿਧਾਨ (131ਵੀਂ ਸੋਧ) ਬਿੱਲ ਦਾ ਵਿਰੋਧ ਕੀਤਾ ਹੈ। ਬਿੱਲ ਪੰਜਾਬ ਦੇ ਹਿੱਤਾਂ ਵਿਰੁੱਧ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਵਿਰੁੱਧ ਸਾਜ਼ਿਸ਼ ਘੜੀ ਜਾ ਰਹੀ ਹੈ, ਜਿਸ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹੱਕ ਅਜਾਈਂ ਨਹੀਂ ਜਾਣ ਦੇਵੇਗਾ ਅਤੇ ਹੱਕਾਂ ਦੀ ਰਾਖੀ ਲਈ ਜੋ ਕੁਝ ਕਰਨਾ ਪਵੇਗਾ, ਉਹ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ, ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਵੀ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਹੈ।

 

ਸੁਖਬੀਰ ਵੱਲੋਂ ਸੋਧ ਬਿੱਲ ਪੇਸ਼ ਨਾ ਕਰਨ ਦੀ ਅਪੀਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ 131ਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਨਾ ਕਰਨ ਦੀ ਅਪੀਲ ਕੀਤੀ ਹੈ। ਸੁਖਬੀਰ ਨੇ ਕਿਹਾ ਕਿ ਅਜਿਹਾ ਕਰਨਾ ਉਨ੍ਹਾਂ ਬਹਾਦਰ ਪੰਜਾਬੀਆਂ ਨਾਲ ਧੋਖਾ ਤੇ ਵਿਤਕਰਾ ਹੋਵੇਗਾ, ਜਿਨ੍ਹਾਂ ਦੇਸ਼ ਵਾਸਤੇ ਸਭ ਤੋਂ ਵੱਧ ਸ਼ਹਾਦਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਬਿੱਲ ਦਾ ਮਕਸਦ ਚੰਡੀਗੜ੍ਹ ਨੂੰ ਪੱਕੇ ਤੌਰ ’ਤੇ ਪੰਜਾਬ ਦੇ ਪ੍ਰਸ਼ਾਸਕੀ ਅਤੇ ਸਿਆਸੀ ਕੰਟਰੋਲ ਤੋਂ ਲਾਂਭੇ ਕਰਨਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

 

ਕੇਂਦਰ ਨੂੰ ਡਾਕਾ ਨਹੀਂ ਮਾਰਨ ਦੇਵਾਂਗੇ: ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਤੋਂ ਚੰਡੀਗੜ੍ਹ ਨੂੰ ਖੋਹਣ ਲਈ ਸੰਵਿਧਾਨ ਵਿੱਚ 131ਵੀਂ ਸੋਧ ਪ੍ਰਸਤਾਵਿਤ ਕੀਤਾ ਗਈ ਹੈ, ਜਿਸ ਵਿੱਚ ਚੰਡੀਗੜ੍ਹ ਨੂੰ ਹੋਰ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਾਂਗ ਧਾਰਾ 240 ਅਧੀਨ ਲਿਆਂਦਾ ਜਾਵੇਗਾ। ਸ੍ਰੀ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਅਧਿਕਾਰਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕੇਂਦਰ ਨੂੰ ਕਦੇ ਵੀ ਅਜਿਹਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਸੰਸਦ ਵਿੱਚ ਸੋਧ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ ਨੂੰ ਇਸ ਸੋਧ ਬਿੱਲ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਦੇ ਇਸ ਕਦਮ ਨੂੰ ਸੂਬੇ ’ਤੇ ਇਕ ਹੋਰ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਚੰਡੀਗੜ੍ਹ, ਦਰਿਆਈ ਪਾਣੀਆਂ ਅਤੇ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦੇ ਜਾਇਜ਼ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਮਾਨਸਿਕਤਾ ਬਹੁਤ ਹੀ ਮੰਦਭਾਗੀ, ਪੱਖਪਾਤੀ ਅਤੇ ਅਸਵੀਕਾਰਨਯੋਗ ਹੈ।

Advertisement
Show comments