ਲਖਨਊ, 17 ਅਗਸਤ
ਉੱਤਰ ਪ੍ਰਦੇਸ਼ ਵਿੱਚ ਹੁਣ ਸਾਰੇ ਤਬਾਦਲੇ ਸਿਰਫ਼ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਨਜ਼ੂਰੀ ਤੋਂ ਬਾਅਦ ਹੀ ਕੀਤੇ ਜਾਣਗੇ। ਇਹ ਹੁਕਮ ਮੁੱਖ ਸਕੱਤਰ ਦੁਰਗਾ ਸ਼ੰਕਰ ਮਿਸ਼ਰਾ ਨੇ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਹਾਲ ਹੀ ’ਚ ਲੋਕ ਨਿਰਮਾਣ ਵਿਭਾਗ, ਸਿਹਤ ਤੇ ਜਲ ਸ਼ਕਤੀ ਵਿਭਾਗਾਂ ਵਿੱਚ ਹੋਏ ਤਬਾਦਲਿਆਂ ਨੂੰ ਲੈ ਕੇ ਕਾਫੀ ਵਿਵਾਦ ਖੜ੍ਹਾ ਹੋ ਗਿਆ ਸੀ, ਜਿਸ ਕਾਰਨ ਸੀਨੀਅਰ ਅਧਿਕਾਰੀਆਂ ਨੂੰ ਮੁਅੱਤਲ ਵੀ ਕੀਤਾ ਗਿਆ। ਮੁੱਖ ਸਕੱਤਰ ਵੱਲੋਂ ਮੰਗਲਵਾਰ ਨੂੰ ਸਾਰੇ ਵਧੀਕ ਮੁੱਖ ਸਕੱਤਰਾਂ, ਪ੍ਰਮੁੱਖ ਸਕੱਤਰਾਂ ਤੇ ਸਕੱਤਰਾਂ ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਤਬਾਦਲਿਆਂ ਦਾ ਸੀਜ਼ਨ 30 ਜੂਨ ਨੂੰ ਖ਼ਤਮ ਹੋ ਚੁੱਕਾ ਹੈ ਅਤੇ ਹੁਣ ਸਾਰੇ ਮੁਲਾਜ਼ਮਾਂ ਦੇ ਤਬਾਦਲੇ ਮੁੱਖ ਮੰਤਰੀ ਕੋਲੋਂ ਲੋੜੀਂਦੀ ਮਨਜ਼ੂਰੀ ਲੈਣ ਤੋਂ ਬਾਅਦ ਹੀ ਕੀਤੇ ਜਾਣਗੇ। 15 ਜੂਨ ਨੂੰ ਜਾਰੀ ਕੀਤੀ ਗਈ ਸਾਲਾਨਾ ਤਬਾਦਲਾ ਨੀਤੀ ਅਨੁਸਾਰ ਸਾਰੇ ਜ਼ਿਲ੍ਹਾ ਤੇ ਡਿਵੀਜ਼ਨ ਪੱਧਰੀ ਤਬਾਦਲੇ 30 ਜੂਨ ਤੱਕ ਹੀ ਕੀਤੇ ਜਾਣੇ ਸਨ। ਮੰਤਰੀ ਜਿਤਿਨ ਪ੍ਰਸਾਦ ਦੀ ਅਗਵਾਈ ਵਾਲੇ ਸੂਬੇ ਦੇ ਲੋਕ ਨਿਰਮਾਣ ਵਿਭਾਗ ਵਿੱਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਸੀ, ਜਿਸ ਕਰ ਕੇ ਓਐੱਸਡੀ ਨੂੰ ਹਟਾ ਦਿੱਤਾ ਗਿਆ ਅਤੇ ਵਿਭਾਗ ਦੇ ਪੰਜ ਸੀਨੀਅਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਉਪ ਮੁੱਖ ਮੰਤਰੀ ਬ੍ਰਿਜੇਸ਼ ਪਾਠਕ ਜਿਨ੍ਹਾਂ ਕੋਲ ਮੈਡੀਕਲ ਤੇ ਸਿਹਤ ਵਿਭਾਗ ਵੀ ਹੈ, ਉਹ ਉਨ੍ਹਾਂ ਦੇ ਵਿਭਾਗ ਵਿੱਚ ਹੋਈਆਂ ਡਾਕਟਰਾਂ ਦੀਆਂ ਬਦਲੀਆਂ ਤੋਂ ਨਾਖੁਸ਼ ਸਨ ਅਤੇ ਉਨ੍ਹਾਂ ਨੇ ਇਸ ਸਬੰਧੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਤਬਾਦਲਿਆਂ ਲਈ ਅਪਣਾਈ ਗਈ ਪ੍ਰਕਿਰਿਆ ਬਾਰੇ ਸਵਾਲ ਵੀ ਖੜ੍ਹੇ ਕੀਤੇ ਸਨ। ਇਸੇ ਤਰ੍ਹਾਂ ਜਲ ਸ਼ਕਤੀ ਵਿਭਾਗ ਦੇ ਮੰਤਰੀ ਦਿਨੇਸ਼ ਖਟੀਕ ਨੇ ਰਾਜਪਾਲ ਆਨੰਦੀਬੇਨ ਪਟੇਲ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਆਪਣਾ ਅਸਤੀਫ਼ਾ ਭੇਜ ਕੇ ਬਦਲੀਆਂ ’ਚ ਅਨਿਯਮਤਾਵਾਂ ਦੇ ਦੋਸ਼ ਲਾਏ ਸਨ। -ਪੀਟੀਆਈ