ਮੇਜਰ ਸਿੰਘ ਮੱਟਰਾਂ
ਭਵਾਨੀਗੜ, 3 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਲਖੀਮਪੁਰ ਕਤਲਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਨੂੰ ਲੈ ਕੇ ਇੱਥੇ ਐਸਡੀਐਮ ਦਫ਼ਤਰ ਭਵਾਨੀਗੜ੍ਹ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਬਾਅਦ ਵਿੱਚ ਸੁਖਜਿੰਦਰ ਸਿੰਘ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਸੁਖਦੇਵ ਸਿੰਘ ਬਾਲਦ, ਬੁੱਧ ਸਿੰਘ ਬਾਲਦ ਅਤੇ ਕੁਲਵਿੰਦਰ ਕੌਰ ਭੜੋ ਨੇ ਕਿਹਾ ਕਿ ਦਿੱਲੀ ਕਿਸਾਨ ਮੋਰਚੇ ਦੌਰਾਨ ਲਖੀਮਪੁਰ ਖੀਰੀ ਵਿਖੇ ਭਾਜਪਾ ਦੇ ਮੰਤਰੀ ਦੇ ਮੰਤਰੀ ਅਜੈ ਮਿਸ਼ਰਾ ਦੇ ਲੜਕੇ ਦੇ ਕਥਿਤ ਟੋਲੇ ਵੱਲੋਂ ਗੱਡੀ ਚੜ੍ਹਾ ਕੇ 5 ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਪਰ ਹਾਲੇ ਤੱਕ ਮੁਲਜ਼ਮਾਂ ਨੂੰ ਸਜ਼ਾਵਾਂ ਨਹੀ ਦਿੱਤੀਆਂ ਗਈਆਂ। ਉੁਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਬੁਲਾਰਿਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਮੰਗ ਕਰਦਿਆਂ ਅਗਾਊਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਆਪਣੇ ਫਰਜ਼ਾਂ ਤੋੰ ਮੂੰਹ ਫੇਰਿਆ ਹੈ ਤਾਂ ਕਿਸਾਨ ਪਰਾਲੀ ਨੂੰ ਸਾੜਨ ਲਈ ਮਜਬੂਰ ਹੋਣਗੇ। ਇਸੇ ਦੌਰਾਨ ਐਸਡੀਐਮ ਦਫ਼ਤਰ ਭਵਾਨੀਗੜ ਅੱਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਗਤਾਰ ਸਿੰਘ ਕਾਲਾਝਾੜ, ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਵੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।