ਲਖਨਊ, 5 ਅਗਸਤ
ਪੈਗਾਸਸ ਜਾਸੂਸੀ ਵਿਵਾਦ ਤੇ ਹੋਰਨਾਂ ਮੁੱਦਿਆਂ ’ਤੇ ਸੰਸਦੀ ਕਾਰਵਾਈ ’ਚ ਵਿਘਨ ਪਾਉਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰਾਂ ਦੀ ਆਲੋਚਨਾ ਕਰਦਿਆਂ ਅੱਜ ਕਿਹਾ ਕਿ ਉਹ ਦੇਸ਼ ਨੂੰ ਅੱਗੇ ਵੱਧ ਤੋਂ ਨਹੀਂ ਰੋਕ ਸਕਦੀਆਂ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਰਵੱਈਏ ਨੂੰ ‘ਦੇਸ਼ ਵਿਰੋਧੀ’ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਦਾ ਧਿਆਨ ਦੇਸ਼ ਦੇ ਵਿਕਾਸ ਦੇ ਰਾਹ ’ਚ ਅੜਿੱਕੇ ਪਾਉਣਾ ਹੈ। ਉਨ੍ਹਾਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿ ਭਾਰਤ ਚੱਲ ਪਿਆ ਹੈ। ਉਨ੍ਹਾਂ ਓਲੰਪਿਕ ਤਗਮਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਕ ਪਾਸੇ ਦੇਸ਼ ਗੋਲ ’ਤੇ ਗੋਲ ਕਰ ਰਿਹਾ ਹੈ ਤੇ ਦੂਜੇ ਪਾਸੇ ਇਹ ਪਾਰਟੀਆਂ ਆਪਣੇ ਸਿਆਸੀ ਏਜੰਡੇ ਖਾਤਰ ‘ਸੈਲਫ ਗੋਲ’ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਮਨਾਏ ਜਾ ਰਹੇ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦਿਹਾੜੇ’ ਮੌਕੇ ਕੇਂਦਰ ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਇਹ ਟਿੱਪਣੀ ਕੀਤੀ। ਪ੍ਰਧਾਨ ਮੰਤਰੀ ਨੇ ਰਾਜ ’ਚ ਇਸ ਯੋਜਨਾ ਬਾਰੇ ਜਾਗਰੂਕਤਾ ਫੈਲਾਉਣ ਲਈ ਮੁਹਿੰਮ ਵੀ ਸ਼ੁਰੂ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੀਆਂ ਸਰਕਾਰਾਂ ਦੇ ਸਮੇਂ ਗ਼ਰੀਬਾਂ ਲਈ ਵੰਡਿਆਂ ਜਾਣ ਵਾਲਾ ਅਨਾਜ ਲੁੱਟ ਲਿਆ ਜਾਂਦਾ ਸੀ ਪਰ ਹੁਣ ਭਾਜਪਾ ਸਰਕਾਰ ਦੇ ਰਾਜ ’ਚ ਗਰੀਬਾਂ ਨੂੰ ਅਨਾਜ ਦਾ ਲਾਭ ਮਿਲ ਰਿਹਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਯੁੱਧਿਆ ਤੋਂ ਆਨਲਾਈਨ ਇਸ ਸਮਾਗਮ ਨਾਲ ਜੁੜੇ। ਇਸ ਮੌਕੇ ਪ੍ਰਧਾਨ ਮੰਤਰੀ ਨੇ ਵਾਰਾਣਸੀ, ਸੁਲਤਾਨਪੁਰ, ਕੁਸ਼ੀਨਗਰ ਤੇ ਝਾਂਸੀ ਦੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਰਾਜ ’ਚ ਇਸ ਸਮੇਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ 15 ਕਰੋੜ ਦੇ ਕਰੀਬ ਲਾਭਪਾਤਰੀ ਹਨ। -ਪੀਟੀਆਈ
ਵਿਰੋਧੀ ਧਿਰ ਪੈਗਾਸਸ ਸਮੇਤ ਲੋਕਾਂ ਦੇ ਮੁੱਦੇ ਉਠਾਉਂਦੀ ਰਹੇਗੀ: ਕਾਂਗਰਸ
ਨਵੀਂ ਦਿੱਲੀ: ਕਾਂਗਰਸ ਨੇ ਅੱਜ ਦੁਹਰਾਇਆ ਹੈ ਕਿ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਉਹ ਇਸ ਤੋਂ ਡਰੇਗੀ ਨਹੀਂ ਅਤੇ ਪੈਗਾਸਸ ਜਾਸੂਸੀ ਕਾਂਡ, ਕਿਸਾਨਾਂ ਦੀਆਂ ਮੁਸ਼ਕਲਾਂ ਸਮੇਤ ਲੋਕਾਂ ਦੇ ਮੁੱਦੇ ਉਠਾਉਣ ਲਈ ਸੰਘਰਸ਼ ਕਰਦੀ ਰਹੇਗੀ। ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਪੈਗਾਸਸ ਮੁੱਦੇ ’ਤੇ ਸੰਸਦ ਦੀ ਕਾਰਵਾਈ ਨਹੀਂ ਚੱਲ ਰਹੀ ਹੈ ਕਿਉਂਕਿ ਸਰਕਾਰ ਬਹਿਸ ਤੋਂ ਭੱਜ ਰਹੀ ਹੈ। ‘ਸਰਕਾਰ ਇਸ ਮੁੱਦੇ ’ਤੇ ਬਹਿਸ ਤੋਂ ਕਿਉਂ ਭੱਜ ਰਹੀ ਹੈ? ਉਹ ਆਖ ਰਹੇ ਹਨ ਕਿ ਵਿਰੋਧੀ ਧਿਰ ਤਿਆਰ ਨਹੀਂ ਹੈ, ਇਸ ਕਰਕੇ ਬਹਿਸ ਨਹੀਂ ਹੋ ਰਹੀ ਹੈ।’ ਕਾਂਗਰਸ ਦੇ ਇਕ ਹੋਰ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ 500 ਤੋਂ ਵੱਧ ਕਿਸਾਨ ‘ਸ਼ਹੀਦ’ ਹੋ ਚੁੱਕੇ ਹਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ‘ਸ਼ਹੀਦਾਂ’ ਬਾਰੇ ਇਕ ਲਫ਼ਜ਼ ਤੱਕ ਨਹੀਂ ਬੋਲਿਆ ਹੈ। ਬਾਜਵਾ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ ਕਿਉਂਕਿ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਬਹੁਕੌਮੀ ਕੰਪਨੀਆਂ ਹਵਾਲੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜੰਤਰ-ਮੰਤਰ ’ਤੇ ਜਾ ਕੇ ਕਿਸਾਨਾਂ ਦੀ ਗੱਲ ਸੁਣ ਕੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ। -ਪੀਟੀਆਈ
ਸੰਸਦ ’ਚ ਅੜਿੱਕੇ ਲਈ ਕਾਂਗਰਸ ਜ਼ਿੰਮੇਵਾਰ: ਭਾਜਪਾ
ਨਵੀਂ ਦਿੱਲੀ: ਭਾਜਪਾ ਨੇ ਪੈਗਾਸਸ ਦੇ ਮੁੱਦੇ ’ਤੇ ਸੰਸਦ ਦੀ ਕਾਰਵਾਈ ’ਚ ਅੜਿੱਕੇ ਡਾਹੁਣ ਲਈ ਕਾਂਗਰਸ ਨੂੰ ਘੇਰਦਿਆਂ ਦਾਅਵਾ ਕੀਤਾ ਹੈ ਕਿ ਮੁੱਢਲੇ ਤੌਰ ’ਤੇ ਅਜਿਹਾ ਕੋਈ ਸਬੂਤ ਨਹੀਂ ਹੈ ਜਿਸ ਤੋਂ ਪਤਾ ਲਗਦਾ ਹੋਵੇ ਕਿ ਕੁਝ ਵਿਸ਼ੇਸ਼ ਫੋਨ ਨੰਬਰ ਟੈਪ ਕੀਤੇ ਗਏ ਹਨ। ਭਾਜਪਾ ਦੇ ਸੀਨੀਅਰ ਆਗੂ ਰਵੀ ਸ਼ੰਕਰ ਪ੍ਰਸਾਦ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੈਗਾਸਸ ਜਾਂ ਕਿਸਾਨਾਂ ਨਾਲ ਸਬੰਧਤ ਮੁੱਦਿਆਂ ’ਤੇ ਅਰਥ ਭਰਪੂਰ ਬਹਿਸ ਲਈ ਤਿਆਰ ਹੈ। ਉਂਜ ਵਿਰੋਧੀ ਧਿਰ ਆਈਟੀ ਮੰਤਰੀ ਅਸ਼ਵਨੀ ਵੈਸ਼ਨਵ ਵੱਲੋਂ ਦਿੱਤੇ ਗਏ ਬਿਆਨ ’ਤੇ ਸਪੱਸ਼ਟੀਕਰਨ ਮੰਗ ਸਕਦੀ ਸੀ ਜਿਸ ਨਾਲ ਬਹਿਸ ਸ਼ੁਰੂ ਹੋ ਸਕਦੀ ਸੀ ਪਰ ਵਿਰੋਧੀ ਮੈਂਬਰਾਂ ਨੇ ਉਨ੍ਹਾਂ ਦੇ ਬਿਆਨ ਨੂੰ ਹੀ ਪਾੜ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਵਿਰੋਧੀ ਲੋਕ ਪੈਗਾਸਸ ਜਾਸੂਸੀ ਵਿਵਾਦ ਨੂੰ ਹਵਾ ਦੇ ਰਹੇ ਹਨ ਅਤੇ ਇਹ ਮੁੱਦਾ ਸੰਸਦ ਦਾ ਮੌਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਜਾਣ-ਬੁੱਝ ਕੇ ਉਭਾਰਿਆ ਗਿਆ। -ਪੀਟੀਆਈ