ਨਵੀਂ ਦਿੱਲੀ, 26 ਜੁਲਾਈ
ਸੰਸਦ ਦੇ ਦੋਵੇਂ ਸਦਨਾਂ ’ਚ ਕਈ ਦਿਨਾਂ ਤੋਂ ਚੱਲ ਰਹੇ ਗਤੀਰੋਧ ਦੌਰਾਨ ਮੁੱਖ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਸੋਮਵਾਰ ਨੂੰ ਬੈਠਕ ਕੀਤੀ ਅਤੇ ਪੈਗਾਸਸ ਜਾਸੂਸੀ ਮਾਮਲੇ ਉੱਤੇ ਗੱਲਬਾਤ ਕਰਦਿਆਂ ਜ਼ੋਰ ਦਿੱਤਾ ਕਿ ਇਸ ਮਾਮਲੇ ’ਤੇ ਸੰਸਦ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਣਾ ਚਾਹੀਦਾ ਹੈ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕੱਈਆ ਨਾਇਡੂ ਨੂੰ ਪੈਗਾਸਸ ਮੁੱਦੇ ’ਤੇ ਕਾਰਵਾਈ ਮੁਲਤਵੀ ਨੋਟਿਸ ਦਿੱਤਾ ਅਤੇ ਕਿਹਾ ਹੈ ਕਿ ਪ੍ਰਸ਼ਨ ਕਾਲ, ਸਿਫਰ ਕਾਲ ਅਤੇ ਹੋਰ ਕੰਮਕਾਜ ਮੁਅੱਤਲ ਕੀਤੇ ਜਾਣੇ ਚਾਹੀਦਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਇਸ ਮੁੱਦੇ ’ਤੇ ਗੱਲਬਾਤ ਹੋਣੀ ਚਾਹੀਦੀ ਹੈ। ਖੜਗੇ ਦੇ ਚੈਂਬਰ ਵਿੱਚ ਕਈ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਇਸ ਮੁੱਦੇ ’ਤੇ ਗੰਭੀਰਤਾ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਖੜਗੇ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਆਨੰਦ ਸ਼ਰਮਾ ਅਤੇ ਜੈਰਾਮ ਰਮੇਸ਼, ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਰਾਸ਼ਟਰੀ ਜਨਤਾ ਦਲ ਦੇ ਮਨੋਜ ਝਾਅ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਸੁਪ੍ਰਿਆ ਸੁਲੇ, ਆਮ ਆਦਮੀ ਪਾਰਟੀ ਦੇ ਸੁਸ਼ੀਲ ਗੁਪਤਾ ਅਤੇ ਕੁਝ ਹੋਰ ਆਗੂ ਮੌਜੂਦ ਸਨ।