ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 4 ਫਰਵਰੀ
ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਨ ਜਾ ਰਹੇ ਦਸ ਵਿਰੋਧੀ ਦਲਾਂ ਦੇ 15 ਸੰਸਦ ਮੈਂਬਰਾਂ ਨੂੰ ਪੁਲੀਸ ਨੇ ਅੱਜ ਗਾਜ਼ੀਪੁਰ ਬਾਰਡਰ ’ਤੇ ਰੋਕ ਦਿੱਤਾ। ਇਨ੍ਹਾਂ ਨੂੰ ਬੈਰੀਕੇਡ ਪਾਰ ਕਰਕੇ ਕਿਸਾਨਾਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ। ਪਾਰਟੀਆਂ ਦੇ ਸੰਸਦ ਮੈਂਬਰਾਂ ਦਾ ਵਫ਼ਦ ਅੰਦੋਲਨਕਾਰੀ ਕਿਸਾਨਾਂ ਨਾਲ ਏਕਤਾ ਪ੍ਰਗਟਾਉਣ ਲਈ ਅੱਜ ਗਾਜ਼ੀਪੁਰ ਬਾਰਡਰ ’ਤੇ ਪੁੱਜਿਆ। ਵਫ਼ਦ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੁਪ੍ਰਿਆ ਸੁਲੇ, ਕਨੀਮੋਝੀ ਕਰੁਣਾਨਿਧੀ ਤੋਂ ਇਲਾਵਾ ਹੋਰ ਨੇਤਾ ਸ਼ਾਮਲ ਸਨ। ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਂਬਰਾਂ ਨੇ ਕਿਸਾਨਾਂ ਨੂੰ ਰੋਕਣ ਅਤੇ ਉਨ੍ਹਾਂ ਦੀ ਪਾਣੀ ਤੇ ਬਿਜਲੀ ਕੱਟਣ ਕੱਟਣ,ਬੈਰੀਕੇਡ ਲਗਾਉਣ ’ਤੇ ਸਰਕਾਰ ਖ਼ਿਲਾਫ਼ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ ਕਿ ਐੱਨਡੀਏ ਸਰਕਾਰ ਕਿਸਾਨਾਂ ਨਾਲ ਦੁਸ਼ਮਨ ਵਰਗਾ ਵਿਵਹਾਰ ਕਰ ਰਹੀ ਹੈ।