ਅਮੇਠੀ, 24 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੁਝ ਵਿਰੋਧੀ ਪਾਰਟੀਆਂ ਨੇ ਅਹਿਮਦਾਬਾਦ ਧਮਾਕਿਆਂ ਬਾਰੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕਰਨ ਦੀ ਹਿੰਮਤ ਨਹੀਂ ਦਿਖਾਈ ਕਿਉਂਕਿ ਉਨ੍ਹਾਂ ਨੂੰ ਆਪਣਾ ਵੋਟ ਬੈਂਕ ਖੁੱਸਣ ਦਾ ਡਰ ਸੀ। ਪ੍ਰਧਾਨ ਮੰਤਰੀ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਕੁਝ ਦਿਨ ਪਹਿਲਾਂ ਅਹਿਮਦਾਬਾਦ ਦੀ ਵਿਸ਼ੇਸ਼ ਅਦਾਲਤ ਨੇ 2008 ਦੇ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ’ਚ ਦਹਿਸ਼ਤੀ ਜਥੇਬੰਦੀ ਇੰਡੀਅਨ ਮੁਜਾਹਿਦੀਨ ਦੇ 38 ਮੈਂਬਰਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ।
ਅਦਾਲਤ ਨੇ 11 ਹੋਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਯੂਪੀ ’ਚ ਪਰਿਵਾਰਵਾਦ ਵਾਲੀਆਂ ਪਾਰਟੀਆਂ ’ਤੇ ਨਿਸ਼ਾਨ ਲਾਉਂਦਿਆਂ ਕਿਹਾ ਕਿ ਭਾਜਪਾ ’ਚ ਪਰਿਵਾਰ ਕੋਈ ਅਹਿਮੀਅਤ ਨਹੀਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਯੂਪੀ ਵਿਧਾਨ ਸਭਾ ਚੋਣਾਂ ਦੇ ਪਹਿਲੇ ਚਾਰ ਗੇੜਾਂ ’ਚ ਭਾਜਪਾ ਨੂੰ ਆਸ਼ੀਰਵਾਦ ਦਿੱਤਾ ਹੈ ਅਤੇ ਵਿਰੋਧੀਆਂ ਦੀ ਵੋਟਾਂ ਬਾਰੇ ਗਿਣਤੀ-ਮਿਣਤੀ ਵਿਗੜ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 24 ਫਰਵਰੀ ਦਾ ਦਿਨ ਉਨ੍ਹਾਂ ਲਈ ਵਿਸ਼ੇਸ਼ ਅਹਿਮੀਅਤ ਰੱਖਦਾ ਹੈ ਕਿਉਂਕਿ ਤਿੰਨ ਸਾਲ ਪਹਿਲਾਂ ਅੱਜ ਦੇ ਦਿਨ ਹੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਆਰੰਭੀ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਹੀ 20 ਸਾਲ ਪਹਿਲਾਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ। -ਪੀਟੀਆਈ
ਮੋਦੀ ਵੱਲੋਂ ਕਾਰਪੋਰੇਟਾਂ ਨੂੰ ਖੇਤੀ ਆਧੁਨਿਕ ਅਤੇ ਸਮਾਰਟ ਬਣਾਉਣ ਦਾ ਸੱਦਾ
ਨਵੀਂ ਦਿੱਲੀ: ਖਾਣ ਵਾਲੇ ਤੇਲਾਂ ਅਤੇ ਦਾਲਾਂ ਦੀ ਦਰਾਮਦ ਘੱਟ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਰਪੋਰੇਟਾਂ ਨੂੰ ਕਿਹਾ ਕਿ ਇਨ੍ਹਾਂ ਜ਼ਰੂਰੀ ਖੁਰਾਕੀ ਵਸਤਾਂ ਦਾ ਘਰੇਲੂ ਉਤਪਾਦਨ ਵਧਾਉਣ ਲਈ ਉਹ ਅੱਗੇ ਆਉਣ ਅਤੇ ਕਿਸਾਨਾਂ ਦੀ ਸਹਾਇਤਾ ਕਰਨ। ਆਮ ਬਜਟ ’ਚ ਖੇਤੀ ਸੈਕਟਰ ਨੂੰ ਮਜ਼ਬੂਤ ਬਣਾਉਣ ਲਈ ਰੱਖੀਆਂ ਯੋਜਨਾਵਾਂ ਬਾਰੇ ਕਰਵਾਏ ਗਏ ਇਕ ਵੈਬੀਨਾਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਭਾਰਤੀ ਕਾਰੋਬਾਰੀ ਘਰਾਣਿਆਂ ਨੂੰ ਮੋਟੇ ਅਨਾਜਾਂ ਦੀ ਬ੍ਰਾਂਡਿੰਗ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਅੱਗੇ ਆਉਣ ਦਾ ਵੀ ਸੱਦਾ ਦਿੱਤਾ ਹੈ। ਸਿੰਜਾਈ ਖੇਤਰ ’ਚ ਸਟਾਰਟ ਅੱਪਜ਼ ’ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ’ਚ ਵੀ ਵਪਾਰੀਆਂ ਲਈ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਬੀਜ ਤੋਂ ਲੈ ਕੇ ਮੰਡੀਆਂ ਤੱਕ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਦੇਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਸ੍ਰੀ ਮੋਦੀ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ’ਚ ਸਰਕਾਰ ਨੇ ਕਈ ਨਵੇਂ ਪ੍ਰਬੰਧ ਤਿਆਰ ਕੀਤੇ ਹਨ ਅਤੇ ਪੁਰਾਣਿਆਂ ’ਚ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ,‘‘ਆਮ ਬਜਟ ’ਚ ਖੇਤੀ ਨੂੰ ਆਧੁਨਿਕ ਅਤੇ ਸਮਾਰਟ ਬਣਾਉਣ ਲਈ ਕਈ ਰਾਹ ਦੱਸੇ ਗਏ ਹਨ ਜਿਨ੍ਹਾਂ ’ਚ ਗੰਗਾ ਦੇ ਦੋਵੇਂ ਕੰਢਿਆਂ ’ਤੇ ਪੰਜ ਕਿਲੋਮੀਟਰ ਦੇ ਘੇਰੇ ’ਚ ਕੁਦਰਤੀ ਖੇਤੀ ਨੂੰ ‘ਮਿਸ਼ਨ ਮੋਡ’ ’ਤੇ ਕਰਾਉਣ ਦਾ ਟੀਚਾ ਵੀ ਸ਼ਾਮਲ ਹੈ।’’ ਉਨ੍ਹਾਂ ਕਿਹਾ ਕਿ ਸਿਰਫ਼ ਛੇ ਸਾਲਾਂ ’ਚ ਖੇਤੀ ਬਜਟ ਕਈ ਗੁਣਾਂ ਵਧ ਗਿਆ ਹੈ ਅਤੇ ਕਿਸਾਨਾਂ ਲਈ ਖੇਤੀ ਕਰਜ਼ਿਆਂ ’ਚ ਵੀ 7 ਸਾਲਾਂ ’ਚ ਢਾਈ ਗੁਣਾ ਦਾ ਵਾਧਾ ਹੋਇਆ ਹੈ। -ਪੀਟੀਆਈ