ਨਵੀਂ ਦਿੱਲੀ: ਸਰਕਾਰ ਨੂੰ ਸੰਸਦ ’ਚ ਘੇਰਨ ਲਈ ਵਿਰੋਧੀ ਧਿਰਾਂ ਵੱਲੋਂ ਸਾਂਝਾ ਹੰਭਲਾ ਮਾਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਸੂਤਰਾਂ ਨੇ ਕਿਹਾ ਕਿ ਚੀਨ ਨਾਲ ਸਰਹੱਦੀ ਵਿਵਾਦ, ਕੋਵਿਡ, ਅਰਥਚਾਰੇ ਅਤੇ ਸੂਬਿਆਂ ਨੂੰ ਜੀਐੱਸਟੀ ਮੁਆਵਜ਼ਾ ਦੇਣ ਸਬੰਧੀ ਮੁੱਦਿਆਂ ’ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਗਈ ਹੈ। ਊਨ੍ਹਾਂ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਸੰਸਦ ਦੇ ਦੋਵੇਂ ਸਦਨਾਂ ਅੰਦਰ ਸਾਂਝੀ ਰਣਨੀਤੀ ਬਣਾਊਣ ਲਈ ਅਗਲੇ ਹਫ਼ਤੇ ਮੁਲਾਕਾਤ ਕੀਤੇ ਜਾਣ ਦੀ ਸੰਭਾਵਨਾ ਹੈ। ਸੰਸਦ ਦਾ ਮੌਨਸੂਨ ਇਜਲਾਸ 14 ਸਤੰਬਰ ਤੋਂ ਸ਼ੁਰੂ ਹੋਵੇਗਾ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੇ ਰਣਨੀਤੀਕਾਰ ਗਰੁੱਪ ਦੀ ਬੈਠਕ 8 ਸਤੰਬਰ ਨੂੰ ਸੱਦੀ ਹੈ। ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ, ਸ਼ਿਵ ਸੈਨਾ ਆਗੂ ਊਧਵ ਠਾਕਰੇ ਅਤੇ ਜੇਐੱਮਐੱਮ ਦੇ ਹੇਮੰਤ ਸੋਰੇਨ ਨੇ ਹੁਣੇ ਜਿਹੇ ਸੋਨੀਆ ਗਾਂਧੀ ਨਾਲ ਹੋਈ ਬੈਠਕ ਦੌਰਾਨ ਕਿਹਾ ਸੀ ਕਿ ਸਮਾਨ ਸੋਚ ਵਾਲੀਆਂ ਪਾਰਟੀਆਂ ਨੂੰ ਸੰਸਦ ’ਚ ਸਰਕਾਰ ਨੂੰ ਟੱਕਰ ਦੇਣ ਲਈ ਇਕ-ਦੂਜੇ ਨਾਲ ਰਲ ਕੇ ਕੰਮ ਕਰਨਾ ਚਾਹੀਦਾ ਹੈ। ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਅੱਜ ਕਿਹਾ ਕਿ ਵਿਰੋਧੀ ਧਿਰ ਦੀ ਸਾਂਝੀ ਰਣਨੀਤੀ ਬਣਾਊਣ ਲਈ ਵਿਚਾਰ ਵਟਾਂਦਰਾ ਜਾਰੀ ਹੈ। ਸੀਪੀਆਈ ਆਗੂ ਡੀ ਰਾਜਾ ਨੇ ਕਿਹਾ ਕਿ ਇਸ ਬਾਰੇ ਛੇਤੀ ਹੀ ਬੈਠਕਾਂ ਹੋਣਗੀਆਂ।
-ਪੀਟੀਆਈ