ਆਵਾਰਾ ਪਸ਼ੂਆਂ ਨੂੰ ਸ਼ੈਲਟਰ ਹੋਮ ’ਚ ਰੱਖਣ ਦਾ ਹੁਕਮ
ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਅਦਾਲਤੀ ਮਿੱਤਰ ਦੇ ਸੁਝਾਅ ਲਾਗੂ ਕਰਨ ਦੇ ਨਿਰਦੇਸ਼
ਸੁਪਰੀਮ ਕੋਰਟ ਨੇ ਅੱਜ ਵਿੱਦਿਅਕ ਸੰਸਥਾਵਾਂ, ਹਸਪਤਾਲਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਅਤੇ ਹੋਰ ਪਸ਼ੂਆਂ ਨੂੰ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਕੁੱਤਿਆਂ ਅਤੇ ਹੋਰ ਪਸ਼ੂਆਂ ਨੂੰ ਉਨ੍ਹਾਂ ਲਈ ਬਣੇ ਸੁਰੱਖਿਅਤ ਆਸਰਾ ਟਿਕਾਣਿਆਂ ’ਚ ਤਬਦੀਲ ਕੀਤਾ ਜਾਵੇ। ਅਦਾਲਤ ਨੇ ਕਿਹਾ ਕਿ ਇਨ੍ਹਾਂ ਕੁੱਤਿਆਂ ਨੂੰ ਉਸੇ ਜਗ੍ਹਾ ਵਾਪਸ ਨਹੀਂ ਛੱਡਿਆ ਜਾਣਾ ਚਾਹੀਦਾ ਜਿੱਥੋਂ ਉਨ੍ਹਾਂ ਨੂੰ ਫੜਿਆ ਸੀ। ਜਸਟਿਸ ਵਿਕਰਮ ਨਾਥ ਦੀ ਅਗਵਾਈ ਵਾਲੇ ਬੈਂਚ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਸਬੰਧ ਵਿੱਚ ਅਦਾਲਤੀ ਮਿੱਤਰ ਦੇ ਸੁਝਾਅ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ। ਅਦਾਲਤ ਨੇ ਕਿਹਾ ਕਿ ਜਨਤਕ ਥਾਵਾਂ ’ਤੇ ਆਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨਾ ਸਿਰਫ਼ ਜਨਤਕ ਸੁਰੱਖਿਆ ਲਈ ਖ਼ਤਰਾ ਹੈ ਸਗੋਂ ਬੱਚਿਆਂ, ਮਰੀਜ਼ਾਂ ਅਤੇ ਬਜ਼ੁਰਗਾਂ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਬੈਂਚ ਨੇ ਰਾਜ ਸਰਕਾਰਾਂ ਅਤੇ ਸਥਾਨਕ ਸੰਸਥਾਵਾਂ ਨੂੰ ਕੁੱਤਿਆਂ ਦੀ ਦੇਖਭਾਲ, ਟੀਕਾਕਰਨ ਅਤੇ ਮੁੜ ਵਸੇਬਾ ਯਕੀਨੀ ਬਣਾਉਣ ਲਈ ਯੋਜਨਾਬੱਧ ਹੱਲ ਅਪਣਾਉਣ ਲਈ ਕਿਹਾ। ਅਦਾਲਤ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਦਮ ਜਨਤਕ ਸੁਰੱਖਿਆ ਅਤੇ ਸਿਹਤ ਦੀ ਰੱਖਿਆ ਲਈ ਜ਼ਰੂਰੀ ਹਨ। ਅਦਾਲਤ ਅਗਲੀ ਸੁਣਵਾਈ ’ਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰੇਗੀ।

