ਕੱਛ, 25 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਗਲਾਂ ਅਤੇ ਅੰਗਰੇਜ਼ਾਂ ਖ਼ਿਲਾਫ਼ ਭਾਰਤ ਦੇ ਸੰਘਰਸ਼ ’ਚ ਸਿੱਖ ਗੁਰੂਆਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਸਿੱਖ ਗੁਰੂਆਂ ਨੇ ਜਿਨ੍ਹਾਂ ਚੁਣੌਤੀਆਂ ਨੂੰ ਲੈ ਕੇ ਲੋਕਾਂ ਨੂੰ ਆਪਣੇ ਜੀਵਨ ਕਾਲ ਦੌਰਾਨ ਚੌਕਸ ਕੀਤਾ ਸੀ, ਉਹ ਅੱਜ ਵੀ ਕਾਇਮ ਹਨ। ਗੁਜਰਾਤ ਦੇ ਕੱਛ ’ਚ ਗੁਰਦੁਆਰਾ ਲਖਪਤ ਸਾਹਿਬ ’ਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਸਿੱਖ ਗੁਰੂਆਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਿਰਫ਼ ਸਮਾਜ ਅਤੇ ਰੂਹਾਨੀਅਤ ਤੱਕ ਹੀ ਸੀਮਤ ਨਹੀਂ ਸਨ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਕਈ ਦਹਾਕਿਆਂ ਮਗਰੋਂ ਖੋਲ੍ਹਣ ਅਤੇ ਸਿੱਖ ਭਾਈਚਾਰੇ ਲਈ ਉਠਾਏ ਗਏ ਕਦਮਾਂ ਦੀ ਜਾਣਕਾਰੀ ਵੀ ਦਿੱਤੀ। ਪ੍ਰਧਾਨ ਮੰਤਰੀ ਨੇ ਏਕੇ ਦੀ ਅਪੀਲ ਉਸ ਸਮੇਂ ਕੀਤੀ ਹੈ ਜਦੋਂ ਦੋ ਦਿਨ ਪਹਿਲਾਂ ਲੁਧਿਆਣਾ ਜ਼ਿਲ੍ਹਾ ਅਦਾਲਤ ਕੰਪਲੈਕਸ ’ਚ ਧਮਾਕੇ ਕਾਰਨ ਇਕ ਵਿਅਕਤੀ ਹਲਾਕ ਅਤੇ ਛੇ ਹੋਰ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਬਹਾਦਰੀ ਅਤੇ ਔਰੰਗਜ਼ੇਬ ਖ਼ਿਲਾਫ਼ ਉਨ੍ਹਾਂ ਦੀ ਸ਼ਹਾਦਤ ਸਾਨੂੰ ਸਿੱਖਿਆ ਦਿੰਦੀ ਹੈ ਕਿ ਕਿਵੇਂ ਮੁਲਕ ਦਹਿਸ਼ਤਵਾਦ ਅਤੇ ਧਾਰਮਿਕ ਕੱਟੜਤਾ ਖ਼ਿਲਾਫ਼ ਲੜ ਸਕਦਾ ਹੈ। ‘ਇਸੇ ਤਰ੍ਹਾਂ 10ਵੇਂ ਗੁਰੂ, ਗੁਰੂ ਗੋਬਿੰਦ ਸਿੰਘ ਸਾਹਿਬ ਦਾ ਜੀਵਨ ਵੀ ਦ੍ਰਿੜ੍ਹਤਾ ਅਤੇ ਬਲਿਦਾਨ ਦੀ ਜਿਉਂਦੀ ਜਾਗਦੀ ਮਿਸਾਲ ਹੈ।’ ਸ੍ਰੀ ਮੋਦੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਦੇਸ਼ ਦੀ ਵਿਰਾਸਤ ਨੂੰ ਸੰਭਾਲਣ ਦਾ ਕੰਮ ਕੀਤਾ ਅਤੇ ਜੱਲ੍ਹਿਆਂਵਾਲਾ ਬਾਗ ਸਿੱਖ ਭਰਾਵਾਂ ਅਤੇ ਭੈਣਾਂ ਵੱਲੋਂ ਦਿੱਤੇ ਗਏ ਬਲਿਦਾਨ ਦਾ ਗਵਾਹ ਹੈ ਜੋ ਬ੍ਰਿਟਿਸ਼ ਹਕੂਮਤ ਤੋਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਪੂਰੀ ਬਹਾਦਰੀ ਨਾਲ ਲੜੇ ਸਨ। ‘ਕਰਤਾਰਪੁਰ ਸਾਹਿਬ ਲਾਂਘਾ ਕਈ ਦਹਾਕਿਆਂ ਦੀ ਉਡੀਕ ਮਗਰੋਂ ਸਾਡੀ ਸਰਕਾਰ ਨੇ ਇਸ ਦੀ ਉਸਾਰੀ ਮੁਕੰਮਲ ਕਰਵਾ ਕੇ 2019 ’ਚ ਖੋਲ੍ਹਿਆ।’ ਸ੍ਰੀ ਮੋਦੀ ਨੇ ਕਿਹਾ ਕਿ ਹੁਣੇ ਜਿਹੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪੂਰੇ ਸਤਿਕਾਰ ਨਾਲ ਅਫ਼ਗਾਨਿਸਤਾਨ ਤੋਂ ਭਾਰਤ ਲਿਆਂਦੇ ਗਏ ਹਨ। -ਪੀਟੀਆਈ