Pahalgam attack: ਜੰਮੂ-ਕਸ਼ਮੀਰ ਵਿਧਾਨ ਸਭਾ ਵੱਲੋਂ ਪਹਿਲਗਾਮ ਹਮਲੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀਆਂ
ਵਿਧਾਨ ਸਭਾ ਮੈਂਬਰਾਂ ਨੇ ਦਹਿਸ਼ਤੀ ਹਮਲੇ ’ਚ ਨਿਰਦੋਸ਼ ਲੋਕਾਂ ਦੀ ਹੱਤਿਆ ਦੀ ਨਿਖੇਧੀ ਕੀਤੀ; ਫਿਰਕੂ ਸਦਭਾਵਨਾ ਭੰਗ ਕਰਨ ਤੇ ਤਰੱਕੀ ’ਚ ਰੁਕਾਵਟ ਪਾਉਣ ਵਾਲਿਆਂ ਖ਼ਿਲਾਫ਼ ਲੜਨ ਦਾ ਅਹਿਦ
ਜੰਮੂ, 28 ਅਪਰੈਲ
ਜੰਮੂ-ਕਸ਼ਮੀਰ ਵਿਧਾਨ ਸਭਾ Jammu and Kashmir Assembly ਨੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ (Pahalgam attack) ਵਿੱਚ ਮਾਰੇ ਗਏ 26 ਲੋਕਾਂ ਨੂੰ ਅੱਜ ਕੁਝ ਪਲ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ।
ਸਦਨ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੁੰਦੇ ਸਾਰ ਹੀ ਵਿਧਾਨ ਸਭਾ ਸਪੀਕਰ ਅਬਦੁੱਲ ਰਹੀਮ ਰਾਥੇਰ ਨੇ ਪਹਿਲਗਾਮ ਦਹਿਸ਼ਤੀ ਹਮਲੇ ’ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਨਿਰਦੋਸ਼ ਸੈਲਾਨੀਆਂ ਦੀ ਹੱਤਿਆ ਦੀ ਨਿੰਦਾ ਕੀਤੀ। ਇਸ ਦੌਰਾਨ ਮੈਂਬਰਾਂ ਨੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਅਤੇ ਤਰੱਕੀ ਵਿੱਚ ਰੁਕਾਵਟ ਪਾਉਣ ਦੇ ਨਾਪਾਕ ਮਨਸੂਬੇ ਨਾਕਾਮ ਕਰਨ ਲਈ ਦ੍ਰਿੜਤਾ ਨਾਲ ਲੜਨ ਦਾ ਅਹਿਦ ਕੀਤਾ।
ਉਨ੍ਹਾਂ ਕਿਹਾ, ‘‘ਅਸੀਂ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਦਿੰਦੇ ਹਾਂ ਅਤੇ ਉਨ੍ਹਾਂ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।’’ ਵਿਧਾਨ ਸਭਾ ਦੇ ਸਪੀਕਰ ਨੇ ਐਲਾਨ ਕੀਤਾ ਕਿ ਸਦਨ ਇਸ ਵਹਿਸ਼ੀ ਹਮਲੇ ਵਿੱਚ ਮਾਰੇ ਗਏ ਲੋਕਾਂ ਦੇ ਸਨਮਾਨ ਵਿੱਚ ਇੱਕ ਪਲ ਦਾ ਮੌਨ ਰੱਖੇਗਾ।
ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੇ ਸਰਕਾਰ ਵੱਲੋਂ ਇੱਕ ਮਤਾ ਪੇਸ਼ ਕੀਤਾ, ਜਿਸ ਵਿੱਚ ਸੈਲਾਨੀਆਂ ’ਤੇ ਹੋਏ ਵਹਿਸ਼ੀ ਅਤੇ ਅਣਮਨੁੱਖੀ ਹਮਲੇ ’ਤੇ ਦੁੱਖ ਦਾ ਇਜ਼ਹਾਰ ਕੀਤਾ ਗਿਆ।
ਦੱਸਣਯੋਗ ਹੈ ਕਿ ਲੰਘੀ 22 ਅਪਰੈਲ ਦਹਿਸ਼ਤਗਰਦਾਂ ਨੇ ਅਨੰਤਨਾਗ ਜ਼ਿਲ੍ਹੇ ’ਚ ਪਹਿਲਗਾਮ ਦੇ ਉਪਰਲੇ ਇਲਾਕੇ ’ਚ ‘ਮਿੰਨੀ ਸਵਿਟਜ਼ਰਲੈਂਡ’ ਦੇ ਨਾਮ ਨਾਲ ਮਸ਼ਹੂਰ ਸੈਲਾਨੀ ਸਥਾਨ ਬੈਸਰਨ ’ਚ ਗੋਲੀਬਾਰੀ ਕੀਤੀ, ਜਿਸ ਵਿੱਚ 26 ਵਿਅਕਤੀ ਮਾਰੇ ਗਏ ਸਨ। ਮ੍ਰਿਤਕਾਂ ’ਚ ਸ਼ਾਮਲ ਬਹੁਤੇ ਲੋਕ ਹੋਰ ਸੂਬਿਆਂ ਤੋਂ ਆਏ ਸਨ। -PTI