ਨਵੀਂ ਦਿੱਲੀ/ਜੰਮੂ, 13 ਅਪਰੈਲ
ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਜੰਮੂ ’ਚ ਭਾਰਤ-ਪਾਕਿ ਸਰਹੱਦ ’ਤੇ ਭਾਰਤੀ ਇਲਾਕੇ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਇੱਕ 40 ਸਾਲਾ ਪਾਕਿਸਤਾਨੀ ਵਿਅਕਤੀ ਨੂੰ ਫੜਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਸ਼ੱਬੀਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਆਰਐੱਸ ਪੁਰਾ ਇਲਾਕੇ ’ਚ ਸਰਹੱਦੀ ਪਿੱਲਰ ਨੰਬਰ 942 ਨੇੜੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਅਧਿਕਾਰੀ ਨੇ ਦੱਸਿਆ ਕਿ ਉਹ ਵਿਅਕਤੀ ਕੰਡਿਆਲੀ ਤਾਰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਨੂੰ ਰੁਕਣ ਲਈ ਚਿਤਾਵਨੀ ਦਿੱਤੀ ਗਈ ਪਰ ਉਸ ਨੇ ਧਿਆਨ ਨਹੀਂ ਦਿੱਤਾ। ਉਸ ’ਤੇ ਬੀਐੱਸਐੱਫ ਨੇ ਗੋਲੀ ਚਲਾਈ ਜਿਸ ਕਾਰਨ ਉਹ ਥੋੜ੍ਹਾ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਘੁਸਪੈਠੀਏ ਨੂੰ ਜ਼ਖ਼ਮੀ ਹਾਲਤ ’ਚ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ। -ਪੀਟੀਆਈ