DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਚਾਇਤੀ ਚੋਣਾਂ: ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ

ਰਾਜਪਾਲ ਨੇ ਮੌਨਸੂਨ ਸੈਸ਼ਨ ’ਚ ਪਾਸ ਬਿੱਲ ਨੂੰ ਦਿੱਤੀ ਹਰੀ ਝੰਡੀ
  • fb
  • twitter
  • whatsapp
  • whatsapp
Advertisement

ਟ੍ਰਿਬਿਊਨ ਿਨਊਜ਼ ਸਰਵਿਸ

ਚੰਡੀਗੜ੍ਹ, 16 ਸਤੰਬਰ

Advertisement

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਲੰਘੇ ਮੌਨਸੂਨ ਸੈਸ਼ਨ ’ਚ ਪਾਸ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਨਵੇਂ ਰਾਜਪਾਲ ਵੱਲੋਂ ਬਿੱਲ ਨੂੰ ਹਰੀ ਝੰਡੀ ਦਿੱਤੇ ਜਾਣ ਨਾਲ ਪੰਚਾਇਤੀ ਚੋਣਾਂ ’ਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਸੂਬਾ ਸਰਕਾਰ ਅਕਤੂਬਰ ਦੇ ਅੱਧ ’ਚ ਪੰਚਾਇਤੀ ਚੋਣਾਂ ਕਰਾਉਣ ਦੇ ਰੌਂਅ ਵਿਚ ਹੈ। ਸੋਧ ਬਿੱਲ ਨੂੰ ਪ੍ਰਵਾਨਗੀ ਮਿਲਣ ਨਾਲ ਹੁਣ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਤੇਜ਼ ਹੋ ਜਾਵੇਗੀ।

ਨਵੇਂ ਰਾਜਪਾਲ ਨੇ ਆਪਣੇ ਕਾਰਜਕਾਲ ਦੇ ਪਹਿਲੇ ਬਿੱਲ ਨੂੰ ਹਰੀ ਝੰਡੀ ਦਿੱਤੀ ਹੈ, ਜੋ ਰਾਜ ਭਵਨ ਦੇ ਸੂਬਾ ਸਰਕਾਰ ਨਾਲ ਸੁਖਾਵੇਂ ਰਿਸ਼ਤੇ ਹੋਣ ਵੱਲ ਵੀ ਇਸ਼ਾਰਾ ਹੈ। ਮੌਨਸੂਨ ਸੈਸ਼ਨ ਦੌਰਾਨ ਸਦਨ ਨੇ ‘ਪੰਜਾਬ ਪੰਚਾਇਤੀ ਰੂਲਜ਼, 1994’ ਵਿਚ ਵੀ ਸੋਧ ਕੀਤੀ ਸੀ। ਇਸ ਸੋਧ ਮਗਰੋਂ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ। ਇਸ ਦੀ ਪ੍ਰਵਾਨਗੀ ਰਾਜਪਾਲ ਤੋਂ ਲੈਣੀ ਜ਼ਰੂਰੀ ਨਹੀਂ ਹੁੰਦੀ ਹੈ। ਰਾਜਪਾਲ ਵੱਲੋਂ ਸੋਧ ਬਿੱਲ ਨੂੰ ਪ੍ਰਵਾਨਗੀ ਦੇਣ ਨਾਲ ਸੂਬਾ ਸਰਕਾਰ ਨੂੰ ਰਾਹਤ ਮਿਲੀ ਹੈ ਅਤੇ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ। ‘ਪੰਜਾਬ ਪੰਚਾਇਤੀ ਰਾਜ ਐਕਟ, 1994’ ਦੀ ਧਾਰਾ 12 (4) ’ਚ ਸੋਧ ਹੋਣ ਨਾਲ ਹੁਣ ਸਰਪੰਚਾਂ ਦੇ ਰਾਖਵੇਂਕਰਨ ਲਈ ਬਲਾਕ ਨੂੰ ਇਕਾਈ ਮੰਨ ਕੇ ਰਾਖਵੇਂਕਰਨ ਦਾ ਨਵਾਂ ਰੋਸਟਰ ਤਿਆਰ ਹੋਵੇਗਾ, ਜਦੋਂ ਕਿ ਪਹਿਲਾਂ ਜ਼ਿਲ੍ਹੇ ਨੂੰ ਇਕਾਈ ਮੰਨਿਆ ਜਾਂਦਾ ਸੀ। ਰਾਖਵੇਂਕਰਨ ਦੇ ਪੈਟਰਨ ’ਚ ਬਦਲਾਅ ਨਾਲ ਰਾਖਵੇਂਕਰਨ ਲਈ ਰੋਸਟਰ ਨਵੇਂ ਸਿਰਿਓਂ ਤਿਆਰ ਹੋਵੇਗਾ। ਪਹਿਲਾਂ ਜ਼ਿਲ੍ਹੇ ਨੂੰ ਬਤੌਰ ਮੂਲ ਇਕਾਈ ਮੰਨਦੇ ਹੋਏ ਸਮੁੱਚੀ ਕਾਰਵਾਈ ਸਮੇਤ ਰੋਟੇਸ਼ਨ ਕੀਤੀ ਜਾਂਦੀ ਸੀ, ਜਿਸ ਨਾਲ ਬਲਾਕ ਦੀ ਅਸਲ ਆਬਾਦੀ ਨਜ਼ਰਅੰਦਾਜ਼ ਹੋ ਜਾਂਦੀ ਸੀ। ਮੌਜੂਦਾ ਸਰਕਾਰ ਨੇ ਨਵੀਂ ਸੋਧ ਨਾਲ ਸਰਪੰਚਾਂ ਦਾ ਰਾਖਵਾਂਕਰਨ ਆਪਣੀ ਇੱਛਾ ਮੁਤਾਬਕ ਕਰਨ ਦਾ ਮੌਕਾ ਆਪਣੇ ਹੱਥ ਰੱਖ ਲਿਆ ਹੈ। ਰਾਖਵੇਂਕਰਨ ਦਾ ਪੁਰਾਣਾ ਰੋਸਟਰ ਹੁਣ ਆਪਣੇ ਆਪ ਹੀ ਖ਼ਤਮ ਹੋ ਗਿਆ ਹੈ, ਜਦੋਂ ਸੂਬੇ ਵਿਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸੀ ਤਾਂ ਉਸ ਸਮੇਂ ਵੀ ਪੰਚਾਇਤੀ ਚੋਣਾਂ ਮੌਕੇ ਰਾਖਵੇਂਕਰਨ ਲਈ ਮੂਲ ਇਕਾਈ ਬਲਾਕ ਨੂੰ ਹੀ ਮੰਨਿਆ ਜਾਂਦਾ ਸੀ ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਨੇ ਜੁਲਾਈ 2018 ਵਿਚ ਸਰਪੰਚਾਂ ਦੇ ਰਾਖਵੇਂਕਰਨ ਲਈ ਬਲਾਕ ਨੂੰ ਇਕਾਈ ਮੰਨਣ ਵਾਲੀ ਪ੍ਰਥਾ ਖ਼ਤਮ ਕਰਕੇ ਜ਼ਿਲ੍ਹੇ ਨੂੰ ਮੂਲ ਇਕਾਈ ਮੰਨ ਕੇ ਰਾਖਵੇਂਕਰਨ ਨੂੰ ਪ੍ਰਵਾਨਗੀ ਦਿੱਤੀ ਸੀ। ਮੌਜੂਦਾ ਸਰਕਾਰ ਨੇ ਸੋਧ ਬਿੱਲ ਜ਼ਰੀਏ ਪੁਰਾਣੀ ਪ੍ਰਥਾ ਬਹਾਲ ਕਰ ਦਿੱਤੀ ਹੈ। ਆਉਂਦੇ ਦਿਨਾਂ ਵਿਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਪੰਚਾਂ ਦੇ ਅਹੁਦੇ ਦੇ ਰਾਖਵੇਂਕਰਨ ਆਦਿ ਲਈ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸੂਬਾ ਸਰਕਾਰ ਪਹਿਲੇ ਪੜਾਅ ’ਚ ਇਕੱਲੀਆਂ ਪੰਚਾਇਤੀ ਚੋਣਾਂ ਕਰਾ ਰਹੀ ਹੈ, ਜਦੋਂ ਕਿ ਪੰਚਾਇਤੀ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਉਸ ਮਗਰੋਂ ਹੋਣਗੀਆਂ। ਨਗਰ ਨਿਗਮਾਂ ਅਤੇ ਕੌਂਸਲਾਂ ਦੀਆਂ ਚੋਣਾਂ ਅਖੀਰ ਵਿਚ ਹੋਣ ਦੀ ਸੰਭਾਵਨਾ ਹੈ।

Advertisement
×