ਸੰਸਦ ਡਰਾਮਾ ਕਰਨ ਵਾਲੀ ਥਾਂ ਨਹੀਂ: ਮੋਦੀ
ਮੋਦੀ ਸਭ ਤੋਂ ਵੱਡੇ ਡਰਾਮੇਬਾਜ਼: ਕਾਂਗਰਸ
ਨਵੀਂ ਦਿੱਲੀ: ਕਾਂਗਰਸ ਨੇ ਅੱਜ ਪ੍ਰਧਾਨ ਮੰਤਰੀ ਨੂੰ ‘ਸਭ ਤੋਂ ਵੱਡਾ ਡਰਾਮੇਬਾਜ਼’ ਕਰਾਰ ਦਿੱਤਾ ਤੇ ਕਿਹਾ ਕਿ ਵਿਰੋਧੀ ਧਿਰ ’ਤੇ ਸੰਸਦ ’ਚ ਡਰਾਮੇਬਾਜ਼ੀ ਦਾ ਦੋਸ਼ ਲਾਉਣਾ ‘ਪਾਖੰਡ ਤੋਂ ਇਲਾਵਾ ਕੁਝ ਨਹੀਂ’ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਜਨਰਲ ਸਕੱਤਰ ਜੈਰਾਮ ਰਮੇਸ਼ ਸਰਦ ਰੁੱਤ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸ੍ਰੀ ਮੋਦੀ ਦੇ ਬਿਆਨ ’ਤੇ ਪ੍ਰਤੀਕਿਰਿਆ ਦੇ ਰਹੇ ਸਨ, ਜਿਸ ’ਚ ਉਨ੍ਹਾਂ ਕਿਹਾ ਸੀ ਕਿ ਸੰਸਦ ਡਰਾਮੇਬਾਜ਼ੀ ਦੀ ਥਾਂ ਨਹੀਂ ਸਗੋਂ ਕੰਮ ਕਰਨ ਦੀ ਥਾਂ ਹੈ।
ਸ੍ਰੀ ਖੜਗੇ ਨੇ ਐਕਸ ’ਤੇ ਕਿਹਾ, ‘‘ਲੋਕਾਂ ਦੇ ਅਸਲ ਮੁੱਦਿਆਂ ’ਤੇ ਧਿਆਨ ਦੇਣ ਦੀ ਥਾਂ ਪ੍ਰਧਾਨ ਮੰਤਰੀ ਮੋਦੀ ਨੇ ਮੁੜ ‘ਡਰਾਮੇਬਾਜ਼ੀ’ ਕੀਤੀ ਹੈ।’’ ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਸਰਕਾਰ ਪਿਛਲੇ 11 ਸਾਲਾਂ ਤੋਂ ਸੰਸਦੀ ਮਰਿਆਦਾ ਤੇ ਸਿਸਟਮ ਦੀ ਲਗਾਤਾਰ ਉਲੰਘਣਾ ਕਰ ਰਹੀ ਹੈ ਅਤੇ ਅਜਿਹੀਆਂ ਮਿਸਾਲਾਂ ਦੀ ਲੰਮੀ ਸੂਚੀ ਜੱਗ-ਜ਼ਾਹਿਰ ਹੈ। ਭਾਜਪਾ ਨੂੰ ਹੁਣ ਧਿਆਨ ਭਟਕਾਉਣ ਦਾ ਨਾਟਕ ਬੰਦ ਕਰ ਕੇ ਸੰਸਦ ’ਚ ਲੋਕਾਂ ਦੇ ਅਸਲ ਮੁੱਦਿਆਂ ’ਤੇ ਬਹਿਸ ਕਰਨੀ ਚਾਹੀਦੀ ਹੈ।
ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਦੇ ਸੰਸਦ ਨਹੀਂ ਜਾਂਦੇ, ਉਸ ਨੂੰ ਕਮਜ਼ੋਰ ਕਰਦੇ ਹਨ ਤੇ ਵਿਰੋਧੀ ਧਿਰ ਨਾਲ ਗੱਲਬਾਤ ਨਹੀਂ ਕਰਦੇ। ਫਿਰ ਵੀ ਹਰ ਸੈਸ਼ਨ ਤੋਂ ਪਹਿਲਾਂ ਉਹ ਸੰਸਦ ਭਵਨ ਦੇ ਬਾਹਰ ਖੜ੍ਹੇ ਹੋ ਕੇ ਰਾਸ਼ਟਰ ਦੇ ਨਾਂ ਵੱਡੀਆਂ-ਵੱਡੀਆਂ ਗੱਲਾਂ ਕਰਦੇ ਹਨ ਅਤੇ ਲੋਕ ਸਭਾ ਤੇ ਰਾਜ ਸਭਾ ਦੇ ਸੁਚਾਰੂ ਕੰਮਕਾਜ ਲਈ ਵਿਰੋਧੀ ਧਿਰ ਤੋਂ ਸਹਿਯੋਗ ਮੰਗਦੇ ਹਨ। ਉਨ੍ਹਾਂ ਐਕਸ ’ਤੇ ਕਿਹਾ, ‘‘ਸੰਸਦ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ ਪਾਖੰਡ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਸਭ ਤੋਂ ਵੱਡਾ ਡਰਾਮੇਬਾਜ਼ ਤਾਂ ਡਰਾਮੇ ਦੀ ਗੱਲ ਕਰ ਰਿਹਾ ਹੈ।’’ -ਪੀਟੀਆਈ
ਚਰਚਾ ਦੀ ਇਜਾਜ਼ਤ ਨਾ ਦੇਣਾ ਡਰਾਮਾ: ਪ੍ਰਿਯੰਕਾ
ਨਵੀਂ ਦਿੱਲੀ: ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਵਿੱਚ ਵਿਰੋਧੀ ਧਿਰ ’ਤੇ ਡਰਾਮਾ ਕਰਨ ਦੇ ਲਾਏ ਗਏ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਲੋਕਾਂ ਨਾਲ ਸਬੰਧਤ ਮੁੱਦੇ ਉਠਾਉਣਾ ਡਰਾਮਾ ਨਹੀਂ ਹੈ ਪਰ ਉਨ੍ਹਾਂ ’ਤੇ ਲੋਕਤੰਤਰੀ ਚਰਚਾ ਦੀ ਇਜਾਜ਼ਤ ਨਾ ਦੇਣਾ ਡਰਾਮਾ ਹੈ। ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਮੋਦੀ ਵੱਲੋਂ ਦਿੱਤੇ ਗਏ ਬਿਆਨ ਦਾ ਜਵਾਬ ਦਿੰਦਿਆਂ ਪ੍ਰਿਯੰਕਾ ਗਾਂਧੀ ਨੇ ਹਵਾ ਪ੍ਰਦੂਸ਼ਣ ਅਤੇ ਐੱਸ ਆਈ ਆਰ ਵਰਗੇ ਜ਼ਰੂਰੀ ਮੁੱਦਿਆਂ ’ਤੇ ਬਹਿਸ ਦੀ ਮੰਗ ਕੀਤੀ ਅਤੇ ਕਿਹਾ ਕਿ ਇਹ ਵੱਡੇ ਜਨਤਕ ਮੁੱਦੇ ਹਨ ਜਿਨ੍ਹਾਂ ’ਤੇ ਸੰਸਦ ਵਿੱਚ ਚਰਚਾ ਕਰਨ ਦੀ ਲੋੜ ਹੈ। ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਿੱਲੀ ਵਿੱਚ ਫੈਲੇ ਹਵਾ ਪ੍ਰਦੂਸ਼ਣ ਦੇ ਮੁੱਦੇ ਨੂੰ ਸ਼ਰਮਨਾਕ ਦੱਸਿਆ ਅਤੇ ਕਿਹਾ ਕਿ ਇਸ ਸਮੱਸਿਆ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਇਕ ਅਧਿਐਨ ਦਾ ਹਵਾਲਾ ਦਿੰਦਿਆਂ ਕਿਹਾ ਕਿ 22 ਲੱਖ ਬੱਚਿਆਂ ਦੇ ਫੇਫੜਿਆਂ ਨੂੰ ਹਵਾ ਪ੍ਰਦੂਸ਼ਣ ਕਾਰਨ ਨੁਕਸਾਨ ਹੁੰਦਾ ਹੈ। -ਪੀਟੀਆਈ
