ਮੁੰਬਈ, 29 ਅਪਰੈਲ
ਮੁੰਬਈ ਪੁਲੀਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਉਸ ਖ਼ਿਲਾਫ਼ ਦੋ ਮੁੱਢਲੀਆਂ ਜਾਂਚਾਂ ਸ਼ੁਰੂ ਕੀਤੇ ਜਾਣ ਨੂੰ ਬੰਬੇ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ। ਪਟੀਸ਼ਨ ’ਚ ਪਰਮਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਗ੍ਰਹਿ ਮੰਤਰੀ ਅਤੇ ਐੱਨਸੀਪੀ ਆਗੂ ਅਨਿਲ ਦੇਸ਼ਮੁਖ ਦੇ ਕਥਿਤ ਭ੍ਰਿਸ਼ਟ ਕਾਰਨਾਮਿਆਂ ਨੂੰ ਉਜਾਗਰ ਕਰਨ ਲਈ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਸ ਨੇ ਆਪਣੀ ਅਰਜ਼ੀ ’ਚ ਇਹ ਵੀ ਦਾਅਵਾ ਕੀਤਾ ਹੈ ਕਿ ਡੀਜੀਪੀ ਸੰਜੈ ਪਾਂਡੇ ਨਾਲ 19 ਅਪਰੈਲ ਨੂੰ ਹੋਈ ਮੀਟਿੰਗ ਦੌਰਾਨ ਉਸ ਨੇ ਦੇਸ਼ਮੁਖ ਖ਼ਿਲਾਫ਼ ਲਿਖੀ ਚਿੱਠੀ ਵਾਪਸ ਲੈਣ ਦੀ ਸਲਾਹ ਦਿੱਤੀ ਸੀ। ਡਿਵੀਜ਼ਨ ਬੈਂਚ ਨੇ ਸੂਬਾ ਸਰਕਾਰ ਨੂੰ ਦੋਸ਼ਾਂ ਦਾ ਜਵਾਬ ਦੇਣ ਦੇ ਨਿਰਦੇਸ਼ ਦਿੰਦਿਆਂ ਮਾਮਲੇ ਦੀ ਸੁਣਵਾਈ 4 ਮਈ ਲਈ ਨਿਰਧਾਰਤ ਕਰ ਦਿੱਤੀ ਹੈ।-ਪੀਟੀਆਈ