ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ’ਤੇ ਜਥਾ ਪਾਕਿ ਭੇਜਣ ਲਈ ਪਾਸਪੋਰਟ ਮੰਗੇ
ਭਾਰਤ ਅਤੇ ਪਾਕਿਸਤਾਨ ਵਿਚਾਲੇ ਭਾਵੇਂ ਹਾਲੇ ਤੱਕ ਆਵਾਜਾਈ ਸਬੰਧ ਬਹਾਲ ਨਹੀਂ ਹੋਏ ਪਰ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਲਈ ਤਿਆਰੀ ਆਰੰਭ ਦਿੱਤੀ ਗਈ ਹੈ। ਇਸ ਸਬੰਧ ਵਿੱਚ ਪਾਕਿਸਤਾਨ ਜਾਣ ਦੇ ਇੱਛੁਕ ਸ਼ਰਧਾਲੂਆਂ ਕੋਲੋਂ ਪਾਸਪੋਰਟ ਮੰਗੇ ਗਏ ਹਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਚ ਨਵੰਬਰ ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 4 ਅਗਸਤ ਤੱਕ ਜਮ੍ਹਾਂ ਕਰਵਾਉਣ। ਸਕੱਤਰ ਨੇ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਨਾਲ 4 ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਕੋਲ ਭੇਜਣ। ਸ਼ਰਧਾਲੂਆਂ ਲਈ ਪਾਸਪੋਰਟ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਨਾਲ ਆਵਾਜਾਈ ਅਤੇ ਵਪਾਰਕ ਸਬੰਧ ਮੁਕੰਮਲ ਤੌਰ ’ਤੇ ਬੰਦ ਕਰ ਦਿੱਤੇ ਗਏ ਸਨ। ਇਸ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਅਤੇ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ਮੌਕੇ ਵੀ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਨਹੀਂ ਗਏ ਸਨ।