ਸ਼ਹੀਦਾਂ ਨੂੰ ਸ਼ਰਧਾਂਜਲੀ ਸੂਬਾ ਸਰਕਾਰ ਦਾ ਫ਼ਰਜ਼, ਮਜਬੂਰੀ ਨਹੀਂ: ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ, ਮਜਬੂਰੀ ਨਹੀਂ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੀ ਕਠਪੁਤਲੀ ਬਣ ਕੇ ਚੱਲਣ ਵਾਲਿਆਂ ਨੇ ਅਪਰੈਲ 1919 ਵਿੱਚ ਸਾਕਾ ਜਲ੍ਹਿਆਂਵਾਲਾ ਬਾਗ ਦੀ ਰਾਤ ਜਨਰਲ ਡਾਇਰ ਲਈ ਖਾਣੇ ਦੀ ਮੇਜ਼ਬਾਨੀ ਕੀਤੀ ਸੀ। ਸਾਬਕਾ ਮੰਤਰੀ ਅਤੇ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ’ਤੇ ਨਿਸ਼ਾਨਾ ਸੇਧਦਿਆਂ ਸ੍ਰੀ ਮਾਨ ਨੇ ਕਿਹਾ ਕਿ ਉਸੇ ਪਰਿਵਾਰ ਦਾ ਫ਼ਰਜ਼ੰਦ ਪੰਜਾਬ ਵਿੱਚ ਨਸ਼ਿਆਂ ਨੂੰ ਸਰਪ੍ਰਸਤੀ ਦੇਣ ਅਤੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਦੇ ਦੋਸ਼ ਹੇਠ ਹੁਣ ਨਾਭਾ ਜੇਲ੍ਹ ਵਿੱਚ ਬੰਦ ਹੈ। ਉਹ ਇੱਥੇ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਸੁਨਾਮ ਵਿੱਚ ਉਨ੍ਹਾਂ ਦੇ 86ਵੇਂ ਸ਼ਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਇੱਥੇ ਸਟੇਡੀਅਮ ਵਿੱਚ ਊਧਮ ਸਿੰਘ ਸਮਾਰਕ ਵਿੱਚ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦੀ ਸਮਾਰਕ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਦੋਹਾਂ ਆਗੂਆਂ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦੇ ਨਵੀਨੀਕਰਨ, 13.64 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ, 8.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੁੜੀਆਂ ਦੇ ਨਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, 18.95 ਕਰੋੜ ਰੁਪਏ ਦੀ ਲਾਗਤ ਨਾਲ ਇਨਡੋਰ ਸਪੋਰਟਸ ਕੰਪਲੈਕਸ, 20.78 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਚਲੇ ਐਸਟਰੋਟਰਫ ਹਾਕੀ ਗਰਾਊਂਡ, ਲੈਕਚਰ ਹਾਲ, ਲਾਇਬਰੇਰੀ ਤੇ ਪ੍ਰਬੰਧਕੀ ਬਲਾਕ ਦੇ ਕੰਮਾਂ ਆਦਿ ਦੇ ਨੀਂਹ ਪੱਥਰ ਰੱਖੇ। ਵਿਕਾਸ ਕਾਰਜਾਂ ਵਿੱਚ ਸੁਨਾਮ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਲਈ 8.49 ਕਰੋੜ ਰੁਪਏ ਦੇ ਹੋਰ ਪ੍ਰਾਜੈਕਟ ਵੀ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਦਾ ਸਨਮਾਨ ਵੀ ਕੀਤਾ। ਸਮਾਗਮ ਦੇ ਸ਼ੁਰੂ ਵਿੱਚ ਸੁਨਾਮ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਡਾ. ਰਵਜੋਤ, ਗੁਰਮੀਤ ਸਿੰਘ ਖੁੱਡੀਆਂ, ਹਰਭਜਨ ਸਿੰਘ ਈਟੀਓ, ਬਰਿੰਦਰ ਕੁਮਾਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ, ‘ਆਪ’ ਆਗੂ ਮਨੀਸ਼ ਸਿਸੋਦੀਆ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਗਦੀਪ ਕੰਬੋਜ ਗੋਲਡੀ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਹਾਜ਼ਰ ਸਨ।
ਆਜ਼ਾਦੀ ਦੇ 75 ਸਾਲ ਬਾਅਦ ਵੀ ਸ਼ਹੀਦਾਂ ਦੇ ਸੁਫ਼ਨੇ ਅਧੂਰੇ: ਕੇਜਰੀਵਾਲ
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸ਼ਹੀਦਾਂ ਦੇ ਸੁਫ਼ਨੇ ਅਧੂਰੇ ਪਏ ਹਨ ਕਿਉਂਕਿ ਸੱਤਾ ਭੋਗਣ ਵਾਲੇ ਲੋਕਾਂ ਨੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਪਰੰਤੂ ਦੇਸ਼ ਅਤੇ ਇੱਥੋਂ ਦੇ ਲੋਕਾਂ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਅੱਜ ਇੱਥੇ 85 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਦੇਸ਼ ਲਈ ਲਾਮਿਸਾਲ ਕੁਰਬਾਨੀ ਦਿੱਤੀ।
ਸਮਾਗਮ ਦੇ ਬਾਹਰ ਪੁਲੀਸ ਵੱਲੋਂ ਔਰਤ ਕਾਬੂ
ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿੱਚ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ‘ਆਪ’ ਦੇ ਕੌਮੀ ਅਰਵਿੰਦ ਕੇਜਰੀਵਾਲ ਅਤੇ ਹੋਰ ਕੈਬਨਿਟ ਮੰਤਰੀਆਂ ਦੇ ਪੁੱਜਣ ਤੋਂ ਕੁਝ ਸਮਾਂ ਪਹਿਲਾਂ ਪੁਲੀਸ ਵੱਲੋਂ ਇੱਕ ਔਰਤ ਨੂੰ ਕਾਬੂ ਕੀਤਾ ਗਿਆ। ਦੇਖਣ ਵਿੱਚ ਇੰਝ ਲੱਗ ਰਿਹਾ ਸੀ ਕਿ ਜਿਵੇਂ ਔਰਤ ਵੱਲੋਂ ਕੋਈ ਸੰਘਰਸ਼ ਕੀਤਾ ਜਾ ਰਿਹਾ ਹੋਵੇ ਪਰ ਉਸ ਬੀਬੀ ਤੋਂ ਪੁੱਛਣ ’ਤੇ ਉਸ ਨੇ ਕੁੱਝ ਨਹੀਂ ਦੱਸਿਆ। ਉੱਧਰ, ਪੁਲੀਸ ਨੇ ਵੀ ਇਸ ਬਾਰੇ ਕੁਝ ਨਹੀਂ ਦੱਸਿਆ। ਜ਼ਿਕਰਯੋਗ ਹੈ ਕਿ ਪੁਲੀਸ ਵੱਲੋਂ ਪੂਰੇ ਇੰਤਜ਼ਾਮ ਕੀਤੇ ਹੋਏ ਸੀ ਕਿ ਕੋਈ ਵੀ ਸੰਘਰਸ਼ਸ਼ੀਲ ਵਿਅਕਤੀ ਅੰਦਰ ਪੰਡਾਲ ਵਿੱਚ ਨਾ ਜਾ ਸਕੇ। ਪੁਲੀਸ ਦੀ ਕਈ ਥਾਵਾਂ ’ਤੇ ਲੋਕਾਂ ਨਾਲ ਬਹਿਸ ਵੀ ਹੁੰਦੀ ਦਿਖੀ।