ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਪਰੈਲ
ਕੇਂਦਰ ਸਰਕਾਰ ਨੇ ਅੱਜ ਪੰਜਾਬ ਨੂੰ ਨਵਾਂ ਝਟਕਾ ਦਿੰਦੇ ਹੋਏ ਕਣਕ ਦੀ ਖਰੀਦ ਲਈ ਸਿੱਧੀ ਅਦਾਇਗੀ ਬਾਰੇ ਪੰਜਾਬ ਸਰਕਾਰ ਦੀ ਮੰਗ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਮੋਦੀ ਸਰਕਾਰ ਦੀ ਇਸ ਨਾਂਹ ਨਾਲ ਪੰਜਾਬ ’ਚ ਹੁਣ ਜਿਣਸ ਦੀ ਸਿੱਧੀ ਅਦਾਇਗੀ ਵਾਲਾ ਕੇਂਦਰੀ ਫਾਰਮੂਲਾ ਲਾਗੂ ਹੋਣ ਦੇ ਆਸਾਰ ਬਣ ਗਏ ਹਨ। ਕੇਂਦਰ ਸਰਕਾਰ ਦੀ ਦੋ-ਹਰਫ਼ੀ ਨਾਂਹ ਨੇ ਪੰਜਾਬ ਦੇ ਆੜ੍ਹਤੀਆਂ ਨੂੰ ਹਲੂਣ ਦਿੱਤਾ ਹੈ ਜਦੋਂ ਕਿ ਪੰਜਾਬ ਸਰਕਾਰ ਆੜ੍ਹਤੀਆਂ ਦੇ ਪੱਖ ’ਚ ਕੇਂਦਰ ਸਰਕਾਰ ਅੱਗੇ ਕੋਈ ਠੋਸ ਸਟੈਂਡ ਨਹੀਂ ਲੈ ਸਕੀ। ਉਂਜ, ਕੇਂਦਰ ਨੇ ਸਿੱਧੀ ਅਦਾਇਗੀ ਲਈ ਜ਼ਮੀਨੀ ਰਿਕਾਰਡ ਆਨਲਾਈਨ ਕਰਨ ਦੇ ਅਮਲ ਨੂੰ ਛੇ ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ।