ਨਵੀਂ ਦਿੱਲੀ: ਪੱਛਮੀ ਬੰਗਾਲ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿਚ ਕਿਹਾ ਕਿ ਰਾਜ ਸਰਕਾਰ ਵੱਲੋਂ ਗਠਿਤ ਕਮਿਸ਼ਨ ਉਦੋਂ ਤੱਕ ਅਗਲੀ ਕਾਰਵਾਈ ਨਹੀਂ ਕਰੇਗਾ ਜਦ ਤੱਕ ਸਿਖ਼ਰਲੀ ਅਦਾਲਤ ਪੈਗਾਸਸ ਜਾਸੂਸੀ ਕਾਂਡ ਨਾਲ ਜੁੜੀਆਂ ਪਟੀਸ਼ਨਾਂ ਦੀ ਸੁਣਵਾਈ ਕਰ ਰਹੀ ਹੈ। ਪੈਗਾਸਸ ਕਾਂਡ ਦੀ ਜਾਂਚ ਲਈ ਸੂਬਾ ਸਰਕਾਰ ਨੇ ਸੇਵਾਮੁਕਤ ਸੁਪਰੀਮ ਕੋਰਟ ਜੱਜ ਮਦਨ ਬੀ. ਲੋਕੁਰ ਦੀ ਅਗਵਾਈ ਵਿਚ ਦੋ ਮੈਂਬਰੀ ਜਾਂਚ ਕਮਿਸ਼ਨ ਗਠਿਤ ਕੀਤਾ ਸੀ। ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਪਟੀਸ਼ਨਕਰਤਾ ਵੱਲੋਂ ਪੇਸ਼ ਹੁੰਦਿਆਂ ਕਮਿਸ਼ਨ ਨੂੰ ਖਾਰਜ ਕਰਨ ਦੀ ਮੰਗ ਕੀਤੀ। ਬੰਗਾਲ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮੰਨੂ ਸਿੰਘਵੀ ਨੇ ਸਾਲਵੇ ਦੀ ਦਲੀਲ ਦਾ ਵਿਰੋਧ ਕੀਤਾ। ਇਸ ’ਤੇ ਚੀਫ਼ ਜਸਟਿਸ ਐਨ.ਵੀ. ਰਾਮੰਨਾ ਨੇ ਸਿੰਘਵੀ ਨੂੰ ਕਿਹਾ ਕਿ ਅਦਾਲਤ ਆਸ ਕਰਦੀ ਹੈ ਕਿ ਫ਼ਿਲਹਾਲ ਉਡੀਕ ਕੀਤੀ ਜਾਵੇ। -ਪੀਟੀਆਈ