ਨਵੀਂ ਦਿੱਲੀ, 19 ਜੁਲਾਈ
ਇਸੇ ਦੌਰਾਨ ਪੈਗਾਸਸ ਸਪਾਈਵੇਅਰ ਮੁੱਦੇ ਨੂੰ ਕਾਂਗਰਸ ਨੇ ਕੇਂਦਰ ਸਰਕਾਰ ’ਤੇ ‘ਦੇਸ਼ਧ੍ਰੋਹ’ ਅਤੇ ਕੌਮੀ ਸੁਰੱਖਿਆ ਨਾਲ ਸਮਝੌਤਾ ਕਰਨ ਦਾ ਦੋਸ਼ ਲਾਇਆ ਹੈ। ਕਾਂਗਰਸ ਦੇ ਤਰਜਮਾਨ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਮੰਗ ਕੀਤੀ ਕਿ ਇਸ ਮੁੱਦੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਇਸ ਮਾਮਲੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭੂਮਿਕਾ ਦੀ ਜਾਂਚ ਹੋਣੀ ਚਾਹੀਦੀ ਹੈ। ਸੁਰਜੇਵਾਲਾ ਨੇ ਕਿਹਾ ਕਿ ਪੈਗਾਸਸ ਜਾਸੂਸੀ ਮਾਮਲੇ ਲਈ ਸ਼ਾਹ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਦੀ ਪਾਰਟੀ ਸ਼ਾਹ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਦੀ ਹੈ।
ਇਸੇ ਦੌਰਾਨ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਮੰਤਰੀ ਪੀ. ਚਿਦੰਬਰਮ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਵੱਲੋਂ ਲੋਕ ਸਭਾ ਵਿੱਚ ਗ਼ੈਰਾਕਾਨੂੰਨੀ ਜਾਸੂਸੀ ਮੁੱਦੇ ਸਬੰਧੀ ਕੀਤੀ ਟਿੱਪਣੀ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਆਪਣੀ ਪਾਰੀ ਦੀ ਸ਼ੁਰੂਆਤ ‘ਗਲਤ ਕਦਮ’ ਨਾਲ ਕੀਤੀ ਹੈ। ਚਿਦੰਬਰਮ ਨੇ ਟਵੀਟ ਕੀਤਾ ਕਿ ਜੇਕਰ ਸਰਕਾਰ ਨੇ ਪੈਗਾਸਸ ਸਾਫਟਵੇਅਰ/ਸਪਾਈਵੇਅਰਸ ਹਾਸਲ ਕੀਤਾ ਹੈ ਤਾਂ ਆਈਟੀ ਮੰਤਰੀ ਵੈਸ਼ਨਵ ਨੂੰ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ। -ਪੀਟੀਆਈ