ਨਵੀਂ ਦਿੱਲੀ: ਇਜ਼ਰਾਇਲੀ ਸਪਾਈਵੇਅਰ ‘ਪੈਗਾਸਸ’ ਜ਼ਰੀਏ ਭਾਰਤ ਵਿੱਚ ਕਈ ਲੋਕਾਂ ਦੀ ਕੀਤੀ ਕਥਿਤ ਜਾਸੂਸੀ ਮਾਮਲੇ ਦੀ ਨਿਰਪੱਖ ਜਾਂਚ ਕਰਵਾਏ ਜਾਣ ਦੀ ਮੰਗ ਕਰਦੀਆਂ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਵੱਲੋਂ ਸੋਮਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਚੀਫ਼ ਜਸਟਿਸ ਐੱਨ.ਵੀ.ਰਾਮੰਨਾ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ 7 ਸਤੰਬਰ ਨੂੰ ਕੇਂਦਰ ਵੱਲੋਂ ਜਵਾਬ ਦਾਅਵੇ ਲਈ ਹੋਰ ਸਮਾਂ ਮੰਗੇ ਜਾਣ ’ਤੇ ਕੇੇੇਸ ਦੀ ਅਗਲੀ ਸੁਣਵਾਈ 13 ਸਤੰਬਰ ਲਈ ਅੱਗੇ ਪਾ ਦਿੱਤੀ ਸੀ। ਸਰਕਾਰ ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਪਿਛਲੀ ਸੁਣਵਾਈ ਦੌਰਾਨ ਦਾਅਵਾ ਕੀਤਾ ਸੀ ਕਿ ਕੁਝ ਮੁਸ਼ਕਲਾਂ ਕਰਕੇ ਉਹ ਸਬੰਧਤ ਅਧਿਕਾਰੀਆਂ ਨੂੰ ਨਹੀਂ ਮਿਲ ਸਕੇ, ਜਿਸ ਕਰਕੇ ਸਰਕਾਰ ਵੱਲੋਂ ਦੂਜਾ ਹਲਫ਼ਨਾਮਾ ਦਾਖ਼ਲ ਕਰਨ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਜਾ ਸਕਿਆ। ਚੇਤੇ ਰਹੇ ਕਿ ਸਿਖਰਲੀ ਅਦਾਲਤ ਨੇ ਪਟੀਸ਼ਨਾਂ ਦੇ ਆਧਾਰ ’ਤੇ ਕੇਂਦਰ ਸਰਕਾਰ ਨੂੰ 17 ਅਗਸਤ ਨੂੰ ਜਾਰੀ ਨੋਟਿਸ ਵਿੱਚ ਸਾਫ਼ ਕਰ ਦਿੱਤਾ ਸੀ ਕਿ ਉਹ ਨਹੀਂ ਚਾਹੁੰਦੀ ਕਿ ਸਰਕਾਰ ਅਜਿਹਾ ਕੋਈ ਵੀ ਖੁਲਾਸਾ ਕਰੇ, ਜਿਸ ਨਾਲ ਕੌਮੀ ਸੁਰੱਖਿਆ ਨਾਲ ਸਮਝੌਤਾ ਹੁੰਦਾ ਹੋਵੇ। -ਪੀਟੀਆਈ