ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਸਤੰਬਰ
ਵਿਰੋਧੀ ਧਿਰ ਦੇ ਨੇਤਾ ਅਤੇ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਰੋਹ ਦੇ ਡਰੋਂ ਹਰਸਿਮਰਤ ਨੇ ਅਸਤੀਫ਼ਾ ਦਿੱਤਾ ਹੈ। ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨੀ ਦੀ ਪਿੱਠ ਵਿਚ ਛੁਰਾ ਮਾਰਿਆ। ਉਨ੍ਹਾਂ ਕਿਹਾ ਕਿ ਹਰਸਿਮਰਤ ਦੀ ਹਾਜ਼ਰੀ ਵਾਲੀ ਕੈਬਨਿਟ ਮੀਟਿੰਗ ਵਿਚ ਆਰਡੀਨੈਂਸਾਂ ਦਾ ਫ਼ੈਸਲਾ ਹੋਇਆ। ਹੁਣ ਜਦੋਂ ਕਿਸਾਨਾਂ ਨੇ ਪਿੰਡਾਂ ਵਿਚ ਅਕਾਲੀ ਦਲ ਨੂੰ ਨਾ ਵੜਨ ਦੇਣ ਦਾ ਫ਼ੈਸਲਾ ਕਰ ਲਿਆ ਤਾਂ ਅਸਤੀਫ਼ਾ ਦੇਣਾ ਪਿਆ ਹੈ। ਚੀਮਾ ਨੇ ਕਿਹਾ ਕਿ ਅਸਤੀਫ਼ਾ ਹਾਲੇ ਪ੍ਰਵਾਨ ਨਹੀਂ ਹੋਇਆ ਅਤੇ ਹੋ ਸਕਦਾ ਹੈ ਕਿ ਇਸ ਪਿੱਛੇ ਵੀ ਅਕਾਲੀ ਦਲ ਦੀ ਸਾਜ਼ਿਸ਼ ਹੋਵੇ।
ਅਕਾਲੀ ਦਲ ਦੀ ਨੀਅਤ ’ਚ ਖੋਟ: ਬਾਜਵਾ
ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਟਵੀਟ ਕਰਕੇ ਆਖਿਆ ਕਿ ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਤਾਂ ਦੇ ਦਿੱਤਾ ਹੈ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਹਾਲੇ ਐੱਨ.ਡੀ.ਏ ਦਾ ਹਿੱਸਾ ਹੈ। ਐੱਨ.ਡੀ.ਏ ਦਾ ਹਿੱਸਾ ਬਣੇ ਰਹਿਣਾ ਸ਼੍ਰੋਮਣੀ ਅਕਾਲੀ ਦਲ ਦੀ ਨੀਅਤ ਨੂੰ ਸਾਬਿਤ ਕਰਦਾ ਹੈ।