ਲਖਨਊ, 11 ਜਨਵਰੀ
ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕਿਹਾ ਕਿ ਸੂਬੇ ਦੇ ਲੋਕ ਉਨ੍ਹਾਂ ਦੀ ਪਾਰਟੀ ਨੂੰ ਭਾਜਪਾ ਦੇ ਵਿਕਲਪ ਵਜੋਂ ਦੇਖਦੇ ਹਨ ਤੇ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਉਹ ਭਗਵਾਂ ਪਾਰਟੀ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਕਿਸਾਨਾਂ ਤੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ ਜਦਕਿ ਇਸਦੇ ਸ਼ਾਸਨ ਕਾਲ ’ਚ ਡੀਜ਼ਲ, ਪੈਟਰੋਲ ਤੇ ਖਾਦਾਂ ਦੀਆਂ ਕੀਮਤਾਂ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਉਨ੍ਹਾਂ ਸਮਾਜਵਾਦੀ ਪਾਰਟੀ ਦੇ ਹੈੱਡਕੁਆਰਟਰ ’ਤੇ ਪਾਰਟੀ ਕਾਰਕੁਨਾਂ ਦੀ ਮੀਟਿੰਗ ਮੌਕੇ ਸੰਬੋਧਨ ਕਰਦਿਆਂ ਕਿਹਾ,‘ਸੂਬੇ ਦੇ ਲੋਕ ਸਮਾਜਵਾਦੀ ਪਾਰਟੀ ਨੂੰ ਭਾਜਪਾ ਦੇ ਵਿਕਲਪ ਵਜੋਂ ਵੇਖਦੇ ਹਨ ਤੇ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਉਹ ਇਸ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ ਤੇ ਸਮਾਜਵਾਦੀ ਪਾਰਟੀ ਦੀ ਸਰਕਾਰ ਬਣਾਉਣਗੇ।’ ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ਸਮਾਜਵਾਦੀ ਪਾਰਟੀ ਸੱਤਾ ’ਚ ਆਉਂਦੀ ਹੈ ਤਾਂ ਇਸ ਵੱਲੋਂ 300 ਯੂਨਿਟ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਮੁਫ਼ਤ ਲੈਪਟਾਪ ਦੇਣ ਤੋਂ ਇਲਾਵਾ ਕਿਸਾਨਾਂ ਲਈ ਮੁਫ਼ਤ ਸਿੰਜਾਈ ਸਬੰਧੀ ਪ੍ਰਬੰਧ ਕੀਤੇ ਜਾਣਗੇ। ਸਾਬਕਾ ਮੁੱਖ ਮੰਤਰੀ ਸ੍ਰੀ ਯਾਦਵ ਨੇ ਕਿਹਾ,‘ਪਾਰਟੀ ਸਾਰੇ ਵਰਗਾਂ ਨੂੰ ਨਾਲ ਲੈ ਕੇ ਅੱਗੇ ਵਧ ਰਹੀ ਹੈ ਤੇ ਇਸ ਨੇ ਖੇਤਰੀ ਪਾਰਟੀਆਂ ਨਾਲ ਗੱਠਜੋੜ ਕੀਤਾ ਹੈ। ਇਸ ਵਾਰ ਪੁਰਾਣੇ ਮੁੱਦਿਆਂ ਨਾਲ ਗੱਲ ਨਹੀਂ ਬਣੇਗੀ। ਪਾਰਟੀ ਵੱਲੋਂ ਪਿਛਲੇ ਕੁਝ ਸਾਲਾਂ ਤੋਂ ਆਪਣੇ ਕਾਰਕੁਨਾਂ ਨੂੰ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਤੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ ਲੋਕਾਂ ਤੱਕ ਪਹੁੰਚਾਉਣ ਲਈ ਟਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸਾਰੇ ਵਾਅਦੇ ਅਤੇ ਇਸ਼ਤਿਹਾਰ ਸਪੱਸ਼ਟ ਝੂਠ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਹਮੇਸ਼ਾ ਔਰਤਾਂ ਦਾ ਸਨਮਾਨ ਕੀਤਾ ਹੈ ਤੇ ਉਨ੍ਹਾਂ ਦੀ ਭਲਾਈ ਲਈ ਕਈ ਯੋਜਨਾਵਾਂ ਚਲਾਈਆਂ ਹਨ। -ਪੀਟੀਆਈ