ਨਵੀਂ ਦਿੱਲੀ, 10 ਅਗਸਤ
ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ‘ਆਪ’ ਆਗੂ ਸਤੇਂਦਰ ਜੈਨ ਨੂੰ ‘ਅਸਥਿਰ ਦਿਮਾਗ ਵਾਲਾ ਵਿਅਕਤੀ’ ਐਲਾਨਣ ਤੇ ਉਸ ਨੂੰ ਵਿਧਾਇਕ ਤੇ ਮੰਤਰੀ ਵਜੋਂ ਅਯੋਗ ਕਰਾਰ ਦੇਣ ਦੀ ਮੰਗ ਕਰਦੀ ਪਟੀਸ਼ਨ ਦਿੱਲੀ ਹਾਈ ਕੋਰਟ ’ਚ ਦਾਇਰ ਕੀਤੀ ਗਈ ਹੈ। ਚੀਫ ਜਸਟਿਸ ਸਤੀਸ਼ ਚੰਦਰ ਸ਼ਰਮਾ ਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੇ ਬੈਂਚ ਸਾਹਮਣੇ ਇਹ ਪਟੀਸ਼ਨ 16 ਅਗਸਤ ਨੂੰ ਸੁਣਵਾਈ ਲਈ ਸੂਚੀਬੱਧ ਹੈ। ਹਾਈ ਕੋਰਟ ਨੇ ਜੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਮੰਡਲ ’ਚੋਂ ਮੁਅੱਤਲ ਕਰਨ ਸਬੰਧੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਇਹ ਫ਼ੈਸਲਾ ਮੁੱਖ ਮੰਤਰੀ ਨੇ ਲੈਣਾ ਹੈ ਕਿ ਅਪਰਾਧਿਕ ਪਿਛੋਕੜ ਵਾਲਾ ਵਿਅਕਤੀ ਮੰਤਰੀ ਬਣਿਆ ਰਹੇ ਜਾਂ ਨਹੀਂ। ਤਾਜ਼ਾ ਮਾਮਲੇ ’ਚ ਪਟੀਸ਼ਨਰ ਆਸ਼ੀਸ਼ ਕੁਮਾਰ ਸ੍ਰੀਵਾਸਤਵ ਨੇ ਦਾਅਵਾ ਕੀਤਾ ਹੈ ਕਿ ਜੈਨ ਨੇ ਈਡੀ ਸਾਹਮਣੇ ਐਲਾਨ ਕੀਤਾ ਹੈ ਕਿ ਉਸ ਦੀ ਯਾਦ ਸ਼ਕਤੀ ਕਮਜ਼ੋਰ ਹੋ ਗਈ ਹੈ। -ਪੀਟੀਆਈ